ਸਾਡੇ ਨਾਲ ਸ਼ਾਮਲ

Follow us

9.4 C
Chandigarh
Thursday, January 22, 2026
More
    Home Breaking News ਸੋਮਵਾਰ ਤੋਂ ਖੁ...

    ਸੋਮਵਾਰ ਤੋਂ ਖੁੱਲ੍ਹਣਗੇ 10 ਤੋਂ 12 ਤੱਕ ਦੇ ਸਕੂਲ, ਅਧਿਆਪਕਾਂ ਲਈ ਵੈਕਸੀਨ ਤਾਂ ਮਾਪਿਆ ਲਈ ਇਜਾਜ਼ਤ ਦੇਣਾ ਜਰੂਰੀ

    Punjab Schools Reopen Sachkahoon

    ਕੋਰੋਨਾ ਮਹਾਂਮਾਰੀ ’ਚ ਗਿਰਾਵਟ ਰਹੀਂ ਜਾਰੀ ਤਾਂ ਅਗਸਤ ਤੋਂ ਖੁਲ੍ਹ ਸਕਣਗੇ 8 ਅਤੇ 9 ਕਲਾਸ ਦੇ ਸਕੂਲ

    ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਪ੍ਰਾਈਵੇਟ ਸਕੂਲਾਂ ਨੂੰ ਰਾਹਤ

    ਅਸ਼ਵਨੀ ਚਾਵਲਾ, ਚੰਡੀਗੜ੍ਹ । ਆਖਰਕਾਰ ਲੰਬੇ ਇੰਤਜ਼ਾਰ ਤੋਂ ਬਾਅਦ ਪੰਜਾਬ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਸੋਮਵਾਰ 26 ਜੁਲਾਈ ਤੋਂ ਖੁੱਲ੍ਹਣ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੋਰੋਨਾ ਦੀ ਮੌਜੂਦਾ ਸਥਿਤੀ ਬਾਰੇ ਮੀਟਿੰਗ ਤੋਂ ਬਾਅਦ ਇਹ ਐਲਾਨ ਕਰ ਦਿੱਤਾ ਹੈ। ਹਾਲਾਂਕਿ ਸਕੂਲਾਂ ਖੁੱਲ੍ਹਣ ਤੋਂ ਪਹਿਲਾਂ ਸਰਕਾਰ ਵਲੋਂ ਤੈਅ ਕੀਤੇ ਗਏ ਮਾਪ-ਦੰਡ ਨੂੰ ਹਰ ਸਕੂਲ ਵਲੋਂ ਮੁਕੰਮਲ ਕਰਨਾ ਜਰੂਰੀ ਹੋਏਗਾ। ਇਸ ਵਿੱਚ ਅਧਿਆਪਕਾਂ ਅਤੇ ਸਟਾਫ਼ ਨੂੰ ਵੈਕਸੀਨ ਲਗੀ ਹੋਣੀ ਚਾਹੀਦੀ ਹੈ ਤਾਂ ਸਕੂਲ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੇ ਮਾਪਿਆ ਨੂੰ ਲਿਖਤੀ ਸਹਿਮਤੀ ਦੇਣੀ ਹੋਏਗੀ, ਉਸ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਜਾਏਗੀ। ਦੇਸ਼ ਸਣੇ ਪੰਜਾਬ ਵਿੱਚ ਲਗਾਤਾਰ ਕੋਰੋਨਾ ਦੀ ਗਤੀ ਕਾਫ਼ੀ ਜਿਆਦਾ ਹੌਲੀ ਹੋ ਗਈ ਹੈ, ਜੇਕਰ ਆਉਣ ਵਾਲੇ ਅਗਲੇ 10 ਦਿਨਾਂ ਵਿੱਚ ਕੋਰੋਨਾ ਦੀ ਰਫ਼ਤਾਰ ਇਸੇ ਤਰ੍ਹਾਂ ਡਿਗਦੀ ਰਹੀ ਤਾਂ 8 ਅਤੇ 9ਵੀਂ ਜਮਾਤ ਦੇ ਸਕੂਲ ਵੀ ਖੋਲ੍ਹ ਦਿੱਤੇ ਜਾਣਗੇ।

    ਇਥੇ ਹੀ ਪੰਜਾਬ ਵਿੱਚ ਖ਼ੁਸ਼ੀ ਦੇ ਮੌਕੇ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 150 ਵਿਅਕਤੀ ਕਰਨ ਜਦਕਿ ਬਾਹਰੀ ਇਕੱਠਾਂ ਲਈ 300 ਕਰ ਦਿੱਤੀ ਗਈ ਹੈ, ਪਰ ਸਮਰੱਥਾ ਦੀ ਉੱਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਹੋਵੇਗੀ।

