ਖਾਰੇ ਪਾਣੀ ਦੀ ਸਿੰਚਾਈ ਲਈ ਯੋਗ ਵਰਤੋਂ

ਖਾਰੇ ਪਾਣੀ ਦੀ ਸਿੰਚਾਈ ਲਈ ਯੋਗ ਵਰਤੋਂ

ਪੰਜਾਬ ਦੇ ਤਕਰੀਬਨ 42 ਪ੍ਰਤੀਸ਼ਤ ਰਕਬੇ ਵਿੱਚ ਟਿਊਬਵੈੱਲਾਂ ਨਾਲ ਪ੍ਰਾਪਤ ਕੀਤੇ ਜ਼ਮੀਨੀ ਪਾਣੀ ਵਿੱਚ ਨਮਕ ਦੀ ਮਾਤਰਾ ਕਾਫ਼ੀ ਜ਼ਿਆਦਾ ਹੈ, ਜਿਸਦੀ ਸਿੰਚਾਈ ਲਈ ਲਗਾਤਾਰ ਵਰਤੋਂ ਜ਼ਮੀਨ ਦੀ ਸਿਹਤ ਅਤੇ ਖੇਤੀ ਪੈਦਾਵਾਰ ’ਤੇ ਮਾੜਾ ਅਸਰ ਕਰਦੀ ਹੈ। ਅਜਿਹੇ ਪਾਣੀ ਜਾਂ ਲੂਣੇ (ਸੋਡੀਅਮ ਦੇ ਕਲੋਰਾਈਡ ਜਾਂ ਸਲਫ਼ੇਟ ਵਾਲੇ) ਜਾਂ ਖਾਰੇ (ਸੋਡੀਅਮ ਦੇ ਕਾਰਬੋਨੇਟ ਜਾਂ ਬਾਈਕਾਰਬੋਨੇਟ ਵਾਲੇ) ਹੁੰਦੇ ਹਨ। ਕੁੱਝ ਪਾਣੀਆਂ ਵਿੱਚ ਬੋਰੋਨ ਅਤੇ ਫਲੋਰਾਈਡ ਵਰਗੇ ਜ਼ਹਿਰੀਲੇ ਪਦਾਰਥ ਵੀ ਹੋ ਸਕਦੇ ਹਨ।

ਇਸ ਲਈ ਇਹ ਅਤਿ ਜ਼ਰੂਰੀ ਹੈ ਕਿ ਟਿਊਬਵੈੱਲ ਦੇ ਪਾਣੀ ਦੀ ਜਾਂਚ ਮਿੱਟੀ-ਪਾਣੀ ਪਰਖ ਪ੍ਰਯੋਗਸ਼ਾਲਾ ਤੋਂ ਕਰਵਾਈ ਜਾਏ ਤਾਂ ਕਿ ਇਹ ਪਤਾ ਲੱਗ ਸਕੇ ਇਸ ਵਿੱਚ ਕਿਹੜੀ ਅਤੇ ਕਿੰਨੀ ਖ਼ਰਾਬੀ ਹੈ। ਬਹੁਤ ਜ਼ਿਆਦਾ ਮਾਤਰਾ ਵਿੱਚ ਲੂਣੇ ਅਤੇ ਖਾਰੇ ਪਾਣੀ ਦੀ ਵਰਤੋਂ ਖ਼ਾਸ ਪ੍ਰਬੰਧਕੀ ਢੰਗ ਵਰਤ ਕੇ ਕੀਤੀ ਜਾ ਸਕਦੀ ਹੈ। ਪੰਜਾਬ ਵਿੱਚ ਮਾੜੇ ਪਾਣੀ ਦੀ ਸਮੱਸਿਆ ਜ਼ਿਆਦਾਤਰ ਵੱਧ ਖਾਰਾਪਣ ਕਰਕੇ ਹੈ। (ਬਾਕੀ ਸੋਡੀਅਮ ਕਾਰਬੋਨੇਟ ਜਾਂ ਆਰ.ਐਸ.ਸੀ.) ਜਿਸਦੀ ਵਰਤੋਂ ਦਾ ਢੰਗ ਹੇਠ ਦਿੱਤੇ ਅਨੁਸਾਰ ਹੈ:

