ਟਰੈਕਟਰ ਤੇ ਟਰੱਕ ਦੀ ਟੱਕਰ ’ਚ 4 ਲੋਕਾਂ ਦੀ ਮੌਤ, 9 ਜਖ਼ਮੀ
ਲਲਿਤਪੁਰ (ਏਜੰਸੀ)। ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਟਰੈਕਟਰ-ਟਰੱਕ ਦੀ ਟੱਕਰ ਵਿੱਚ 04 ਲੋਕਾਂ ਦੀ ਮੌਤ ਹੋ ਗਈ ਅਤੇ 09 ਹੋਰ ਜ਼ਖਮੀ ਹੋ ਗਏ। ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਜ਼ਿਲਾ ਪ੍ਰਸ਼ਾਸਨ ਨੂੰ ਇਸ ਹਾਦਸੇ ’ਚ ਜ਼ਖਮੀਆਂ ਦਾ ਤੁਰੰਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਲਲਿਤਪੁਰ ਹਾਈਵੇਅ ’ਤੇ ਟਰੈਕਟਰ ਅਤੇ ਕੰਟੇਨਰ ਦੀ ਆਹਮੋ-ਸਾਹਮਣੇ ਹੋਈ ਟੱਕਰ ’ਚ 4 ਲੋਕਾਂ ਦੀ ਮੌਤ ਹੋ ਗਈ। ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮੁਤਾਬਕ ਇਸ ਟੱਕਰ ’ਚ 9 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਜ਼ਿਲਾ ਹਸਪਤਾਲ ਤੋਂ ਝਾਂਸੀ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਕਿਵੇਂ ਵਾਪਰਿਆ ਹਾਦਸਾ
ਲਖਨਊ ਵਿੱਚ ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਅਨੁਸਾਰ ਮੁੱਖ ਮੰਤਰੀ ਯੋਗੀ ਨੇ ਲਲਿਤਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਦਾ ਸਹੀ ਇਲਾਜ ਕਰਵਾਇਆ ਜਾਵੇ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਵੀ ਕੀਤੀ। ਯੋਗੀ ਨੇ ਜ਼ਿਲ੍ਹਾ ਮੈਜਿਸਟਰੇਟ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮੌਕੇ ’ਤੇ ਜਾ ਕੇ ਰਾਹਤ ਕਾਰਜ ਜੰਗੀ ਪੱਧਰ ’ਤੇ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