ਖੂਨ ਨਾਲ ਲਿਖਿਆ ਮੰਗ ਪੱਤਰ ਵਿਧਾਇਕ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ
ਸੁਰੇਸ਼ ਗਰਗ, ਸ੍ਰੀ ਮੁਕਤਸਰ ਸਾਹਿਬ। ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਬਲਾਕ ਸ੍ਰੀ ਮੁਕਤਸਰ ਸਾਹਿਬ ਵੱਲੋਂ ਬਲਾਕ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਘਰ ਅੱਗੇ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਭੁੱਖ ਹੜਤਾਲ ਰੱਖੀ ਤੇ ਪੰਜਾਬ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸੇਸ ਤੌਰ ’ਤੇ ਪੁਜੇ। ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਆਪਣੇ ਖੂਨ ਨਾਲ ਮੰਗ ਪੱਤਰ ਲਿਖਿਆ ਅਤੇ ਫੇਰ ਵਿਧਾਇਕ ਨੂੰ ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ’ਤੇ ਦਿੱਤਾ।
ਇਸ ਮੌਕੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ, ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ। ਇਸੇ ਤਰ੍ਹਾਂ ਹੋਰ ਦਰਜ਼ਨਾਂ ਮੰਗਾਂ ਰੱਖੀਆਂ ਗਈਆਂ ਯੂਨੀਅਨ ਦੀਆਂ ਆਗੂਆਂ ਨੇ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਾ ਗਈਆਂ ਤਾਂ ਫੇਰ ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਦੋ ਦਿਨ ਭੁੱਖ ਹੜਤਾਲ ਰੱਖੀ ਜਾਵੇਗੀ ਤੇ ਖੂਨ ਨਾਲ ਲਿਖ ਕੇ ਮੰਗ ਪੱਤਰ ਦਿੱਤੇ ਜਾਣਗੇ।
ਇਸ ਸਮੇਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਾਂ ਪੱਤਰ ਲੈਣ ਤੋਂ ਬਾਅਦ ਯੂਨੀਅਨ ਦੀਆਂ ਆਗੂਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਤੁਹਾਡੀ ਮੰਗ ਮੁੱਖ ਮੰਤਰੀ ਤੱਕ ਪਹੁੰਚਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਤੇ ਇਨ੍ਹਾਂ ਨੂੰ ਵੀ ਹਰਿਆਣੇ ਦੀਆਂ ਵਰਕਰਾਂ ਤੇ ਹੈਲਪਰਾਂ ਜਿੰਨਾ ਮਾਣ ਭੱਤਾ ਦਿੱਤਾ ਜਾਵੇ। ਇਸ ਮੌਕੇ ਸਰਬਜੀਤ ਕੌਰ ਚੱਕ ਕਾਲਾ ਸਿੰਘਵਾਲਾ, ਸਰਬਜੀਤ ਕੌਰ ਕੌੜਿਆਂਵਾਲੀ, ਸੁਖਵਿੰਦਰ ਕੌਰ ਸੰਗੂਧੌਣ, ਕਿਰਨਪਾਲ ਕੌਰ ਮਹਾਂਬੱਧਰ, ਮਨਜੀਤ ਕੌਰ ਡੋਹਕ, ਨਰਿੰਦਰ ਕੌਰ ਕੋਟਲੀ ਸੰਘਰ, ਬਲਜਿੰਦਰ ਕੌਰ ਖੱਪਿਆਂਵਾਲੀ, ਹਰਪ੍ਰੀਤ ਕੌਰ ਮੁਕਤਸਰ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।