ਖੇਤ ਨੂੰ ਪੱਧਰ ਕਰਨਾ:

ਸਾਰੇ ਖੇਤ ਵਿੱਚ ਪਾਣੀ ਦੀ ਇੱਕਸਾਰ ਵੰਡ ਲਈ ਜ਼ਮੀਨ ਚੰਗੀ ਤਰ੍ਹਾਂ ਪੱਧਰ ਹੋਣੀ ਚਾਹੀਦੀ ਹੈ। ਇੱਕਸਾਰ ਪੱਧਰ ਜ਼ਮੀਨ ਵਿੱਚੋਂ ਘੁਲਣਸ਼ੀਲ ਨਮਕ ਅਤੇ ਪਾਣੀ ਇੱਕਸਾਰ ਜ਼ੀਰਦੇ ਹਨ। ਖੇਤ ਵਿੱਚ ਮਾਮੂਲੀ ਫ਼ਰਕ ਨਾਲ ਹੀ ਪਾਣੀ ਅਤੇ ਨਮਕ ਦੀ ਵੰਡ ਅਸਾਵੀਂ ਹੋ ਜਾਂਦੀ ਹੈ।
ਹਲਕੀਆਂ ਜ਼ਮੀਨਾਂ ਵਿੱਚ ਮਾੜਾ ਪਾਣੀ ਵਰਤੋ: ਅਜਿਹੀਆਂ ਜ਼ਮੀਨਾਂ ਵਿੱਚ ਸਿੰਚਾਈ ਨਾਲ ਨਮਕ ਜ਼ੀਰਨ ਦੀ ਦਰ ਵੱਧ ਹੈ। ਭਾਰੀਆਂ ਜ਼ਮੀਨਾਂ ਵਿੱਚ ਪਾਣੀ ਜ਼ੀਰਨ ਦੀ ਦਰ ਘੱਟ ਹੁੰਦੀ ਹੈ ਅਤੇ ਪਾਣੀ ਸਤਹਿ ’ਤੇ ਜ਼ਿਆਦਾ ਦੇਰ ਖੜ੍ਹਨ ਨਾਲ ਵਾਸ਼ਪੀਕਰਨ ਤੋਂ ਬਾਅਦ ਲੂਣਾਪਨ/ਖਾਰਾਪਣ ਤੇਜ਼ੀ ਨਾਲ ਬਣਦਾ ਹੈ, ਇਸ ਲਈ ਮਾੜੇ ਪਾਣੀ ਦੀ ਵਰਤੋਂ ਲਈ ਹਲਕੀਆਂ ਜ਼ਮੀਨਾਂ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।

ਜਿਪਸਮ ਦੀ ਵਰਤੋਂ:

ਦੇਖਣ ਵਿੱਚ ਆਇਆ ਹੈ ਕਿ ਜਿੱਥੇ ਸੋਡੀਅਮ ਬਾਈਕਾਰਬੋਨੇਟ (ਆਰ.ਐਸ.ਸੀ. ਜ਼ਿਆਦਾ ਹੋਵੇ) ਦੀ ਜ਼ਿਆਦਾ ਮਾਤਰਾ ਵਾਲਾ ਪਾਣੀ ਲੱਗਦਾ ਹੋਵੇ ਉਨ੍ਹਾਂ ਜ਼ਮੀਨਾਂ ਦੀ ਜ਼ੀਰਨ ਸ਼ਕਤੀ ਮਾੜੀ ਹੁੰਦੀ ਹੈ। ਸੋਡੀਅਮ ਦੀ ਜ਼ਿਆਦਾ ਮਾਤਰਾ ਇਕੱਤਰ ਹੋਣ ਨਾਲ ਜ਼ਮੀਨ ਦੀ ਬਣਤਰ ਵਿੱਚ ਗਿਰਾਵਟ ਆਉਂਦੀ ਹੈ। ਇਸ ਵਿੱਚ ਹਵਾ ਨਹੀਂ ਜਾ ਸਕਦੀ ਅਤੇ ਪੌਦਿਆਂ ਦੀਆਂ ਜੜ੍ਹਾਂ ਨੂੰ ਪਾਣੀ ਅਤੇ ਖ਼ੁਰਾਕੀ ਤੱਤਾਂ ਦੀ ਉਪਲੱਬਧਤਾ ਘਟ ਜਾਂਦੀ ਹੈ। ਜ਼ਮੀਨ ਵਿੱਚ ਜ਼ਿਆਦਾ ਸੋਡੀਅਮ ਦਾ ਮਾੜਾ ਅਸਰ ਜਿਪਸਮ ਦੀ ਵਰਤੋਂ ਨਾਲ ਦੂਰ ਕੀਤਾ ਜਾ ਸਕਦਾ ਹੈ। ਜਦੋਂ ਸਿੰਚਾਈ ਵਾਲੇ ਪਾਣੀ ਦੀ ਆਰ.ਐਸ.ਸੀ. 2.5 ਐਮ ਈ ਪ੍ਰਤੀ ਲੀਟਰ ਤੋਂ ਉੱਪਰ ਹੋਵੇ ਤਾਂ ਜਿਪਸਮ ਦੀ ਵਰਤੋਂ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਜਿਪਸਮ ਦੀ ਮਾਤਰਾ ਮਿੱਟੀ ਅਤੇ ਪਾਣੀ ਪਰਖ਼ ਪ੍ਰਯੋਗਸ਼ਾਲਾ ਤੋਂ ਕਢਵਾਈ ਜਾ ਸਕਦੀ ਹੈ।

