ਆਮ ਆਦਮੀ ਪਾਰਟੀ ਦੇ 21 ਵਿਧਾਇਕ ਭਾਜਪਾ ਦੇ ਸੰਪਰਕ ’ਚ : ਰਾਣਾ ਗੁਰਮੀਤ ਸਿੰਘ ਸੋਢੀ

Sangrur13-3, Aam Aadmi Party

ਕਿਹਾ, ‘ਵੱਡੀ ਗਿਣਤੀ ਆਪ ਵਿਧਾਇਕ ਆਪਣੀ ਹੀ ਸਰਕਾਰ ਤੋਂ ਦੁਖ਼ੀ’

  • ਲੋਕ ਸਭਾ ਦੀ ਚੋਣ ਭਾਜਪਾ ਦੇ ਚੋਣ ਨਿਸ਼ਾਨ ’ਤੇ ਲੜਨ ਦਾ ਐਲਾਨ

(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ), ਸੰਗਰੂਰ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਲਾਏ ਇੰਚਾਰਜ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ (Aam Aadmi Party) ਜਿਸ ਨੇ ਪੰਜਾਬ ਵਿੱਚ ਹੂੰਝਾ ਫੇਰ ਜਿੱਤ ਹਾਸਲ ਕੀਤੀ ਸੀ, ਅੱਜ ਉਸ ਦੇ ਅੰਦਰੂਨੀ ਹਾਲਾਤ ਇਹ ਹੋ ਚੁੱਕੇ ਹਨ ਕਿ ਉਸ ਦੇ ਦੋ ਦਰਜ਼ਨ ਦੇ ਕਰੀਬ ਵਿਧਾਇਕ ਆਪਣੀ ਸਰਕਾਰ ਤੋਂ ਦੁਖੀ ਹਨ ਅਤੇ ਲਗਾਤਾਰ ਭਾਰਤੀ ਜਨਤਾ ਪਾਰਟੀ ਦੇ ਸੰਪਰਕ ਵਿੱਚ ਹਨ ਇਸ ਬਾਰੇ ਆਉਣ ਵਾਲੇ ਦਿਨਾਂ ਵਿੱਚ ਸਪੱਸ਼ਟ ਹੋ ਜਾਵੇਗਾ ਉਹ ਸੰਗਰੂਰ ਵਿਖੇ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਹੋਏ ਸਨ।

ਸ੍ਰੀ ਸੋਢੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਹੜੇ ਚਾਵਾਂ ਨਾਲ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਾਈ ਸੀ, ਹੁਣ ਉਹ ਲੱਥ ਚੁੱਕੇ ਹਨ ਆਪ ਸਰਕਾਰ ਆਪਣੀਆਂ ਆਪ ਹੁਦਰੀਆਂ ਕਾਰਨ ਪੰਜਾਬ ਦੇ ਲੋਕਾਂ ਵਿੱਚੋਂ ਹੀ ਨਹੀਂ ਸਗੋਂ ਆਪਣੇ ਵਿਧਾਇਕਾਂ ਦੇ ਮਨੋਂ ਵੀ ਲੱਥ ਰਹੀ ਹੈ ਉਨ੍ਹਾਂ ਦਾਅਵਾ ਕੀਤਾ ਕਿ ਆਪ ਦੇ 21 ਦੇ ਕਰੀਬ ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ ਤੇ ਸਿੱਧੇ ਤੇ ਅਸਿੱਧੇ ਤੌਰ ’ਤੇ ਭਾਜਪਾ ਦੀ ਮੱਦਦ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਇਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਸਪੱਸ਼ਟ ਹੋ ਜਾਵੇਗਾ।

ਉਨ੍ਹਾਂ ਹੋਰ ਕਿਹਾ ਕਿ ਪੰਜਾਬ ਦੇ ਲੋਕ ਆਪ ਦੀ ਸਰਕਾਰ ਬਣਾ ਕੇ ਹੁਣ ਆਪਣੇ ਆਪ ਨੂੰ ਲੁੱਟਿਆ ਹੋਇਆ ਮਹਿਸੂਸ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਉਹ 40 ਸਾਲ ਕਾਂਗਰਸ ਵਿੱਚ ਰਹੇ ਹਨ ਅਤੇ ਇਹ ਗੱਲ ਦਾਅਵੇ ਨਾਲ ਆਖ ਰਹੇ ਹਨ ਕਿ ਭਾਰਤੀ ਜਨਤਾ ਪਾਰਟੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੰਨਾ ਪੰਜਾਬ ਅਤੇ ਪੰਜਾਬੀਆਂ ਵਾਸਤੇ ਸੁਹਿਰਦ ਹਨ, ਅੱਜ ਤੱਕ ਕੋਈ ਨਹੀਂ ਹੋਇਆ ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨੇ ਤਿੰਨ ਕਾਨੂੰਨ ਰੱਦ ਕਰਕੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਾਰੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਸਬੰਧੀ ਹੋਏ ਦੇਸ਼ ਪੱਧਰੀ ਸਮਾਗਮ ਉਨ੍ਹਾਂ ਦੇ ਪੰਜਾਬ ਦੇ ਪੱਖੀ ਹੋਣ ਦਾ ਸਬੂਤ ਹਨ।

