ਲੋਕਾਂ ਵਿੱਚ ਬਣੀ ਆਪਸੀ ਫੁੱਟ ਦੀ ਚਰਚਾ
ਅਬੋਹਰ, (ਸੁਧੀਰ ਅਰੋੜਾ)। ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕਰਕੇ ਵਿਰੋਧੀ ਪਾਰਟੀਆਂ ਲਈ ਇੱਕ ਨਵੀਂ ਮੁਸੀਬਤ ਖੜੀ ਕਰ ਦਿੱਤੀ ਹੈ ਉੱਥੇ ਹੀ ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਅਗਲੇ ਮੁੱਖ ਮੰਤਰੀ ਨੂੰ ਲੈ ਕੇ ਦੋਫਾੜ ਹੁੰਦੀ ਵਿਖਾਈ ਦੇ ਰਹੀ ਹੈ।ਅਬੋਹਰ ਦੀਆਂ ਮੁੱਖ ਸੜਕਾਂ ’ਤੇ ਕੈਪਟਨ ਅਮਰੇਂਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵੱਖ-ਵੱਖ ਪੋਸਟਰ ਲਗਾਏ ਜਾ ਰਹੇ ਹਨ ਜੋਕਿ ਲੋਕਾਂ ਵਿੱਚ ਇਨ੍ਹਾਂ ਵਿੱਚ ਫੁੱਟ ਦੇ ਚਰਚੇ ਦਾ ਵਿਸ਼ਾ ਬਣਿਆ ਹੋਇਆ ਹੈ।
ਲੋਕਾਂ ਨੇ ਕਿਹਾ ਕਿ ਇਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਕੁਰਸੀ ਨੂੰ ਲੈ ਕੇ ਕਾਂਗਰਸ ਵਿੱਚ ਚੱਲ ਰਿਹਾ ਕਲੇਸ਼ ਅਜੇ ਖ਼ਤਮ ਨਹੀਂ ਹੋਇਆ ਸਗੋਂ ਭਵਿੱਖ ਵਿੱਚ ਹੋਰ ਵਧਣ ਦੀ ਸੰਭਾਵਨਾ ਹੈ। ਇਸ ਬਾਰੇ ਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਚੁਟਕੀ ਲੈਂਦੇ ਹੋਏ ਕਿਹਾ ਕਿ ਪਾਰਟੀ ਦੇ ਕਲੇਸ਼ ਨੂੰ ਸ਼ਾਂਤ ਕਰਨ ਲਈ ਕਾਂਗਰਸ ਹਾਈ ਕਮਾਨ ਪਿਛਲੇ ਕਈ ਦਿਨਾਂ ਤੋਂ ਕਦੇ ਦਿੱਲੀ ਤੇ ਕਦੇ ਚੰਡੀਗੜ੍ਹ ਵਿੱਚ ਮੀਟਿੰਗਾਂ ਕਰ ਰਿਹਾ ਹੈ। ਉਥੇ ਹੀ ਪਾਰਟੀ ਦੇ ਨੇਤਾ ਕਾਂਗਰਸ ਵਿੱਚ ਕਿਸੇ ਤਰ੍ਹਾਂ ਦਾ ਕਲੇਸ਼ ਨਾ ਹੋਣ ਦੀ ਗੱਲ ਕਹਿਕੇ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ। ਸੀਐਮ ਦੀ ਕੁਰਸੀ ਨੂੰ ਲੈ ਕੇ ਕਾਂਗਰਸ ਦੋਫਾੜ ਹੋ ਚੁੱਕੀ ਹੈ ਅਤੇ ਕਾਂਗਰਸ ਦੇ ਸੂਬਾ ਇੰਚਾਰਜ ਪਾਰਟੀ ਨੂੰ ਇੱਕਜੁਟ ਰੱਖਣ ਵਿੱਚ ਨਾਕਾਮ ਸਾਬਤ ਹੋਏ ਹਨ ਜਿਸ ਕਾਰਨ ਪਾਰਟੀ ਦੇ ਆਹੁਦੇਦਾਰ ਆਏ ਦਿਨ ਇੱਕ ਦੂਜੇ ’ਤੇ ਵਾਰ ਕਰਦੇ ਨਜ਼ਰ ਆਉਂਦੇ ਹਨ।
ਕਾਂਗਰਸ ਸੂਬਾ ਪ੍ਰਧਾਨ ਦੀ ਕਮਜੋਰ ਅਗਵਾਈ ਦੇ ਚਲਦੇ ਹੀ ਉਨ੍ਹਾਂ ਦੇ ਜੱਦੀ ਸ਼ਹਿਰ ਅਬੋਹਰ ਵਿੱਚ ਵੀ ਹੁਣ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵੱਖ-ਵੱਖ ਪੋਸਟਰ ਲੱਗਣੇ ਸ਼ੁਰੂ ਹੋ ਗਏ ਹਨ ਜਿਸ ਵਿੱਚ ਇਹ ਵਿਖਾਇਆ ਗਿਆ ਹੈ ਕਿ ਪੰਜਾਬ ਦੇ ਲੋਕ ਹੁਣ ਕੈਪਟਨ ਨੂੰ ਨਹੀਂ ਸਗੋਂ ਸਿੱਧੂ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਪਾਰਟੀ ਦਾ ਇਹ ਆਪਸੀ ਟਕਰਾਅ ਹੀ ਉਸਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਬਣੇਗਾ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।