ਕਿਸਾਨ ਮੋਰਚਾ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ

Farmers Protest Sachkahoon

 5 ਜੂਨ ਨੂੰ ਮਨਾਇਆ ਜਾਵੇਗਾ ‘ਸੰਪੂਰਨ ਕ੍ਰਾਂਤੀ ਦਿਹਾੜਾ’

  •  ਭਾਜਪਾ ਆਗੂਆਂ ਦੇ ਦਫ਼ਤਰਾਂ ਸਾਹਮਣੇ ਸਾੜੀਆਂ ਜਾਣਗੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਸੰਯੁਕਤ ਕਿਸਾਨ ਮੋਰਚੇ ਦੀਆਂ ਪੰਜਾਬ ਤੋਂ 32 ਕਿਸਾਨ ਜਥੇਬੰਦੀਆਂ ਵੱਲੋਂ ਜਾਰੀ ਕਿਸਾਨੀ ਧਰਨਿਆਂ ਦੇ 242ਵੇਂ ਦਿਨ ਪੰਜਾਬ ਭਰ ’ਚ 108 ਥਾਵਾਂ ਟੋਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਧਰਨੇ ਜਾਰੀ ਹਨ ਇਹਨਾਂ ਧਰਨਿਆਂ ’ਚ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਹਕੂਮਤ ਨੇ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਦੀ ਨੀਤੀ ਦੇ ਚਲਦਿਆਂ ਜਿੱਥੇ ਖੇਤੀ ਸੱਭਿਆਚਾਰ ਨੂੰ ਉਜਾੜਨ ਲਈ ਤਿੰਨ ਖੇਤੀ ਬਿੱਲ ਲਿਆਂਦੇ ਹਨ, ਨਾਲ ਦੀ ਨਾਲ ਇਸ ਤੋਂ ਪਹਿਲਾਂ ਜਨਤਕ ਖੇਤਰ ਦੇ ਅਦਾਰਿਆਂ ਬੈਂਕਾਂ, ਬੀਮਾ, ਰੇਲਵੇ, ਜਹਾਜਰਾਨੀ, ਰੇਲਵੇ, ਕੋਇਲਾ ਖਾਨਾਂ, ਬਿਜਲੀ ਬੋਰਡ, ਸੜਕਾਂ, ਸਿਹਤ ਸਿੱਖਿਆ, ਟਰਾਂਸਪੋਰਟ ਆਦਿ ਨੂੰ ਦੇਸੀ-ਬਦੇਸ਼ੀ ਬਹੁਕੌਮੀ ਕੰਪਨੀਆਂ ਦੇ ਹਵਾਲੇ ਕਰ ਰਹੀ ਹੈ। ਇਹ ਅਦਾਰੇ ਲੋਕਾਂ ਦੀ ਕੀਮਤੀ ਜਾਇਦਾਦ ਅਤੇ ਲੱਖਾਂ ਮਜਦੂਰਾਂ ਵੱਲੋਂ ਸ਼ਹਾਦਤ ਦੇਕੇ ਉਸਾਰੇ ਗਏ ਹਨ।

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨੇ ਸ਼ਨਿੱਚਰਵਾਰ ਨੂੰ ਐਲਾਨ ਕੀਤਾ ਹੈ ਕਿ ਕਿਸਾਨ 5 ਜੂਨ ਨੂੰ ਭਾਜਪਾ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਦਫਤਰਾਂ ਅੱਗੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ‘ਸੰਪੂਰਨ ਕਰਾਂਤੀ ਦਿਹਾੜਾ’ ਮਨਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਾਲ 5 ਜੂਨ ਨੂੰ ਹੀ ਇਹ ਖੇਤੀ ਕਾਨੂੰਨ ਬਣਾਉਣ ਲਈ ਆਰਡੀਨੈਂਸ ਪੇਸ਼ ਕੀਤੇ ਸਨ। ਇਸ ਮਗਰੋਂ ਸਤੰਬਰ ਮਹੀਨੇ ਸੰਸਦ ’ਚ ਪਾਸ ਹੋਣ ਮਗਰੋਂ ਇਨ੍ਹਾਂ ਨੂੰ ਕਾਨੂੰਨ ਬਣਾ ਦਿੱਤਾ ਗਿਆ ਸੀ, ਜਿਸ ਖਿਲਾਫ ਕਿਸਾਨ ਪਿਛਲੇ ਵਰ੍ਹੇ ਨਵੰਬਰ ਮਹੀਨੇ ਤੋਂ ਦਿੱਲੀ ਦੀਆਂ ਹੱਦਾਂ ’ਤੇ ਮੋਰਚਾ ਲਾਈ ਬੈਠੇ ਹਨ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ‘5 ਜੂਨ 1974 ਨੂੰ ਜੈਪ੍ਰਕਾਸ਼ ਨਾਰਾਇਣ ਨੇ ਸੰਪੂਰਨ ਕਰਾਂਤੀ ਦਿਹਾੜਾ ਐਲਾਨਿਆ ਸੀ ਅਤੇ ਤਤਕਾਲੀ ਕੇਂਦਰ ਸਰਕਾਰ ਖਿਲਾਫ ਮੁਹਿੰਮ ਸ਼ੁਰੂ ਕੀਤੀ ਸੀ। ਪਿਛਲੇ ਸਾਲ ਕੇਂਦਰ ਸਰਕਾਰ ਨੇ 5 ਜੂਨ ਨੂੰ ਇਨ੍ਹਾਂ ਕਾਨੂੰਨਾਂ ਦੇ ਆਰਡੀਨੈਂਸ ਪੇਸ਼ ਕੀਤੇ ਸਨ।’

ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਦੇਸ਼ ਭਰ ਦੇ ਲੋਕਾਂ ਨੂੰ ਇਸ ਮੁਹਿੰਮ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਤਾਂ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਕਾਰ ’ਤੇ ਦਬਾਅ ਪਾਇਆ ਸਕੇ। ਆਗੂਆਂ ਅਨੁਸਾਰ ਕਿਸਾਨਾਂ ਦੇ ਕਾਫ਼ਲਿਆਂ ਦਾ ਪੰਜਾਬ ’ਚੋਂ ਲਗਾਤਾਰ ਸਿੰਘੂ ਅਤੇ ਟਿਕਰੀ ਦੇ ਮੋਰਚਿਆਂ ’ਤੇ ਜਾਣਾ ਜਾਰੀ ਹੈ। ਅੱਜ ਗੁਰਦਾਸਪੁਰ, ਹੁਸ਼ਿਆਰਪੁਰ, ਅੰਮਿ੍ਰਤਸਰ, ਸੰਗਰੂਰ, ਪਟਿਆਲਾ, ਮਾਨਸਾ, ਬਠਿੰਡਾ, ਮੋਗਾ, ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ, ਮੋਗਾ, ਬਰਨਾਲਾ, ਨਵਾਂਸ਼ਹਿਰ, ਰੋਪੜ, ਮੁਹਾਲੀ ਜਿਲ੍ਹਿਆਂ ਸਮੇਤ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਕਿਸਾਨਾਂ ਦੇ ਦਰਜ਼ਨਾਂ ਜਥੇ ਰਵਾਨਾ ਹੋਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।