ਆਰ.ਐਸ.ਸੀ. ਦੀ ਦਰ ਐਮ.ਈ. ਪ੍ਰਤੀ ਲੀਟਰ ਪਿੱਛੋਂ 1.50 ਕੁਇੰਟਲ ਜਿਪਸਮ ਪ੍ਰਤੀ ਏਕੜ ਚਾਰ ਸਿੰਚਾਈਆਂ ਪਿੱਛੇ ਬਣਦਾ ਹੈ ਜਦੋਂ ਹਰ ਸਿੰਚਾਈ 7.5 ਸੈਂਟੀਮੀਟਰ ਹੋਵੇ। ਪੂਰੇ ਦਾ ਪੂਰਾ ਜਿਪਸਮ (ਸਿੰਚਾਈਆਂ ਦੀ ਗਿਣਤੀ ’ਤੇ ਅਧਾਰਤ) ਇੱਕ ਹੀ ਵਾਰ ਫ਼ਸਲ ਦੀ ਕਟਾਈ ਤੋਂ ਬਾਅਦ ਪਾਉ। ਜੇ ਜ਼ਮੀਨ ਪਹਿਲਾਂ ਹੀ ਖਾਰੀ (ਸੋਡੀਅਮ ਦੀ ਜ਼ਿਆਦਾ ਮਾਤਰਾ) ਹੋਵੇ ਤਾਂ ਜਿਪਸਮ ਮਿੱਟੀ ਦੀ ਪਰਖ ਦੇ ਆਧਾਰ ’ਤੇ ਪਾਓ। ਜਿਪਸਮ ਨੂੰ ਜ਼ਮੀਨ ਦੀ ਉੱਪਰਲੀ ਤਹਿ (0-10 ਸੈਂਟੀਮੀਟਰ) ਵਿੱਚ ਮਿਲਾ ਕੇ ਭਰਵਾਂ ਪਾਣੀ ਲਾਓ ਤਾਂ ਕਿ ਅਗਲੀ ਫ਼ਸਲ ਬੀਜਣ ਤੋਂ ਪਹਿਲਾਂ ਘੁਲਣਸ਼ੀਲ ਨਮਕ ਜ਼ੀਰ ਜਾਣ।

ਜੈਵਿਕ ਖਾਦਾਂ ਦੀ ਵਰਤੋਂ:

