‘ਬਰਖ਼ਾਸਤ ਕੀਤੇ ਜਾਣ ਕੈਪਟਨ ਸਰਕਾਰ ਦੇ 5 ਭ੍ਰਿਸ਼ਟਾਚਾਰੀ ਕੈਬਨਿਟ ਮੰਤਰੀ’

‘ਆਪ’ ਨੇ ਰਾਜਪਾਲ ਨੂੰ ਮੰਗ ਪੱਤਰ ਦਿੰਦੇ ਹੋਏ ਕੀਤੀ ਮੰਗ, 5 ਮੰਤਰੀ ਦਿੱਤੇ ਭ੍ਰਿਸ਼ਟਾਚਾਰੀ ਕਰਾਰ

ਕੈਪਟਨ ਅਮਰਿੰਦਰ ਸਿੰਘ ਭ੍ਰਿਸ਼ਟ ਮੰਤਰੀਆਂ ਨੂੰ ਬਚਾਉਣ ’ਤੇ ਲੱਗੇ, ਪ੍ਰਧਾਨ ਸਿੱਧੂ ਨੇ ਵੀ ਚੁੱਪ ਵੱਟੀ: ਚੀਮਾ

ਚੰਡੀਗੜ੍ਹ, (ਅਸ਼ਵਨੀ ਚਾਵਲਾ)। ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਕੰਮ ਕਰ ਰਹੇ 5 ਕੈਬਨਿਟ ਮੰਤਰੀਆਂ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕਰ ਦਿੱਤੀ ਹੈ। ਇਨ੍ਹਾਂ ਕੈਬਨਿਟ ਮੰਤਰੀਆਂ ਦੀ ਤੁਰੰਤ ਬਰਖ਼ਾਸਤਗੀ ਦੀ ਮੰਗ ਕਰਦਿਆਂ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਮਾਣਯੋਗ ਵੀ.ਪੀ. ਸਿੰਘ ਬਦਨੌਰ ਕੋਲ ਵੀ ਪਹੁੰਚ ਕੀਤੀ ਹੈ।

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੇ ਇਸ ਵਫ਼ਦ ’ਚ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਗੁਰਮੀਤ ਸਿੰਘ ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੈ ਸਿੰਘ ਰੋੜੀ ਅਤੇ ਮਾਸਟਰ ਬਲਦੇਵ ਸਿੰਘ ਸ਼ਾਮਲ ਸਨ। ‘ਆਪ’ ਦੇ ਵਫ਼ਦ ਵੱਲੋਂ ਰਾਜਪਾਲ ਨੂੰ ਸੌਂਪੇ ਗਏ ਮੰਗ ਪੱਤਰ ’ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਰਾਣਾ ਗੁਰਮੀਤ ਸਿੰਘ ਸੋਢੀ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਭਾਰਤ ਭੂਸ਼ਨ ਆਸ਼ੂ ’ਤੇ ਬਹੁ ਕਰੋੜੀ ਘਪਲੇ ਕਰਨ ਦਾ ਦੋਸ਼ ਲਾਉਂਦੇ ਹੋਏ ਇਨ੍ਹਾਂ ਨੂੰ ਮੰਤਰੀ ਮੰਡਲ ’ਚੋਂ ਤੁਰੰਤ ਬਰਖ਼ਾਸਤ ਕਰਕੇ ਇਨ੍ਹਾਂ ਉਪਰ ਫ਼ੌਜ਼ਦਾਰੀ ਮੁਕੱਦਮੇ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਰਾਜਪਾਲ ਨੂੰ ਮਿਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਦੇ ਅੱਧਾ ਦਰਜਨ ਮੰਤਰੀ ਨਾ ਕੇਵਲ ਭ੍ਰਿਸ਼ਟਾਚਾਰ ਦੇ ਵੱਡੇ ਮਾਮਲਿਆਂ ’ਚ ਘਿਰੇ ਹੋਏ ਹਨ, ਸਗੋਂ ਬੱਚੇ- ਬੱਚੇ ’ਚ ਬਦਨਾਮ ਹੋ ਚੁੱਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਹਾਈਕਮਾਨ ਸਮੇਤ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਜ਼ੁਬਾਨ ਇਨ੍ਹਾਂ ਵਿਰੁੱਧ ਨਹੀਂ ਖੁੱਲ੍ਹੀ, ਕਾਰਵਾਈ ਕਰਨਾ ਤਾਂ ਦੂਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਆਮ ਆਦਮੀ ਪਾਰਟੀ ਨੇ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਨੂੰ ਬਰਖ਼ਾਸਤ ਕਰਨ ਲਈ ਅੱਜ ਮਾਣਯੋਗ ਰਾਜਪਾਲ ਨੂੰ ਬੇਨਤੀ ਕੀਤੀ ਹੈ।

ਚੀਮਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੋਸਟ ਮੈਟ੍ਰਿਕ ਸਕਾਰਲਸ਼ਿਪ ਦੇ ਫੰਡਾਂ ਵਿੱਚ ਕਰੋੜਾਂ ਦਾ ਘਪਲਾ ਕੀਤਾ ਹੈ, ਜਿਸ ਕਾਰਨ ਦੋ ਲੱਖ ਤੋਂ ਜ਼ਿਆਦਾ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ। ਭਾਵੇਂ ਸੀ.ਬੀ.ਆਈ ਵੱਲੋਂ ਵਜ਼ੀਫ਼ਾ ਘਪਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੰਤਰੀ ਨੂੰ ਸਰਕਾਰੀ ਅਧਿਕਾਰੀਆਂ ਤੋਂ ਕਲੀਨ ਚਿੱਟ ਦਿਵਾ ਦਿੱਤੀ ਹੈ। ਰਾਣਾ ਗੁਰਮੀਤ ਸਿੰਘ ਸੋਢੀ ਬਾਰੇ ਚੀਮਾ ਨੇ ਦੱਸਿਆ ਕਿ ਸੋਢੀ ਨੇ ਆਪਣੀ ਐਕੁਆਇਰ ਹੋਈ ਜ਼ਮੀਨ ਦੇ ਬਦਲੇ ਦੋ ਵਾਰ ਰਕਮ ਪ੍ਰਾਪਤ ਕੀਤੀ ਹੈ ਅਤੇ ਤੀਸਰੀ ਵਾਰ ਰਕਮ ਹਾਸਲ ਕਰਨ ਦੇ ਯਤਨ ਕੀਤੇ ਹਨ, ਇਸ ਤਰ੍ਹਾਂ ਇੱਕ ਸੰਵਿਧਾਨਕ ਅਹੁੱਦੇ ’ਤੇ ਬੈਠੇ ਰਾਣਾ ਸੋਢੀ ਨੇ ਸਰਕਾਰੀ ਖ਼ਜ਼ਾਨੇ ’ਤੇ ਡਾਕਾ ਮਾਰਿਆ ਹੈ। ਇਸ ਖ਼ਿਲਾਫ਼ ਧੋਖ਼ਾਧੜੀ ਦਾ ਸਿੱਧਾ ਕੇਸ ਬਣਦਾ ਹੈ।