    ਪੰਜਾਬ ਲਈ ਕੋਵਿਡ ਪਾਜੇਟਿਵਿਟੀ ਦਰ ਘਟ ਕੇ 0.3 ਫੀਸਦੀ ਤੱਕ ਹੋ ਜਾਣ ਅਤੇ ਮੁੜ ਪੈਦਾ ਹੋਣ ਦੀ ਗਿਣਤੀ 0.75 ਫੀਸਦੀ ਰਹਿਣ (ਕੌਮੀ ਔਸਤ ਨਾਲੋਂ ਘੱਟ) ਉੱਤੇ ਗੌਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਦਸਵੀਂ ਤੋਂ ਬਾਰ੍ਹਵੀਂ ਤੱਕ ਕਲਾਸਾਂ ਲਾਉਣ ਦੀ ਇਜਾਜ਼ਤ ਹੋਵੇਗੀ ਪਰ ਸਿਰਫ਼ ਉਹੀ ਅਧਿਆਪਕ ਅਤੇ ਸਟਾਫ ਨੂੰ ਫਿਜੀਕਲੀ ਹਾਜਰ ਹੋਣ ਦੀ ਆਗਿਆ ਹੋਵੇਗੀ ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਇਆ ਹੋਵੇ। ਉਨ੍ਹਾਂ ਨੇ ਆਦੇਸ਼ ਦਿੱਤਾ ਕਿ ਇਸ ਸਬੰਧ ਵਿਚ ਸਬੰਧਿਤ ਡਿਪਟੀ ਕਮਿਸ਼ਨਰਾਂ ਨੂੰ ਲਿਖਤੀ ਤੌਰ ਉੱਤੇ ਸੂਚਿਤ ਕਰਨਾ ਹੋਵੇਗਾ।

    ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜੇਕਰ ਸਥਿਤੀ ਕਾਬੂ ਹੇਠ ਰਹੀ ਤਾਂ ਬਾਕੀ ਕਲਾਸਾਂ ਵੀ ਇਸੇ ਤਰ੍ਹਾਂ 2 ਅਗਸਤ, 2021 ਤੋਂ ਖੋਲ੍ਹਣ ਦੀ ਆਗਿਆ ਹੋਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਨੇ ਪੇਸ਼ੀਨਗੋਈ ਕੀਤੀ ਹੈ ਕਿ ਆਉਂਦੇ ਹਫਤਿਆਂ ਵਿਚ ਕੇਸਾਂ ਵਿਚ ਹੋਰ ਕਮੀ ਆਵੇਗੀ।

    ਸਮਾਜਿਕ ਇਕੱਠਾਂ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਖੇਤਰਾਂ ਵਿਚ ਕਲਾਕਾਰਾਂ/ ਗਾਇਕਾਂ ਨੂੰ ਅਜਿਹੇ ਸਮਾਗਮਾਂ/ਮੌਕਿਆਂ ਲਈ ਇਜਾਜ਼ਤ ਹੋਵੇਗੀ ਪਰ ਇਸ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੋਵੇਗਾ।

    ਮੁੱਖ ਮੰਤਰੀ ਵੱਲੋਂ ਬਾਰ, ਸਿਨੇਮਾ ਹਾਲਜ਼, ਰੈਸਟੋਰੈਂਟ, ਸਪਾਜ਼, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ਮ, ਚਿੜੀਆਘਰ ਆਦਿ ਨੂੰ ਕੋਵਿਡ ਟੀਕਾਕਰਨ ਦੀ ਪਾਲਣਾ ਨੂੰ ਯਕੀਨੀ ਬਣਾ ਕੇ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਦਿੱਤੇ ਗਏ ਹੁਕਮਾਂ ਤੋਂ ਕੁਝ ਦਿਨਾਂ ਬਾਅਦ ਅੱਜ ਇਹ ਰਾਹਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚੇਰੀ ਸਿੱਖਿਆ ਦੇ ਹੋਰ ਸਾਰੀਆਂ ਸੰਸਥਾਵਾਂ ਨੂੰ ਵੀ ਅਜਿਹੀ ਹੀ ਪਾਲਣਾ ਨਾਲ ਖੋਲ੍ਹਣ ਦੀ ਇਜਾਜਤ ਦਿੱਤੀ ਸੀ।

    ਕੋਵਿਡ ਦੀ ਸਥਿਤੀ ਬਾਰੇ ਵਰਚੂਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਸਰੂਪ ਵਿਚ ਆਏ ਬਦਲਾਅ ਬਾਰੇ ਮਹੀਨਾਵਾਰ ਅੰਕੜਿਆਂ ਨੇ ਦਰਸਾਇਆ ਹੈ ਕਿ 90 ਫੀਸਦੀ ਤੋਂ ਵੱਧ ਵਾਇਰਸ ਦੀ ਕਿਸਮ ਚਿੰਤਾਜਨਕ ਹੈ ਕਿਉਂ ਜੋ ਮੂਲ ਵਾਇਰਸ ਵਿਵਹਾਰਕ ਤੌਰ ਉਤੇ ਹੋਰ ਕਿਸਮਾਂ ਵਿਚ ਬਦਲ ਚੁੱਕਾ ਹੈ ਅਤੇ ਜੂਨ ਮਹੀਨੇ ਵਿਚ ਵੀ ਡੈਲਟਾ ਨੇ ਜ਼ੋਰ ਫੜਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਡੈਲਟਾ ਪਲੱਸ ਦਾ ਕੋਈ ਨਵਾਂ ਕੇਸ ਨਹੀਂ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।