ਚੂਨੇ ਜਾਂ ਰੋੜਾਂ ਵਾਲੀਆਂ ਜ਼ਮੀਨਾਂ, ਜਿਨ੍ਹਾਂ ਵਿੱਚ ਕੈਲਸ਼ੀਅਮ ਕਾਰਬੋਨੇਟ 2 ਪ੍ਰਤੀਸ਼ਤ ਤੋਂ ਜ਼ਿਆਦਾ ਹੋਵੇ ਅਤੇ ਖਾਰੇ ਪਾਣੀ ਨਾਲ ਸਿੰਜੀਆਂ ਜਾਂਦੀਆਂ ਹਨ, ਵਿੱਚ ਜੈਵਿਕ ਖਾਦਾਂ ਜਿਵੇਂ ਦੇਸੀ ਰੂੜੀ 8 ਟਨ ਪ੍ਰਤੀ ਏਕੜ ਜਾਂ 2.5 ਟਨ ਪ੍ਰਤੀ ਏਕੜ ਹਰੀ ਖਾਦ ਜਾਂ ਕਣਕ ਦਾ ਨਾੜ ਹਰ ਸਾਲ ਪਾਉ।

ਨਰਮੇ ਨੂੰ ਮਾੜਾ ਪਾਣੀ ਇੱਕ ਖੇਲ ਛੱਡ ਕੇ ਲਾਵੋ:

ਜਿੱਥੇ ਧਰਤੀ ਹੇਠਲਾ ਪਾਣੀ ਮਾੜਾ ਹੈ, ਉੱਥੇ ਨਰਮਾ ਵੱਟਾਂ ’ਤੇ ਬੀਜੋ। ਰੌਣੀ ਨਹਿਰੀ ਪਾਣੀ ਨਾਲ ਲਾ ਕੇ ਬਾਅਦ ਵਿੱਚ ਮਾੜੇ ਪਾਣੀ ਨੂੰ ਇੱਕ ਖੇਲ ਛੱਡ ਕੇ ਲਾਉ। ਇਸ ਤਰ੍ਹਾਂ ਪਾਣੀ ਦੀ ਬੱਚਤ ਹੁੰਦੀ ਹੈ, ਝਾੜ ਵੱਧ ਮਿਲਦਾ ਹੈ ਅਤੇ ਜ਼ਮੀਨ ਦੀ ਸਿਹਤ ਬਰਕਰਾਰ ਰਹਿੰਦੀ ਹੈ।

ਨਰਮੇ ਵਿੱਚ ਲੂਣੇ ਪਾਣੀ ਦੀ ਯੋਗ ਵਰਤੋਂ:

ਜਿੱਥੇ ਨਰਮੇ ਦੀ ਸਿੰਚਾਈ ਲੂਣੇ ਪਾਣੀ (ਚਾਲਕਤਾ 10 ਡੈਸੀਸੀਮਨ/ਮੀਟਰ ਤੱਕ) ਨਾਲ ਹੁੰਦੀ ਹੈ, ਉਹਨਾਂ ਜ਼ਮੀਨਾਂ ਵਿੱਚ 16 ਕੁਇੰਟਲ ਪ੍ਰਤੀ ਏਕੜ ਝੋਨੇ ਦੀ ਪਰਾਲੀ ਤੋਂ ਬਣੇ ਬਾਇਓਚਾਰ ਪਾਉਣ ਨਾਲ ਲੂਣੇ ਪਾਣੀ ਦੇ ਅਸਰ ਨੂੰ ਘਟਾਇਆ ਜਾ ਸਕਦਾ ਹੈ ਅਤੇ ਨਰਮੇ ਦੇ ਝਾੜ ਵਿੱਚ ਵਾਧਾ ਹੁੰਦਾ ਹੈ।

ਖਾਰਾ ਤੇ ਚੰਗਾ ਪਾਣੀ ਇਕੱਠਾ ਲਾਓ:

ਜਦੋਂ ਨਹਿਰੀ ਪਾਣੀ (ਚੰਗਾ ਪਾਣੀ) ਦੀ ਘਾਟ ਹੋਵੇ ਤਾਂ ਇਸ ਢੰਗ ਦੀ ਮਹੱਤਤਾ ਹੋਰ ਵੀ ਹੋ ਜਾਂਦੀ ਹੈ। ਮਾੜਾ ਪਾਣੀ ਚੰਗੇ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਵਰਤੋ। ਮਾੜਾ ਅਤੇ ਚੰਗਾ ਪਾਣੀ ਇਕੱਠਾ ਵੀ ਵਰਤਿਆ ਜਾ ਸਕਦਾ ਹੈ। ਇਸ ਲਈ ਦੋਵੇਂ ਬਦਲ ਕੇ ਵਰਤੇ ਜਾ ਸਕਦੇ ਹਨ। ਫ਼ਸਲ ਦੇ ਸ਼ੁਰੂ ਵਿੱਚ ਚੰਗਾ ਪਾਣੀ ਵਰਤਣਾ ਅਤੇ ਬਾਅਦ ਵਿੱਚ ਫ਼ਸਲ ਵਧਣ ’ਤੇ ਮਾੜਾ ਪਾਣੀ ਵਰਤਣਾ ਵੀ ਲਾਹੇਵੰਦ ਹੈ। ਵਧੀ ਹੋਈ ਫ਼ਸਲ ਵੱਧ ਖਾਰੇਪਣ ਅਤੇ ਸੋਕੇ ਨੂੰ ਸਹਾਰ ਸਕਦੀ ਹੈ।

ਜ਼ਮੀਨ ਵਿੱਚ ਖਾਰੇਪਣ ਅਤੇ ਲੂਣੇਪਣ ਦੇ ਬਣਨ ਦਾ ਧਿਆਨ ਰੱਖੋ:

ਜਦ ਖਾਰਾ ਪਾਣੀ ਲੰਬੇ ਅਰਸੇ ਲਈ ਵਰਤਣਾ ਹੋਵੇ ਤਾਂ ਕਿਸਾਨ ਨੂੰ ਲਗਾਤਾਰ ਵਕਫੇ ’ਤੇ ਮਿੱਟੀ ਦੀ ਪਰਖ਼ ਕਰਾ ਕੇ ਲੂਣ ਬਣਨ ਦਾ ਨਿਰੀਖਣ ਰੱਖਣਾ ਚਾਹੀਦਾ ਹੈ। ਇਸ ਨਾਲ ਜ਼ਮੀਨ ਵਿੱਚ ਗਿਰਾਵਟ ਰੋਕਣ ਵਿੱਚ ਸਹਾਇਤਾ ਮਿਲਦੀ ਹੈ।

ਪਿੰਡਾਂ ਵਿੱਚ ਛੱਪੜਾਂ ਦੇ ਪਾਣੀ ਨਾਲ ਸਿੰਚਾਈ:

ਛੱਪੜਾਂ ਦੇ ਪਾਣੀ ਵਿੱਚ ਫ਼ਸਲਾਂ ਦੇ ਖੁਰਾਕੀ ਤੱਤ ਹੁੰਦੇ ਹਨ ਜਿਵੇਂ ਕਿ ਨਾਈਟ੍ਰੋਜਨ, ਫ਼ਾਸਫ਼ੋਰਸ ਅਤੇ ਪੋਟਾਸ਼ ਪਰ ਇਨ੍ਹਾਂ ਦੇ ਨਾਲ-ਨਾਲ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਸੋਡੀਅਮ ਦੇ ਕਾਰਬੋਨੇਟ, ਬਾਈਕਾਰਬੋਨੇਟ ਅਤੇ ਕਲੋਰਾਈਡ ਲੂਣ ਵੱਧ ਮਾਤਰਾ ਵਿੱਚ ਹੋ ਸਕਦੇ ਹਨ। ਇਸ ਲਈ ਵਰਤਣ ਤੋਂ ਪਹਿਲਾਂ ਪਾਣੀ ਨੂੰ ਮਿੱਟੀ ਅਤੇ ਪਾਣੀ ਪਰਖ ਪ੍ਰਯੋਗਸ਼ਾਲਾ ਤੋਂ ਪਰਖ ਕਰਵਾ ਲੈਣਾ ਚਾਹੀਦਾ ਹੈ ਅਤੇ ਨਤੀਜਿਆਂ ਦੇ ਆਧਾਰ ਤੇ ਸਿੰਚਾਈ ਲਈ ਵਰਤਣਾ ਚਾਹੀਦਾ ਹੈ।
ਧੰਨਵਾਦ ਸਹਿਤ, ਖੇਤੀ ਯੂਨੀਵਰਸਿਟੀ, ਲੁਧਿਆਣਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।