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ’ਤੇ ਕੋਰੋਨਾ ਦੇ ਇਲਾਜ ਲਈ ਜ਼ਰੂਰੀ ਫਤਿਹ ਕਿੱਟ ਖ਼ਰੀਦਣ ਵਿੱਚ ਘਪਲਾ ਕਰਨ ਦੇ ਦੋਸ਼ ਲਾਉਂਦਿਆਂ ਚੀਮਾ ਨੇ ਦੱਸਿਆ ਕਿ ਮੰਤਰੀ ਸਿੱਧੂ ਨੇ ਗਊਸ਼ਾਲਾ ਦੇ ਨਾਂਅ ’ਤੇ ਮੋਹਾਲੀ ਨੇੜੇ 10 ਏਕੜ ਜ਼ਮੀਨ ’ਤੇ ਕਬਜਾ ਕੀਤਾ ਹੈ, ਜਿਸ ਦੀ ਕੀਮਤ 100 ਕਰੋੜ ਤੋਂ ਜ਼ਿਆਦਾ ਹੈ। ਜਦੋਂ ਕਿ ਭਾਰਤ ਭੂਸ਼ਣ ਆਸ਼ੂ ਪਹਿਲਾਂ ਹੀ ਕਈ ਤਰ੍ਹਾਂ ਦੇ ਵਿਵਾਦਾਂ ਵਿੱਚ ਘਿਰੇ ਹੋਏ ਹਨ, ਪਰ ਹੁਣ ਮੰਤਰੀ ਆਸ਼ੂ ਦੇ ਕਰੀਬੀ ਅਧਿਕਾਰੀ ਨੇ ਜੰਡਿਆਲਾ ਗੁਰੂ ਦੇ 8 ਗੋਦਾਮਾਂ ਵਿੱਚ 20 ਕਰੋੜ ਰੁਪਏ ਦੀ ਕਣਕ ਹੀ ਵੇਚ ਦਿੱਤੀ। ਇਸ ਨਾਲ ਪੰਜਾਬ ਦੇ ਖ਼ਜ਼ਾਨੇ ਨੂੰ ਵੱਡਾ ਘਾਟਾ ਪਿਆ ਹੈ। ਚੀਮਾ ਨੇ ਦੱਸਿਆ ਕਿ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜਿੱਥੇ ਉਦਯੋਗਿਕ ਪਲਾਟ ਵੰਡਣ ਵਿੱਚ ਘਪਲਾ ਕੀਤਾ ਹੈ, ਉਥੇ ਹੀ ਜੇ.ਸੀ.ਟੀ. ਕੰਪਨੀ ਦੀ ਮੋਹਾਲੀ ਸਥਿਤ 31 ਏਕੜ ਜ਼ਮੀਨ ਨੂੰ ਕੌਡੀਆਂ ’ਚ ਵੇਚ ਦਿੱਤਾ।

ਇਹ ਜ਼ਮੀਨ ਵੇਚਣ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਗਿਆ ਸੀ ਅਤੇ ਇਸ ਸੰਬੰਧੀ ਹੋਈ ਜਾਂਚ ’ਚ ਖੁਲਾਸਾ ਹੋਇਆ ਕਿ ਸਸਤੀ ਜ਼ਮੀਨ ਵੇਚਣ ਨਾਲ ਸਰਕਾਰੀ ਖ਼ਜ਼ਾਨੇ ਨੂੰ 125 ਕਰੋੜ ਰੁਪਏ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਪੀ.ਪੀ.ਸੀ.ਸੀ. ਪ੍ਰਧਾਨ ਸਮੇਤ ਕਾਂਗਰਸ ਹਾਈਕਮਾਨ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਨੂੰ ਬਚਾ ਰਹੀ ਹੈ, ਕਿਉਂਕਿ ਲੁੱਟ ਦਾ ਹਿੱਸਾ ਉਪਰ ਤੱਕ ਜਾਂਦਾ ਹੈ। ਇਸ ਕਰਕੇ ਹੀ ਇਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਹੁੰਦੀ, ਹਲਾਂਕਿ ਇਨ੍ਹਾਂ ਦੇ ਭ੍ਰਿਸ਼ਟਾਚਾਰ ਦੇ ਕਿੱਸੇ ਆਏ ਦਿਨ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੇ ਹਨ। ਨਵਜੋਤ ਸਿੱਧੂ ਵੱਲੋਂ ਖੇਡੀ ਜਾਂਦੀ ਟਵਿੱਟਰ ਜੰਗ ਬਾਰੇ ਚੀਮਾ ਨੇ ਕਿਹਾ, ‘ਜੇ ਸਿੱਧੂ ਸੱਚਮੁੱਚ ਹੀ ਪੰਜਾਬ ਦਾ ਭਲਾ ਚਾਹੁੰਦੇ ਹਨ ਤਾਂ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਨੂੰ ਪੰਜਾਬ ਮੰਤਰੀ ਮੰਡਲ ਵਿਚੋਂ ਬਾਹਰ ਕਢਵਾਉਣ।’

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