ਅਮਰਿੰਦਰ ਸਿੰਘ ਦੀ ਰਿਹਾਇਸ਼ ਨੂੰ ਘੇਰਣ ਜਾ ਰਹੇ ਆਪ ਵਿਧਾਇਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਹੋਈ ਧੱਕਾ ਮੁੱਕੀ

ਪੋਸਟ ਮੈਟਿ੍ਰਕ ਸਕਾਲਰਸ਼ਿਪ ਘਪਲੇ ਖ਼ਿਲਾਫ਼ ਕਰ ਰਹੇ ਸਨ ਆਪ ਵਿਧਾਇਕ ਪ੍ਰਦਰਸ਼ਨ

  •  15 ਜੂਨ ਨੂੰ ਪੰਜਾਬ ਦੇ ਸਾਰੇ ਜਿਲਿ੍ਹਆਂ ’ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਹੋਏਗੀ ਭੁੱਖ ਹੜਤਾਲ

ਅਸ਼ਵਨੀ ਚਾਵਲਾ, ਚੰਡੀਗੜ੍ਹ, 14 ਜੂਨ। ਦਲਿਤ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵਲੋਂ ਭੇਜੀ ਗਈ ਪੋਸਟ ਮੈਟ੍ਰਿਕ ਸਕਾਲਰਸ਼ਿਪ ’ਚ ਘਪਲੇ ਦਾ ਦੋਸ਼ ਲਗਾਉਂਦੇ ਹੋਏ ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰਿਹਾਇਸ਼ ਨੂੰ ਘੇਰਣ ਦੀ ਕੋਸ਼ਸ਼ ਕੀਤੀ ਤਾਂ ਮੌਕੇ ’ਤੇ ਪਹਿਲਾਂ ਹੀ ਤੈਨਾਤ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਨੂੰ ਤੁਰੰਤ ਹੀ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਪੁਲਿਸ ਜਦੋਂ ਗ੍ਰਿਫ਼ਤਾਰ ਕਰਨ ਦੀ ਕੋਸ਼ਸ਼ ਕਰ ਰਹੀ ਸੀ ਤਾਂ ਮੌਕੇ ’ਤੇ ਧੱਕਾ ਮੁੱਕੀ ਵੀ ਹੋਈ, ਜਿਸ ਕਾਰਨ ਪੁਲਿਸ ਨੂੰ ਕਾਫ਼ੀ ਜਿਆਦਾ ਮਸ਼ੱਕਤ ਕਰਨੀ ਪਈ।

ਇਸ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਵਿੱਚ ਕਰੋੜਾਂ ਰੁਪਏ ਘੁਟਾਲਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਹਿ ’ਤੇ ਪੁਲੀਸ ਪ੍ਰਸ਼ਾਸਨ ਨੇ ਸਾਡਾ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨ ਹੱਕ ਮਾਰਿਆ ਹੈ, ਪਰ ਆਮ ਆਦਮੀ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ ਆਪ ਵਰਕਰਾਂ ਵਲੋਂ 15 ਜੂਨ ਨੂੰ ਪੰਜਾਬ ਦੇ ਸਾਰੇ ਜਿਲਿ੍ਹਆਂ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਜਦੋਂ ਤੱਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਆਪ ਦਾ ਸੰਘਰਸ਼ ਜਾਰੀ ਰਹੇਗਾ।

ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸ਼ੰਕਰ ਸਰੋਜ ਵੱਲੋਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਘੁਟਾਲੇ ਦੀ ਦਿੱਤੀ ਜਾਂਚ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਸਮਾਜ ਭਲਾਈ ਮੰਤਰੀ ਵੱਲੋਂ ਵਜ਼ੀਫਾ ਰਾਸ਼ੀ ਆਪਣੇ ਨਜਦੀਕੀ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ ਹੈ। ਇਸ ਕਾਰਨ ਪ੍ਰਾਈਵੇਟ ਕਾਲਜਾਂ ਨੂੰ ਰਕਮ ਪ੍ਰਾਪਤ ਨਹੀਂ ਹੋਈ ਅਤੇ ਲੱਖਾਂ ਦਲਿਤ ਵਿਦਿਆਰਥੀਆਂ ਤੋਂ ਪੜ੍ਹਾਈ ਦਾ ਹੱਕ ਖੋਹ ਲਿਆ ਗਿਆ ਹੈ। ਗਿਆਸਪੁਰਾ ਨੇ ਐਲਾਨ ਕੀਤਾ ਕਿ ਪੁਲੀਸ ਹਿਰਾਸਤ ਦੌਰਾਨ ਵੀ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।

ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਪਿ੍ਰੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਲਿਤ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਦੇ ਘੁਟਾਲੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ’ਤੇ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਰਕਮ ਪ੍ਰਾਈਵੇਟ ਕਾਲਜਾਂ ਨੂੰ ਜਾਰੀ ਕੀਤੀ ਹੈ, ਪਰ ਜਦੋਂ ਤੱਕ ਬਕਾਇਆ ਰਾਸ਼ੀ 1539 ਕਰੋੜ ਰੁਪਏ ਸਰਕਾਰ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪਰੀਖਿਆਵਾਂ ਵਿੱਚ ਨਹੀਂ ਬੈਠ ਸਕਣਗੇ।

ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਦਲਿਤ ਵਰਗ ਦੇ ਹੱਕਾਂ ’ਤੇ ਡਾਕੇ ਮਾਰੇ ਹਨ। ਸਰਕਾਰ ਨੇ ਜਿੱਥੇ ਦਲਿਤ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਦਾ ਘੁਟਾਲਾ ਕੀਤਾ ਹੈ, ਉਥੇ ਹੀ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜ਼ਮਾਂ ਨੂੰ ਤਰੱਕੀਆਂ ਦੇਣ ਵਿੱਚ ਪੱਖਪਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਦੇਖ ਕੇ ਕੈਪਟਨ ਸਰਕਾਰ ਪੋਸਟ ਮੈਟਿ੍ਰਕ ਸਕਾਲਰਸ਼ਿਪ ਰਾਸ਼ੀ ਦੀ ਕੁੱਝ ਰਕਮ ਜਾਰੀ ਕਰਕੇ ਗੋਂਗਲੂਆਂ ਤੋਂ ਮਿੱਟੀ ਝਾੜਨ ਦਾ ਯਤਨ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਬੇਇਨਸਾਫ਼ੀਆਂ ਦਾ ਹਿਸਾਬ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਕੋਲੋਂ ਜਰੂਰ ਲੈਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।