ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਖਿਲਾਫ ਆਪ ਵਿਧਾਇਕਾਂ ਨੇ ਘੇਰੀ ਮੁੱਖ ਮੰਤਰੀ ਰਿਹਾਇਸ਼

Besiege CM's Residence Sachkahoon

ਚੰਡੀਗੜ ਪੁਲਿਸ ਨੇ ਪਿੱਛੇ ਹੀ ਬੈਰੀਕੇਟ ਲਗਾ ਰੋਕਿਆ, ਬਾਅਦ ਵਿੱਚ ਕੀਤਾ ਗ੍ਰਿਫ਼ਤਾਰ

  • ਦੇਸ਼ ਲਈ ਸ਼ਹੀਦ ਹੋਣ ਵਾਲੇ ਸਰਦਾਰ ਊਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਕਿਉਂ ਮਜਬੂਰ: ਮੀਤ ਹੇਅਰ

ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਅਤੇ ਹੋਰ ਆਗੂਆਂ ਨੇ ਕੈਪਟਨ ਸਰਕਾਰ ਵੱਲੋਂ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਫੈਸਲੇ ਖਿਲਾਫ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਅਤੇ ਜੰਮ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਚੰਡੀਗੜ ਪੁਲਿਸ ਨੇ ਪਹਿਲਾਂ ਤੋਂ ਹੀ ਰਿਹਾਇਸ਼ ਨੇੜੇ ਸਖ਼ਤ ਇੰਤਜਾਮ ਕੀਤੇ ਹੋਏ ਸਨ ਤਾਂ ਕਿ ਕੋਈ ਅੱਗੇ ਨਾ ਜਾ ਸਕੇ। ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹੰਗਾਮਾ ਕਰ ਰਹੇ ਸਨ ਤਾਂ ਠੀਕ ਉਸੇ ਸਮੇਂ ਅਮਰਿੰਦਰ ਸਿੰਘ ਕੁਝ ਹੀ ਦੂਰੀ ’ਤੇ ਆਪਣੇ ਹੈਲੀਕਾਪਟਰ ਰਾਹੀਂ ਦਿੱਲੀ ਲਈ ਰਵਾਨਾ ਹੋ ਰਹੇ ਸਨ।

ਇਸ ਸਮੇਂ ਆਪ ਆਗੂਆਂ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ‘ਘਰ-ਘਰ ਨੌਕਰੀ’ ਦੇਣ ਦਾ ਵਾਅਦਾ ਕੀਤਾ ਸੀ ਅਤੇ ਹੁਣ ਮੁੱਖ ਮੰਤਰੀ ਸਿਰਫ਼ ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਵਾਅਦਾ ਪੂਰਾ ਕਰ ਰਹੇ ਹਨ, ਜਦੋਂ ਕਿ ਪੰਜਾਬ ਦੇ ਆਮ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਰੋਜ਼ਗਾਰ ਮੇਲਿਆਂ ਦੇ ਨਾਂਅ ’ਤੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਰਾਜਕਾਲ ’ਚ ਪਹਿਲਾਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਭਰਾ ਨੂੰ ਡੀ.ਐੱਸ.ਪੀ ਦੀ ਨੌਕਰੀ ਦਿੱਤੀ। ਹੁਣ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦੇ ਬੇਟੇ ਨੂੰ ਡੀ.ਐਸ.ਪੀ, ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ, ਕੈਬਨਿਟ ਮੰਤਰੀ ਧਰਮਸੋਤ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਪੁੱਤਰ ਨੂੰ ਏ.ਜੀ ਆਫਿਸ ’ਚ ਨਿਯੁਕਤ ਕਰਨ ਲਈ ਸਿਫਾਰਿਸ਼ ਕੀਤੀ ਹੈ, ਜੋ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।

ਆਪ ਆਗੂ ਨੇ ਕਿਹਾ ਕਿ ਦੇਸ਼ ਲਈ ਸ਼ਹੀਦ ਹੋਣ ਵਾਲੇ ਸਰਦਾਰ ਉਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਮਜਬੂਰ ਹਨ। ਕੈਪਟਨ ਸਰਕਾਰ ਨੇ ਇਸ ਦੇਸ਼ ਭਗਤ ਪਰਿਵਾਰ ਦੀ ਸਾਰ ਨਹੀਂ ਲਈ, ਪਰ ਕਾਂਗਰਸੀਆਂ ਵਿਧਾਇਕਾਂ ਦੇ ਪੁੱਤਰਾਂ ਨੂੰ ਵੱਡੀਆਂ-ਵੱਡੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਅਰਬਪਤੀ ਪਿਤਾ ਐਮ. ਐੱਲ. ਏ. ਬਣ ਗਏ, ਅਮਰਿੰਦਰ ਸਿੰਘ ਨੂੰ ਅਜਿਹੇ ਬੱਚੇ ਜ਼ਰੂਰਤਮੰਦ ਨਜ਼ਰ ਆਉਂਦੇ ਹਨ। ਆਪ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 4 ਸਾਲਾਂ ਵਿੱਚ 17 ਲੱਖ ਨੌਕਰੀਆਂ ਦੇਣ ਦੇ ਕੀਤੇ ਗਏ ਦਾਅਵੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਮੋਦੀ ਦੀ ਤਰਜ਼ ’ਤੇ ਪਕੌੜੇ ਵੇਚਣ ਨੂੰ ਵੀ ਰੋਜ਼ਗਾਰ ਬਣਾ ਦਿੱਤਾ ਹੈ ।

ਪੰਜਾਬ ਦੇ ਨੌਜਵਾਨ ਬੇਰੁਜ਼ਗਾਰੀ ਕਾਰਨ ਜਾਂ ਤਾਂ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ ਜਾਂ ਲੱਖਾਂ ਰੁਪਏ ਖਰਚ ਕੇ ਵਿਦੇਸ਼ ਵਿੱਚ ਆਪਣਾ ਭਵਿੱਖ ਬਣਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਪੰਜ ਸਭ ਤੋਂ ਵੱਧ ਬੇਰੋਜ਼ਗਾਰੀ ਵਾਲੇ ਸੂਬਿਆਂ ਵਿੱਚ ਸ਼ਾਮਲ ਹੈ, ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸਰਕਾਰ ਬਣਾਈ ਸੀ। ਆਗੂਆਂ ਨੇ ਕਿਹਾ ਕਿ 20 ਲੱਖ ਨੌਕਰੀਆਂ ਦਾ ਨਾਅਰਾ, ਹੁਣ ਲਾਰਾ ਬਣ ਕੇ ਰਹਿ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।