ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਸਾਰਿਆਂ ਨੂੰ ਸਿਹਤ ਬੀਮਾ ਦੇਣ ਲਈ ਲਾਂਚ ਕੀਤੀ ਮਹੱਤਵਪੂਰਨ ਸਕੀਮ ‘ਸਰਬੱਤ ਸਿਹਤ ਬੀਮਾ ਯੋਜਨਾ’ ਵਿੱਚ ਪੱਤਰਕਾਰਾਂ ਨੂੰ ਵੀ ਕਵਰ ਕਰਨ ਦਾ ਫੈਸਲਾ ਕੀਤਾ ਹੈ। ਇਸ ਸਕੀਮ ਅਧੀਨ ਲਗਭਗ 4500 ਪੱਤਰਕਾਰਾਂ ਨੂੰ ਫਾਇਦਾ ਮਿਲੇਗਾ। ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ ਨੂੰ ਸਿਹਤ ਬੀਮਾ ਦੇਣ ਲਈ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾ ਕੇ ਸੂਬਾ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਤਹਿਤ 42.5 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਹੈ ਜਿਹੜੀ ਕਿ ਪਹਿਲੀ ਜੁਲਾਈ 2019 ਤੋਂ ਅਮਲ ਵਿੱਚ ਲਿਆਂਦੀ ਗਈ ਹੈ। (Universal Health Insurance)
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਐਕਰੀਡੇਟਿਡ ਕੀਤੇ ਤੇ ਪੀਲਾ ਕਾਰਡ ਧਾਰਕ ਪੱਤਰਕਾਰ ਇਸ ਸਕੀਮ ਦਾ ਫਾਇਦਾ ਲੈਣ ਲਈ ਯੋਗ ਹੋਣਗੇ। ਇਸ ਸਕੀਮ ਤਹਿਤ ਪ੍ਰੀਮੀਅਮ ਦਾ ਸਾਰਾ ਖਰਚਾ ਸੂਬਾ ਸਰਕਾਰ ਝੱਲੇਗੀ। ਇਸ ਸਕੀਮ ਤਹਿਤ ਪੰਜਾਬ ਵਿੱਚ ਕਰੀਬ 400 ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਇਸ ਸਕੀਮ ਅਧੀਨ ਲਾਭਪਾਤਰੀਆਂ ਦਾ ਇਲਾਜ ਜਿਲਾ ਹਸਪਤਾਲਾਂ ਤੇ ਵੱਡੇ ਮਲਟੀ ਸਪੈਸ਼ਲਿਟੀ ਹਸਪਤਾਲਾਂ ਵਿੱਚ ਕੀਤਾ ਜਾਵੇਗਾ, ਜਿੱਥੇ ਆਪ੍ਰੇਸ਼ਨ, ਸਰਜਰੀ ਆਦਿ ਦੀ ਸਹੂਲਤ ਮੌਜੂਦ ਹੁੰਦੀ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲ, ਮੁੱਢਲੇ ਸਿਹਤ ਕੇਂਦਰ ਵੀ ਇਲਾਜ ਲਈ ਸੂਚੀਬੱਧ ਹਨ। (Universal Health Insurance)
ਸੂਬਾ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਕਰਨ ਲਈ ਕੁਝ ਮਹੀਨੇ ਪਹਿਲਾਂ ਇੱਕ ਫੈਸਲਾ ਲੈ ਕੇ ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਗਿਆ ਸੀ। 42.5 ਲੱਖ ਪਰਿਵਾਰਾਂ ਵਿੱਚੋਂ 14.86 ਲੱਖ ਪਰਿਵਾਰ ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਹਨ ਜਿਨ੍ਹਾਂ ਦੇ ਪ੍ਰੀਮੀਅਮ ਦਾ ਖਰਚਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ 60:40 ਦੀ ਅਨੁਪਾਤ ਵਿੱਚ ਕੀਤਾ ਜਾਵੇਗਾ ਜਦੋਂਕਿ ਬਾਕੀ ਸਾਰੇ ਲਾਭਪਾਤਰੀਆਂ ਜਿਨ੍ਹਾਂ ਵਿੱਚ ਪੱਤਰਕਾਰ ਵੀ ਸ਼ਾਮਲ ਹਨ, ਦੇ ਪ੍ਰੀਮੀਅਮ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।