ਡੀਜੀਪੀ ਸਬੰਧੀ ਕੇਂਦਰ ਨੇ ਪੰਜਾਬ ਤੋਂ ਮੰਗੀ ਜਾਂਚ ਰਿਪੋਰਟ

ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਸੂਬੇ ਅੰਦਰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਕਾਂਗਰਸ ਦੀ ਟਿਕਟ ‘ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਕੈਬਨਿਟ ਮੰਤਰੀ ਬਣੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਡੀਜੀਪੀ (ਪੰਜਾਬ ਹੋਮ ਗਾਰਡ) ‘ਤੇ ਲੱਗੇ ਦੋਸ਼ਾਂ ਸਬੰਧੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਜਾਂਚ ਰਿਪੋਰਟ ਮੰਗੀ ਹੈ ਮੁਹੰਮਦ ਮੁਸਤਫ਼ਾ ‘ਤੇ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਤੱਤਕਾਲੀਨ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਆਪਣੀ ਪਤਨੀ ਰਜ਼ੀਆ ਸੁਲਤਾਨਾ ਲਈ ਚੋਣ ਪ੍ਰਚਾਰ ਕਰਨ ਦੇ ਦੋਸ਼ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਗ੍ਰਹਿ ਵਿਭਾਗ ਨੇ ਪੰਜਾਬ ਗ੍ਰਹਿ ਦੇ ਮੁੱਖ ਸਕੱਤਰ ਨੂੰ ਇਸ ਮਾਮਲੇ ਸਬੰਧੀ ਜਾਂਚ–ਪੜਤਾਲ ਕਰਕੇ ਜਲਦ ਤੋਂ ਜਲਦ ਰਿਪੋਰਟ ਭੇਜਣ ਲਈ ਕਿਹਾ ਹੈ।

ਇਸ ਸਬੰਧੀ ਸ਼ਿਕਾਇਤਕਰਤਾ ਮਾਲੇਰਕੋਟਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਨਾਬ ਸਿਰਾਜ ਮਲਿਕ ਨੇ ਦੱਸਿਆ ਕਿ ਬੀਤੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਮੁੱਖ ਚੋਣ ਕਮਿਸ਼ਨਰ ਸਮੇਤ ਕੇਂਦਰ ਸਰਕਾਰ ਨੂੰ ਇੱਕ ਸ਼ਿਕਾਇਤ ਭੇਜੀ ਸੀ, ਜਿਸ ‘ਚ ਜਿਕਰ ਕੀਤਾ ਸੀ ਕਿ ਉਸ ਸਮੇਂ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਡੀਜੀਪੀ ਮੁਹੰਮਦ ਮੁਸਤਫ਼ਾ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਕਾਂਗਰਸੀ ਟਿਕਟ ‘ਤੇ ਚੋਣ ਲੜ ਰਹੀ ਆਪਣੀ ਪਤਨੀ ਰਜ਼ੀਆ ਸੁਲਤਾਨਾ ਲਈ ਚੋਣ ਪ੍ਰਚਾਰ ਕਰ ਰਹੇ ਹਨ ਤੇ ਲੋਕਾਂ ਨੂੰ ਰਜ਼ੀਆ ਦੇ ਹੱਕ ‘ਚ ਵੋਟਾਂ ਪਾਉਣ ਲਈ ਡਰਾ-ਧਮਕਾ ਰਹੇ ਹਨ ।

ਜਿਕਰਯੋਗ ਹੈ ਕਿ ਸ਼ਿਕਾਇਤਕਰਤਾ ਵੱਲੋਂ ਇਸ ਸਬੰਧੀ ਜਨਵਰੀ ‘ਚ ਵੀ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਉਸ ਉੱਪਰ ਰੋਕ ਲਗਾਕੇ ਕਾਰਵਾਈ ਦੀ ਮੰਗ ਕੀਤੀ ਸੀ, ਪਰ ਮਾਣਯੋਗ ਕੋਰਟ ਨੇ ਇਹ ਕਹਿਕੇ ਪਟੀਸ਼ਨ ਖਾਰਜ ਕਰ ਦਿੱਤੀ ਸੀ ਕਿ ਮਾਮਲੇ ਸਬੰਧੀ ਸਾਰੇ ਅਧਿਕਾਰ ਅਥਾਰਟੀ ਚੋਣ ਕਮਿਸ਼ਨਰ ਕੋਲ ਹਨ ਇਹ ਵੀ ਪਤਾ ਲੱਗਾ ਹੈ ਕਿ ਗ੍ਰਹਿ ਵਿਭਾਗ ਪੰਜਾਬ ਨੇ ਬੀਤੇ ਦਿਨੀਂ ਕੇਂਦਰ ਗ੍ਰਹਿ ਵਿਭਾਗ ਤੋਂ ਮਿਲੇ ਹੁਕਮਾਂ ਉੱਪਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਇਸ ਸਬੰਧੀ ਜਦੋਂ ਸਾਰੀ ਸਥਿਤੀ ਜਾਨਣ ਬਾਰੇ ਮੁਹੰਮਦ ਮੁਸਤਫ਼ਾ ਨਾਲ ਫੋਨ ‘ਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ।