ਧਾਰਾ 370 ਤੋੜਨ ਖਿਲਾਫ਼ ਜਨਤਕ ਧਿਰਾਂ ਵੱਲੋਂ ਬਠਿੰਡਾ ‘ਚ ਮੁਜ਼ਾਹਰਾ

Public, Bathinda, Against, Breaking, Article 370

ਬਠਿੰਡਾ (ਅਸ਼ੋਕ ਵਰਮਾ)। ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ, ਪੰਜਾਬ ‘ਚ ਸ਼ਾਮਲ ਜੱਥੇਬੰਦੀਆਂ ਵੱਲੋਂ ਅੱਜ ਬਠਿੰਡਾ ਦੀ ਦਾਣਾ ਮੰਡੀ ਵਿੱਚ ਕੇਂਦਰ ਸਰਕਾਰ ਵੱਲੋਂ ਧਾਰਾ 370 ਤੇ 35 ਏ ਨੂੰ ਤੋੜਨ ਤੇ ਜੰਮੂ ਕਸ਼ਮੀਰ ਨੂੰ ਵੰਡਕੇ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦੇ ਕੀਤੇ ਫੈਸਲੇ ਨੂੰ ਵਾਪਸ ਲੈਣ, ਕਸ਼ਮੀਰ ‘ਚੋਂ ਸੁਰੱਖਿਆ ਦਸਤੇ ਵਾਪਸ ਬੁਲਾਉਣ, ਕਾਰਪੋਰੇਟ ਘਰਾਣਿਆਂ ਨੂੰ ਦਿੱਤੀਆਂ ਖੁੱਲ੍ਹਾਂ ਨੂੰ ਬੰਦ ਕਰਾਉਣ, ਪਾਬੰਦੀਆਂ ਖਤਮ ਕਰਨ, ਗ੍ਰਿਫਤਾਰ ਲੋਕਾਂ ਦੀ ਰਿਹਾਈ ਤੇ ਅਫ਼ਸਪਾ ਕਾਨੂੰਨ ਖਤਮ ਕਰਵਾਉਣ ਤੇ ਕਸ਼ਮੀਰੀ ਲੋਕਾਂ ਨਾਲ ਇੱਕਮੁੱਠਤਾ ਪ੍ਰਗਟਾਉਣ ਲਈ ਇੱਕ ਵਿਸ਼ਾਲ ਰੈਲੀ ਕਰਨ ਉਪਰੰਤ ਸ਼ਹਿਰ ਅੰਦਰ ਮਾਰਚ ਕੀਤਾ ਗਿਆ। (Article 370)

ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਨੂੰ ਕਾਨੂੰਨੀ ਸੁਰੱਖਿਆ ਮੰਗਣ ਦੀ ਬਜਾਏ ਸੱਚ ਦਾ ਸਾਹਮਣਾ ਕਰਨ ਦੀ ਚੁਣੌਤੀ

ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਔਰਤ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਹਰਿੰਦਰ ਬਿੰਦੂ, ਸ਼ਿਗਾਰਾ ਸਿੰਘ ਮਾਨ, ਮੋਠੂ ਸਿੰਘ ਕੋਟੜਾ, ਹਰਜਿੰਦਰ ਸਿੰਘ ਬੱਗੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜ਼ੋਰਾ ਸਿੰਘ ਨਸਰਾਲੀ, ਸੇਵਕ ਸਿੰਘ ਮਹਿਮਾ ਸਰਜਾ, ਤੀਰਥ ਸਿੰਘ ਕੋਠਾਗੁਰੂ ਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਕੁਮਾਰ ਘੁੱਦਾ ਆਦਿ ਆਗੂਆਂ ਨੇ ਕਿਹਾ ਕਿ ਭਾਰਤੀ ਹਾਕਮਾਂ ਨੇ 72 ਸਾਲ ਪਹਿਲਾਂ ਵਾਅਦਾ ਕੀਤਾ ਸੀ ਕਿ ਅਮਨ-ਅਮਾਨ ਹੋਣ ‘ਤੇ ਰਾਏ-ਸ਼ੁਮਾਰੀ ਕਰਵਾਕੇ ਉੱਥੋਂ ਦੇ ਲੋਕਾਂ ਨੂੰ ਸਵੈ-ਨਿਰਣੇ ਦਾ ਹੱਕ ਦਿੱਤਾ ਜਾਵੇਗਾ। (Article 370)

ਪਰ ਹੁਣ ਤੱਕ ਬਣੀਆਂ ਸਭ ਪਾਰਟੀਆਂ ਦੀਆਂ ਸਰਕਾਰਾਂ ਨੇ ਕਸ਼ਮੀਰੀ ਲੋਕਾਂ ਦੀ ਮੰਗ ਪੂਰੀ ਕਰਨ ਦੀ ਬਜਾਏ ਆਪਣੇ ਮਨਸੂਬਿਆਂ ਦੀ ਪੂਰਤੀ ਲਈ ਤਾਕਤ ਦੀ ਵਰਤੋਂ ਕਰਨ ਦੇ ਨਾਲ ਅਫ਼ਸਪਾ ਵਰਗੇ ਕਾਨੂੰਨਾਂ ਦੀ ਸਹਾਇਤਾ ਨਾਲ ਕਸ਼ਮੀਰ ਨੂੰ ਦਬਾਕੇ ਰੱਖਿਆ। ਉਨ੍ਹਾਂ ਆਖਿਆ ਕਿ ਮੌਜੂਦਾ ਕੇਂਦਰ ਸਰਕਾਰ ਨੇ ਤਾਂ ਸਭ ਕਿਸਮ ਦੇ ਸੰਚਾਰ ਸਾਧਨਾਂ ਨੂੰ ਬੰਦ ਕਰਕੇ ਦੁਨੀਆਂ ਨਾਲੋਂ ਕਸ਼ਮੀਰ ਨੂੰ ਕੱਟ ਦਿੱਤਾ ਹੈ ਤੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸ ਮੌਕੇ ਜਸਵੀਰ ਸਿੰਘ ਬੁਰਜ ਸੇਮਾ, ਮੋਹਣਾ ਸਿੰਘ ਚੱਠੇਵਾਲ, ਬਲਜੀਤ ਸਿੰਘ ਪੂਹਲਾ, ਮਾਸਟਰ ਸੁਖਦੇਵ ਸਿੰਘ ਜਵੰਦਾ, ਅਮਰੀਕ ਸਿੰਘ ਸਿਵੀਆਂ, ਬਲਵਿੰਦਰ ਸਿੰਘ ਮਾਲੀ, ਜਰਨੈਲ ਸਿੰਘ ਚਨਾਰਥਲ ਆਦਿ ਆਗੂਆਂ ਨੇ ਵਿਚਾਰ ਪੇਸ਼ ਕਰਦਿਆਂ ਲੋਕਾਂ ਨੂੰ ਕਸ਼ਮੀਰੀ ਲੋਕਾਂ ਦੇ ਹੱਕਾਂ ਲਈ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।