ਕੋਰੋਨਾ ਸੰਕਟ ‘ਚ ਗਰੀਬਾਂ ਨੂੰ ਮਿਲੇ 6 ਮਹੀਨੇ ਸਹਾਇਤਾ, ਕੇਂਦਰ ਜਾਰੀ ਕਰੇ 3 ਮਹੀਨੇ ਲਈ ਹੋਰ ਅੰਨ

Corona India

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਦੇ ਹੋਏ ਅਪੀਲ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੇ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ.ਐਮ.ਜੀ.ਕੇ.ਏ.ਵਾਈ.) ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਦੇ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਵਾਧਾ ਯਕੀਨੀ ਬਣਾਏਗਾ ਕਿ ਗਰੀਬ ਅਤੇ ਲੋੜਵੰਦ ਭੁੱਖੇ ਪੇਟ ਨਾ ਸੌਣ ਅਤੇ ਉਨ੍ਹਾਂ ਨੂੰ ਆਪਣਾ ਗੁਜ਼ਾਰਾ ਕਰਨ ਦੇ ਯੋਗ ਵੀ ਬਣਾਇਆ ਜਾ ਸਕੇਗਾ।  ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਇਸ ਬਾਰੇ ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਨੂੰ ਸਲਾਹ ਦੇਣ ਦੀ ਅਪੀਲ ਕੀਤੀ।

ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਪਹਿਲੇ ਐਲਾਨ ਨਾਲ ਕੋਵਿਡ ਦੇ ਔਖੇ ਸਮਿਆਂ ਦੌਰਾਨ ਐਨ.ਐਫ.ਐਸ.ਏ. ਦੇ ਗਰੀਬ ਲਾਭਪਾਤਰੀਆਂ ਨੂੰ ਹੋਏ ਵੱਡੇ ਲਾਭ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਵਿਆਪੀ ਤਾਲਾਬੰਦੀ ਨਾਲ ਨਾ ਸਿਰਫ ਮੁਲਕ ਦੇ ਅਰਥਚਾਰੇ ਦੀ ਰਫ਼ਤਾਰ ਮੱਠੀ ਪਈ ਸਗੋਂ ਲੋਕਾਂ ਦੀ ਆਮਦਨ ਅਤੇ ਬੱਚਤ ਵਿੱਚ ਵੀ ਵੱਡੀ ਕਮੀ ਆਈ ਹੈ।

ਇਸ ਲਾਭ ਵਿੱਚ ਵਾਧਾ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਲਾਕਡਾਊਨ ਨੂੰ ਲਗਪਗ ਤਿੰਨ ਮਹੀਨੇ ਹੋ ਚੱਲੇ ਹਨ ਅਤੇ ਪੰਜਾਬ ਵਿੱਚ ਉਦਯੋਗਿਕ ਗਤੀਵਿਧੀਆਂ ਬਹਾਲ ਹੋ ਜਾਣ ਤੋਂ ਬਾਅਦ ਵੀ ਲੋਕਾਂ ਖਾਸ ਕਰਕੇ ਗਰੀਬਾਂ ਦੀ ਆਰਥਿਕ ਸਥਿਤੀ ਵਿੱਚ ਬਹੁਤਾ ਸੁਧਾਰ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 2.60 ਲੱਖ ਉਦਯੋਗਿਕ ਯੂਨਿਟਾਂ ਵਿੱਚੋਂ 2.32 ਲੱਖ ਤੋਂ ਵੱਧ ਯੂਨਿਟ ਚਾਲੂ ਹੋ ਗਏ ਹਨ ਪਰ ਪਿਛਲੇ ਕੁਝ ਮਹੀਨਿਆਂ ਦੌਰਾਨ ਤਨਖਾਹਾਂ ਦਾ ਘਾਟਾ ਪੈ ਜਾਣ ਕਰਕੇ ਲੋਕਾਂ ਖਾਸ ਕਰਕੇ ਐਨ.ਐਫ.ਐਸ.ਏ. ਦੇ ਗਰੀਬ ਲਾਭਪਾਤਰੀਆਂ ਦੀ ਖਰੀਦ ਸ਼ਕਤੀ ਨੂੰ ਬੁਰੀ ਤਰ੍ਹਾਂ ਖੋਰਾ ਲੱਗਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਢਿੱਲ ਦੇਣ ਨਾਲ ਕੋਵਿਡ-19 ਦੇ ਕੇਸਾਂ ਵਿੱਚ ਵਾਧਾ ਹੋਣ ਦਾ ਰੁਝਾਨ ਦੇਖਿਆ ਜਾ ਰਿਹਾ ਹੈ ਅਤੇ ਅੱਗੇ ਲਾਕਡਾਊਨ ਅਤੇ ਬੰਦਿਸ਼ਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਵਿੱਚ ਛੇ ਮਹੀਨੇ ਦਾ ਵਾਧਾ ਕਰਨ ਨਾਲ ਇਸ ਔਖੀ ਘੜੀ ਵਿੱਚ ਐਨ.ਐਫ.ਐਸ.ਏ. ਦੇ ਲੋੜਵੰਦ ਲਾਭਪਾਤਰੀਆਂ ਨੂੰ ਬਹੁਤ ਮਦਦ ਮਿਲੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here