ਭਾਕਿਯੂ (ਉਗਰਾਹਾਂ) ਵੱਲੋਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਅਤੇ ਬਿਜਲੀ ਦੇ ਮੁੱਦੇ ‘ਤੇ ਡੀਸੀ ਦਫ਼ਤਰ ਮੂਹਰੇ ਵੱਡਾ ਧਰਨਾ
ਸੰਗਰੂਰ (ਗੁਰਪ੍ਰੀਤ ਸਿੰਘ) ਡੀਜ਼ਲ ਪੈਟਰੋਲ ਦੇ ਅਸਮਾਨੀਂ ਚਾੜ੍ਹੇ ਰੇਟਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਜਿਲ੍ਹਾ ਪੱਧਰਾ ਧਰਨੇ ਵਿੱਚ ਖੇਤੀ ਲਈ ਪੂਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਮੁੱਦੇ ਤੇ ਜ਼ੋਰਦਾਰ ਆਵਾਜ਼ ਉਠਾਈ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਸਮੇਤ ਹਰ ਵਰਗ ਦੇ ਟਰਾਂਸਪੋਰਟਰਾਂ ਅਤੇ ਹੋਰ ਕਾਰੋਬਾਰੀਆਂ ਵਿੱਚ ਇਸ ਵਾਧੇ ਕਾਰਨ ਹਾਹਾਕਾਰ ਮੱਚੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਮੋਦੀ ਸਰਕਾਰ ਦੀਆਂ ਸਾਮਰਾਜੀ ਕਾਰਪੋਰੇਟਾਂ ਪੱਖੀ ਨੀਤੀਆਂ ਕਾਰਨ ਹੀ ਇਨ੍ਹਾਂ ਰੇਟਾਂ ਵਿੱਚ ਸਰਾਸਰ ਨਜਾਇਜ਼ ਵਾਧੇ ਲਗਾਤਾਰ ਹੋ ਰਹੇ ਹਨ।
ਇਰਾਕ ਯੁੱਧ ਵੇਲੇ ਨਾਲੋਂ ਕੱਚੇ ਤੇਲ ਦੇ ਕੌਮਾਂਤਰੀ ਰੇਟ ਤਾਂ ਅਜੇ ਵੀ ਅੱਧ ਤੋਂ ਥੱਲੇ ਹਨ, ਪ੍ਰੰਤੂ ਦੇਸ਼ ਅੰਦਰ ਡੀਜ਼ਲ ਪੈਟਰੋਲ ਦੇ ਰੇਟ ਉਸ ਵੇਲੇ ਨਾਲੋਂ ਢਾਈ ਗੁਣਾ ਤੋਂ ਵੀ ਜ਼ਿਆਦਾ ਵਧਾਏ ਜਾ ਚੁੱਕੇ ਹਨ। ਭਾਜਪਾ ਸਰਕਾਰ ਨੇ ਅਖੌਤੀ ਨਵੀਂਆਂ ਆਰਥਿਕ ਨੀਤੀਆਂ ਤਹਿਤ ਨਿਜੀ ਤੇਲ ਕੰਪਨੀਆਂ ਨੂੰ ਰੋਜ਼ਾਨਾ ਮਨਮਰਜ਼ੀ ਨਾਲ ਰੇਟ ਵਧਾਉਣ ਦੀ ਖੁੱਲ੍ਹ ਵੀ ਦੇ ਰੱਖੀ ਹੈ ਅਤੇ ਆਮ ਮਹਿੰਗਾਈ ਦੇ ਨਾਲ ਹੀ ਖੇਤੀ ਖ਼ਰਚਿਆਂ ‘ਚ ਭਾਰੀ ਵਾਧੇ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਇਨ੍ਹਾਂ ਈਂਧਨਾਂ ਨੂੰ ਜੀ ਐਸ ਟੀ ਦੇ ਦਾਇਰੇ ਤੋਂ ਬਾਹਰ ਰੱਖ ਕੇ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਲੱਕਤੋੜ ਟੈਕਸ ਵੀ ਲਾਏ ਹੋਏ ਹਨ। ਏਸ਼ੀਆ ਦੇ ਸਾਰੇ ਦੇਸ਼ਾਂ ਵਿੱਚ ਡੀਜ਼ਲ ਪੈਟਰੋਲ ਦੇ ਰੇਟ ਭਾਰਤ ਨਾਲੋਂ ਬਹੁਤ ਨੀਂਵੇਂ ਹਨ।
