ਕਦੋਂ ਤੇ ਕਿਹੜੀ ਸਰਕਾਰ ਲਵੇਗੀ ਬੇਰੁਜ਼ਗਾਰਾਂ ਦੀ ਸਾਰ
ਜੇਕਰ ਬੇਰੁਜ਼ਗਾਰਾਂ ਦੇ ਗ੍ਰਾਫ ਵੱਲ ਝਾਤੀ ਮਾਰੀਏ ਤਾਂ ਬੇਰੁਜ਼ਗਾਰ ਲੋਕਾਂ ਦੀ ਗਿਣਤੀ ਮਿਣਤੀ ਤੋਂ ਬਾਹਰ ਹੋ ਚੁੱਕੀ ਹੈ ਸਭ ਤੋਂ ਵੱਧ ਬੇਰੁਜ਼ਗਾਰੀ ਦਾ ਸਾਹਮਣਾ ਨੌਜਵਾਨ ਪੀੜ੍ਹੀ ਨੂੰ ਕਰਨਾ ਪੈ ਰਿਹਾ ਹੈ ਪੜ੍ਹਾਈ ਦੇ ਮੁਤਾਬਿਕ ਕਿਸੇ ਨੂੰ ਕੋਈ ਕੰਮ ਨਹੀਂ ਮਿਲ ਰਿਹਾ ਜਿਸ ਕਰਕੇ ਬੇਰੁਜ਼ਗਾਰੀ ਪੰਜਾਬ ਦੀ ਬੜੀ ਵੱਡੀ ਸਮਸਿਆ ਬਣ ਚੁੱਕੀ ਹੈ ਸਾਲ 2012 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 10 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ।
ਪਰ 10 ਲੱਖ ਤਾਂ ਦੂਰ ਦੀ ਗੱਲ ਬੜੀ ਮੁਸ਼ਕਿਲ ਨਾਲ ਇੱਕ ਲੱਖ ਲੋਕਾਂ ਨੂੰ ਵੀ ਨੌਕਰੀਆਂ ਨਹੀਂ ਮਿਲੀਆਂ ਫਿਰ 2017 ਦੀਆਂ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਵੋਟਾਂ ਮੰਗਦਿਆਂ ਸਰਕਾਰ ਬਣਨ ’ਤੇ ਘਰ-ਘਰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਤੇ ਇਹ ਵਾਅਦਾ ਕਿੰਨਾ ਕੁ ਪੂਰਾ ਹੋਇਆ, ਇਸ ਦੀ ਮਿਸਾਲ ਹਰ ਰੋਜ਼ ਨੌਕਰੀ ਮੰਗਣ ਜਾ ਰਹੇ ਬੇਰੁਜ਼ਗਾਰਾਂ ਤੋਂ ਪੁੱਛ ਲਵੋਂ ਕਿ ਕਿਵੇਂ ਨਿੱਤ ਦਿਹਾੜੇ ਪੁਲਿਸ ਵੱਲੋਂ ਕੁਟਾਪੇ ਚਾੜ੍ਹੇ ਜਾ ਰਹੇ ਹਨ ਕੋਈ ਦਿਨ ਹੀ ