ਕਰਜ਼ਾ ਰਾਹਤ ਸਕੀਮ ਤਹਿਤ 14,260 ਨੂੰ ਦਿੱਤੀ ਗਈ 45.41 ਕਰੋੜ ਦੀ ਰਾਹਤ
ਬਰਨਾਲਾ, (ਜਸਵੀਰ ਸਿੰਘ) ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਪੰਜਾਬ ਰਾਜ ‘ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਗਰੀਬ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਰਜ਼ਾ ਰਾਹਤ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ 14,260 ਕਰਜ਼ਦਾਰਾਂ ਨੂੰ 45.41 ਕਰੋੜ ਦੀ ਰਾਹਤ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਕਾਰਪੋਰੇਸ਼ਨ ਵੱਲੋਂ 9.06 ਕਰੋੜ ਰੁਪਏ ਦੇ ਕਰਜ਼ੇ ਦੇ ਮਨਜ਼ੂਰੀ ਪੱਤਰ ਖੇਤਰੀ ਦਫ਼ਤਰਾਂ ਰਾਹੀਂ ਵੰਡਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਪੋਰੇਸ਼ਨ ਦੇ ਚੇਅਰਮੈਨ ਇੰਜੀਨੀਅਰ ਮੋਹਨ ਲਾਲ ਸੂਦ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਦੁਆਰਾ ਘਰ ਘਰ ਰੁਜ਼ਗਾਰ ਸਕੀਮ ਦੇ ਪ੍ਰੋਗਰਾਮ ਤਹਿਤ ਅਨੁਸੂਚਿਤ ਜਾਤੀਆਂ ਦੇ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣਾ ਸਵੈ ਰੁਜ਼ਗਾਰ ਸਥਾਪਤ ਕਰਵਾ ਕੇ ਉਨ੍ਹਾਂ ਦੀ ਪਰਿਵਾਰਕ ਆਮਦਨ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਚੇਅਰਮੈਨ ਇੰਜੀਨੀਅਰ ਮੋਹਨ ਲਾਲ ਸੂਦ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਦੇ ਮੌਕੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 550 ਲੱਖ ਰੁਪਏ ਦੇ ਕਰਜੇ ਵੰਡਣ ਦਾ ਟੀਚਾ ਰੱਖਿਆ ਗਿਆ ਸੀ।
ਜਿਸ ਨੂੰ ਪ੍ਰਾਪਤ ਕੀਤੇ ਜਾਣ ਤੋਂ ਇਲਾਵਾ ਮਿਥੇ ਟੀਚੇ ਤੋਂ ਵੀ ਵਧ ਕੇ 541 ਲਾਭਪਾਤਰੀਆਂ ਨੂੰ 906 ਲੱਖ ਰੁਪਏ ਦੇ ਕਰਜ਼ੇ ਪਾਸ ਕੀਤੇ ਜਾ ਚੁੱਕੇ ਹਨ। ਇਸੇ ਲੜੀ ਤਹਿਤ ਰਾਜ ਪੱਧਰੀ ਸਮਾਗਮ ‘ਚ ਲਾਭਪਾਤਰੀਆਂ ਨੂੰ ਕਰਜ਼ਾ ਮਨਜ਼ੂਰੀ ਪੱਤਰ ਵੰਡੇ ਜਾਣੇ ਸਨ ਪਰ ਕੋਰੋਨਾ ਵਾਇਰਸ ਦੀ ਬੀਮਾਰੀ ਦੇ ਪ੍ਰਭਾਵ ਤੋਂ ਬਚਾਅ ਹਿੱਤ ਇਹ ਪੱਤਰ ਜ਼ਿਲਾ ਪੱਧਰ ‘ਤੇ ਕਾਰਪੋਰੇਸ਼ਨ ਦੇ ਖੇਤਰੀ ਦਫ਼ਤਰਾਂ ਦੇ ਕਰਮਚਾਰੀਆਂ ਰਾਹੀਂ ਸਬੰਧਤ ਲਾਭਪਾਤਰੀਆਂ ਨੂੰ ਸੌਂਪੇ ਜਾ ਰਹੇ ਹਨ।
ਉਨ੍ਹਾਂ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਦੇ 45.41 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਲਈ ਵੀ ਧੰਨਵਾਦ ਕਰਦਿਆਂ ਦੱਸਿਆ ਕਿ ਕਰਜ਼ਾ ਮਾਫੀ ਨਾਲ ਰਾਜ ਵਿੱਚ 14270 ਲਾਭਪਾਤਰੀਆਂ ਨੂੰ ਲਾਭ ਪ੍ਰਾਪਤ ਹੋਇਆ ਹੈ। ਚੇਅਰਮੈਨ ਵੱਲੋਂ ਪੰਜਾਬ ਸਰਕਾਰ ਦਾ ਚਾਲੂ ਮਾਲੀ ਸਾਲ ਦੌਰਾਨ 579 ਲੱਖ ਰੁਪਏ ਦਾ ਕੇਂਦਰੀ ਹਿੱਸੇ ਦਾ ਸ਼ੇਅਰ ਕੈਪੀਟਲ ਅਤੇ 108 ਲੱਖ ਰੁਪਏ ਦਾ ਰਾਜ ਦੇ ਆਪਣੇ ਹਿੱਸੇ ਦੇ ਸ਼ੇਅਰ ਕੈਪੀਟਲ ਦੀ ਰਾਸ਼ੀ ਜਾਰੀ ਕਰਨ ਲਈ ਵੀ ਧੰਨਵਾਦ ਕੀਤਾ ਗਿਆ। ਚੇਅਰਮੈਨ ਵੱਲੋਂ ਦੱਸਿਆ ਗਿਆ ਕਿ ਸਰਕਾਰ ਵੱਲੋਂ ਬੈਂਕ ਟਾਈ ਅੱਪ ਸਕੀਮ ਅਧੀਨ ਵੀ 150 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।