ਇਨ੍ਹਾਂ ਲੋਕ ਮਾਰੂ ਹਕੂਮਤੀ ਨੀਤੀਆਂ ਕਾਰਨ ਪੂਰੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਟਰਾਂਸਪੋਰਟਰਾਂ ਤੇ ਆਮ ਲੋਕਾਂ ਦੀ ਆਰਥਿਕਤਾ ਤਬਾਹ ਹੋ ਰਹੀ ਹੈ। ਇਸ ਗੰਭੀਰ ਸਮੱਸਿਆ ਦੇ ਹੱਲ ਲਈ ਸਰਕਾਰ ਪਾਸੋਂ ਮੰਗ ਕੀਤੀ ਜਾਵੇਗੀ ਕਿ ਡੀਜ਼ਲ ਪੈਟਰੋਲ ਦਾ ਸਾਰਾ ਕਾਰੋਬਾਰ ਸਰਕਾਰੀ ਹੱਥਾਂ ‘ਚ ਲੈ ਕੇ ਅਤੇ ਜੀ ਐਸ ਟੀ ਦੀ 5% ਟੈਕਸ ਕੈਟੇਗਰੀ ‘ਚ ਸ਼ਾਮਲ ਕਰਕੇ ਇਨ੍ਹਾਂ ਦੀ ਸਪਲਾਈ ‘ਨਾ ਲਾਭ ਨਾ ਹਾਨੀ’ ਦੇ ਆਧਾਰ ‘ਤੇ ਕੀਤੀ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੁਆਰਾ ਖੇਤੀ ਲਈ ਐਲਾਨੀ ਗਈ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਯਕੀਨੀ ਨਾ ਬਣਾਉਣ ਕਾਰਨ ਅਤੀ ਮਹਿੰਗੇ ਡੀਜ਼ਲ ਦੀ ਵਧੇਰੇ ਖਪਤ ਨਾਲ ਕਿਸਾਨਾਂ ਦੇ ਲਾਗਤ ਖਰਚਿਆਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ।
ਇਸ ਲਈ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਵੀ ਜ਼ੋਰ ਨਾਲ ਉਠਾਈ ਜਾਵੇਗੀ, ਜਿਸ ਖਾਤਰ ਪਹਿਲਾਂ ਹੀ ਬਿਜਲੀ ਅਧਿਕਾਰੀਆਂ ਵਿਰੁੱਧ ਥਾਂ ਥਾਂ ਧਰਨੇ ਘਿਰਾਓ ਜਾਰੀ ਹਨ। ਉੱਪਰੋਂ ਮੀਂਹ ਨਾਂਹ-ਮਾਤਰ ਪੈਣ ਕਾਰਨ ਪੈਦਾ ਹੋ ਰਹੀ ਸੋਕੇ ਵਰਗੀ ਸਥਿਤੀ ਨਾਲ ਨਜਿੱਠਣ ਲਈ ਹੋਰ ਵਧੇਰੇ ਬਿਜਲੀ ਸਪਲਾਈ ਦੇ ਅਗਾਊਂ ਪ੍ਰਬੰਧਾਂ ਵੱਲ ਵੀ ਧਿਆਨ ਦਿਵਾਇਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਆਗੂ ਹਰਪਾਲ ਸਿੰਘ ਪੇਧਨੀ ਬਲਾਕ ਗੋਬਿੰਦਰ ਸਿੰਘ ਮੰਗਵਲ ਸ਼ੇਰ ਅਹਿਮਦਗੜ ਧਰਵਿੰਦਰ ਸਿੰਘ ਪਸੋਰ ਕੁਲਵਿੰਦਰ ਸਿੰਘ ਭੂਦਨ ਹਰਜੀਤ ਸਿੰਘ ਮਹਿਲਾਂ ਅਜੈਬ ਸਿੰਘ ਲੱਖੇਵਾਲ, ਦਰਸ਼ਨ ਸਿੰਘ ਸ਼ਾਦੀ ਹਰੀ, ਹਰਬੰਸ ਸਿੰਘ ਲੱਡਾ ਅਜੈਬ ਸਿੰਘ ਜਖੇਪਲ ਆਦਿ ਹਾਜ਼ਰ ਸਨ ।ਜਗਸੀਰ ਸਿੰਘ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਸੂਬਾ ਜੱਥੇਬੰਦਕ ਕਮੇਟੀ ਆਗੂ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।