ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰ ਭਗੌੜਿਆਂ ਦੀ ਗਿਣਤੀ 376 ਤੱਕ ਪਹੁੰਚੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫਤੇ ਵਿੱਚ ਨਾਰਕੋਟਿਕ ਡਰੱਗਜ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 271 ਐੱਫ.ਆਈ.ਆਰ. ਦਰਜ ਕਰਕੇ 353 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 900 ਗ੍ਰਾਮ ਗਾਂਜਾ, 8 ਕੁਇੰਟਲ ਭੁੱਕੀ, ਫਾਰਮਾ ਓਪੀਓਡਜ ਦੀਆਂ 88014 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਤੋਂ ਇਲਾਵਾ 20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਵੇਖੋ ਮੁਹੰਮਦ ਸ਼ਮੀ ਦੀਆਂ ਵਲ਼ ਖਾਉਂਦੀਆਂ ਗੇਂਦਾਂ ’ਚ ਕਿਵੇਂ ਫਸੇ ਕੰਗਾਰੂ
ਉਨਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫਤੇ ਐਨਡੀਪੀਐਸ ਕੇਸਾਂ ਵਿੱਚ 11 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 376 ਹੋ ਗਈ ਹੈ। ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸ਼ੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।
ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸਨਾਖਤ ਦੇ ਸਖਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