ਰਵਨੀਤ ਬਿੱਟੂ ਖ਼ਿਲਾਫ਼ ਦਰਜ਼ ਹੋਵੇ ਮਾਮਲਾ, ਅਕਾਲੀ ਦਲ ਪੁੱਜਾ ਅਨੁਸੂਚਿਤ ਜਾਤ ਕਮਿਸ਼ਨ ਕੋਲ

Ravneet Bittu

ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਦਰਜ਼ ਹੋਵੇ ਐਫ.ਆਈ.ਆਰ.

ਚੰਡੀਗੜ, ਅਸ਼ਵਨੀ ਚਾਵਲਾ। ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਲੁਧਿਆਣਾ ਤੋਂ ਕਾਂਗਰਸ ਦੇ ਐਮ ਪੀ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਸ਼ਿਕਾਇਤ ਦਾਇਰ ਕੀਤੀ ਤੇ ਬੇਨਤੀ ਕੀਤੀ ਕਿ ਕਾਂਗਰਸੀ ਆਗੂ ਵੱਲੋਂ ਦਲਿਤਾਂ ਦੇ ਖਿਲਾਫ ਜਾਤੀ ਸੂਚਕ ਟਿੱਪਣੀਆਂ ਕਰ ਕੇ ਸੂਬੇ ਦੇ ਐਸ ਸੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਹਨਾਂ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ।

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਜਿਸ ਵਿਚ ਪਾਰਟੀ ਦੇ ਵਿਧਾਇਕ ਪਵਨ ਟੀਨੂੰ, ਡਾ. ਸੁਖਵਿੰਦਰ ਸੁੱਖੀ ਤੇ ਬਲਦੇਵ ਖਹਿਰਾ ਸ਼ਾਮਲ ਸਨ, ਨੇ ਐਸ ਕਮਿਸ਼ਨ ਦੇ ਚੇਅਰਪਰਸਨ ਤੇਜਿੰਦਰ ਕੌਰ ਤੇ ਹੋਰ ਮੈਂਬਰਾਂ ਨੂੰ ਜਾਣੂ ਕਰਵਾਇਆ ਕਿ ਬਿੱਟੂ ਦੀ ਇਕ ਵੀਡੀਓ ਵਾਇਰਲ ਹੈ ਜਿਸ ਵਿਚ ਉਹ ਐਸ ਸੀ ਭਾਈਚਾਰੇ ਦੇ ਖਿਲਾਫ ਇਤਰਾਜ਼ ਯੋਗ ਟਿੱਪਣੀਆਂ ਕਰਦੇ ਨਜ਼ਰ ਆ ਰਹੇ ਹਨ। ਵਫ਼ਦ ਨੇ ਮੰਗ ਕੀਤੀ ਕਿ ਕਮਿਸ਼ਨ ਮਾਮਲੇ ਵਿਚ ਤੁਰੰਤ ਕਾਰਵਾਈ ਕਰੇ ਤਾਂ ਜੋ ਸੂਬੇ ਵਿਚ ਮਾਮਲਾ ਹੋਰ ਨਾ ਭੜਕੇ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ ਕਮਿਸ਼ਨ ਨੇ ਅਕਾਲੀ ਦਲ ਦੇ ਵਫ਼ਦ ਨੂੰ ਭਰੋਸਾ ਦੁਆਇਆ ਹੈ ਕਿ ਉਹ ਮਾਮਲੇ ਵਿਚ ਲੋੜੀਂਦੀ ਕਾਰਵਾਈ ਕਰੇਗਾ। ਉਹਨਾਂ ਕਿਹਾ ਕਿ ਸਾਨੂੰ ਆਸ ਹੈ ਕਿ ਕਮਿਸ਼ਨ ਦਲਿਤ ਭਾਈਚਾਰੇ ਦੇ ਹਿੱਤ ਵਿਚ ਕਾਰਵਾਈ ਕਰੇਗਾ ਤੇ ਕਾਂਗਰਸ ਸਰਕਾਰ ਵੱਲੋਂ ਐਮ ਪੀ ਨੂੰ ਕਲੀਨ ਚਿੱਟ ਦੇਣ ਤੋਂ ਪ੍ਰਭਾਵਤ ਨਹੀਂ ਹੋਵੇਗਾ।

ਅਕਾਲੀ ਆਗੂ ਨੇ ਕਿਹਾ ਕਿ ਸੂਬੇ ਭਰ ਵਿਚ ਦਲਿਤ ਭਾਈਚਾਰਾ ਰਵਨੀਤ ਬਿੱਟੂ ਦੇ ਬਿਆਨ ਤੋਂ ਹੈਰਾਨ ਹੈ ਕਿਉਂਕਿ ਬਿੱਟੂ ਨੇ ਇਹ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਨੇ ਆਪਣੇ ਗਠਜੋੜ ਦੇ ਭਾਈਵਾਲ ਨੂੰ ਆਨੰਦਪੁਰ ਸਾਹਿਬ ਤੇ ਚਮਕੌਰ ਸਾਹਿਬ ਦੀਆਂ ਪਵਿੱਤਰ ਸੀਟਾਂ ਦੇ ਦਿੱਤੀਆਂ ਜੋ ਨਹੀਂ ਦੇਣੀਆਂ ਚਾਹੀਦੀਆਂ ਸਨ।

ਉਹਨਾਂ ਕਿਹਾ ਕਿ ਇਹ ਗੱਲ ਦਲਿਤਾਂ ਦੇ ਨਾਲ ਨਾਲ ਬਸਪਾ ਦਾ ਵੀ ਅਪਮਾਨ ਹੈ। ਉਹਨਾਂ ਕਿਹਾ ਕਿ ਕੋਈ ਵੀ ਭਾਈਚਾਰਾ ਇਹ ਗੱਲ ਬਰਦਾਸ਼ਤ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਸਾਰੇ ਭਾਈਚਾਰਿਆਂ ਵਿਚ ਸਮਾਨਤਾ ਦਾ ਪ੍ਰਚਾਰ ਕੀਤਾ ਹੈ ਤੇ ਇਹ ਸਮਾਨਤਾ ਸਾਨੂੰ ਸੰਵਿਧਾਨ ਦੇ ਤਹਿਤ ਵੀ ਮਿਲੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।