2024 ਦੀਆਂ ਚੋਣਾਂ ਵਿੱਚ ਭਾਜਪਾ ਪਹਿਲਾਂ ਨਾਲੋਂ ਵੀ ਮਜ਼ਬੂਤੀ ਨਾਲ ਲੜੇਗੀ

ਉਨ੍ਹਾਂ ਹੋਰ ਕਿਹਾ ਕਿ ਅਸੀਂ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਇਕੱਲੇ ਤੌਰ ’ਤੇ ਚੋਣ ਲੜੀ ਤੇ ਪਹਿਲਾਂ ਨਾਲੋਂ ਜ਼ਿਆਦਾ ਵੋਟ ਪ੍ਰਤੀਸ਼ਤ ਹਾਸਲ ਕੀਤੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਹੜਾ ਫ਼ਤਵਾ ਦਿੱਤਾ ਹੈ, ਉਹ ਭਾਜਪਾ ਦੇ ਨਹੀਂ ਸਗੋਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਹੈ ਉਨ੍ਹਾਂ ਦਾਅਵਾ ਕੀਤਾ ਕਿ 2024 ਦੀਆਂ ਚੋਣਾਂ ਵਿੱਚ ਭਾਜਪਾ ਪਹਿਲਾਂ ਨਾਲੋਂ ਵੀ ਮਜ਼ਬੂਤੀ ਨਾਲ ਲੜੇਗੀ ਉਨ੍ਹਾਂ ਕਿਹਾ ਕਿ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਭਾਜਪਾ ਆਪਣੇ ਤੌਰ ’ਤੇ ਕਮਲ ਦੇ ਚੋਣ ਨਿਸ਼ਾਨ ’ਤੇ ਲੜੇਗੀ।

ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ ਕਿਸਾਨ ਪੱਖੀ ਸਰਕਾਰ ਹੈ ਪਰ ਇਸ ਸਰਕਾਰ ਦੇ ਸਾਸ਼ਨ ਵਿੱਚ ਵੀ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਰੱਤੀ ਭਰ ਵੀ ਕੋਸ਼ਿਸ਼ ਨਹੀਂ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਆਲ ਸਿੰਘ ਸੋਢੀ ਸੂਬਾਈ ਜਨਰਲ ਸਕੱਤਰ, ਸੁੱਚਾ ਰਾਮ ਲੱਧੜ, ਰਿਸ਼ੀ ਖੇੜਾ, ਜਤਿੰਦਰ ਕਾਲੜਾ, ਯਾਦਵਿੰਦਰ ਸ਼ੰਟੀ ਜ਼ਿਲ੍ਹਾ ਪ੍ਰਧਾਨ ਭਾਜਪਾ ਬਰਨਾਲਾ, ਰਣਦੀਪ ਸਿੰਘ ਦਿਓਲ ਜ਼ਿਲ੍ਹਾ ਪ੍ਰਧਾਨ ਭਾਜਪਾ ਸੰਗਰੂਰ, ਜਗਤ ਕਥੂਰੀਆ, ਪ੍ਰਦੀਪ ਗਰਗ, ਸਤਵੰਤ ਸਿੰਘ ਪੂਨੀਆ, ਅਮਨਦੀਪ ਸਿੰਘ ਪੂਨੀਆ, ਜਗਦੀਪ ਸਿੰਘ ਤੂਰ, ਡਾ: ਮੱਖਣ ਸਿੰਘ, ਅਮਨ ਗੁਰੂ, ਸ਼ੈਲੀ ਬਾਂਸਲ ਸੁਨਾਮ, ਮਾਸਟਰ ਸੁਰਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਵੀ ਭਾਜਪਾ ਆਗੂ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here