ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਵਾਂਗ 12 ਹਜ਼ਾਰ ਰੁਪਏ ਮਿਲੇ ਮੁਆਵਜ਼ਾ : ਪੰਜਾਬ ਭਾਜਪਾ

ਪੰਜਾਬ ਭਾਜਪਾ ਨੇ ਕਾਂਗਰਸ ਸਰਕਾਰ ਤੋਂ ਕੀਤੀ ਮੰਗ

ਚੰਡੀਗੜ੍ਹ, (ਸੱਚ ਕਹੂੰ ਨਿਊਜ਼) । ਪੰਜਾਬ ਵਿੱਚ ਦੋ ਦਰਜਨ ਤੋਂ ਵੱਧ ਕਿਸਾਨਾਂ ਦੀ ਫਸਲ ਸੜਨ ਦੇ ਮਾਮਲੇ ਵਿੱਚ ਪੰਜਾਬ ਭਾਜਪਾ ਨੇ ਕਾਂਗਰਸ ਸਰਕਾਰ ਨੂੰ ਹਰਿਆਣਾ ਦੀ ਤਰਜ਼ ‘ਤੇ 8 ਹਜ਼ਾਰ ਰੁਪਏ ਦੀ ਥਾਂ ‘ਤੇ ਪੀੜਤ ਕਿਸਾਨਾਂ ਨੂੰ 12 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕਰ ਦਿੱਤੀ ਹੈ ਹਾਲਾਂਕਿ ਪੰਜਾਬ ਭਾਜਪਾ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕਰਦੀ ਆਈ ਹੈ ਪਰ ਜਦੋਂ ਤੱਕ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਸਬੰਧੀ ਸਰਕਾਰ ਫੈਸਲਾ ਨਹੀਂ ਕਰ ਲੈਂਦੀ ਹੈ, ਉਸ ਸਮੇਂ ਤੱਕ ਹਰਿਆਣਾ ਦੀ ਤਰਜ਼ ‘ਤੇ ਤਾਂ ਕਿਸਾਨਾਂ ਨੂੰ ਜ਼ਰੂਰ ਰਾਹਤ ਦਿੱਤੀ ਜਾਵੇ।

ਭਾਜਪਾ ਦੀ ਸੂਬਾ ਇਕਾਈ ਦੇ ਉਪ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸੂਬਾ ਸਕੱਤਰ ਵਿਨੀਤ ਜੋਸ਼ੀ ਅਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਸੁਖਪਾਲ ਸਿੰਘ ਨੰਨੂ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਓ.ਪੀ. ਧਨਖੜ ਨੇ ਹਰਿਆਣਾ ਦੇ ਕਿਸਾਨਾਂ ਨੂੰ 12 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ, ਜਿਨਾਂ ਦੀ ਕਣਕ ਦੀ ਫਸਲ ਸੜ ਕੇ ਸੁਆਹ  ਹੋ ਗਈ ਹੈ ਅਤੇ ਹੁਣ ਹਰਿਆਣਾ ਸਰਕਾਰ ਦੀ ਤਰਾਂ ਬਿਨਾਂ ਸਮਾਂ ਗਵਾਏ ਪੰਜਾਬ ਸਰਕਾਰ ਨੂੰ ਵੀ ਆਪਣੇ ਸੂਬੇ ਦੇ ਕਿਸਾਨਾਂ ਦੀ ਖਸਤਾ ਹਾਲਤ ਨੂੰ ਦੇਖਦਿਆਂ ਅਜਿਹਾ ਕਦਮ ਚੁੱਕਣਾ ਚਾਹੀਦਾ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਪੰਜਾਬ ਦੇ 20 ਜ਼ਿਲਿਆਂ ਵਿਚ 2800 ਏਕੜ ਵਿਚ ਖੜੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ ਹੈ, ਜਦੋਂ ਕਿ ਹਕੀਕਤ ਵਿਚ ਇਹ ਅੰਕੜਾ ਜਿਆਦਾ ਵੀ ਹੋ ਸਕਦਾ ਹੈ।