ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। (Clerks Jobs)
ਇਹ ਵੀ ਪੜ੍ਹੋ : 23 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੜ੍ਹੇ ਪੁਲਿਸ ਅੜਿੱਕੇ
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਉਨਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਸਮੂਹ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ (69 ਸੁਰਜੀਤ ਕੀਤੀਆਂ ਆਸਾਮੀਆਂ ਸਮੇਤ) ਭਰਨ ਦੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ। (Clerks Jobs)
ਇਨਾਂ ਆਸਾਮੀਆਂ ਉਤੇ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚੱਲ ਸਕੇਗਾ ਅਤੇ ਇੱਥੇ ਆਉਣ ਵਾਲੇ ਲੋਕਾਂ ਨੂੰ ਸਹੂਲਤ ਹੋਵੇਗੀ। ਇਸੇ ਤਰਾਂ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਵੀ ਮਿਲੇਗਾ ਅਤੇ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ।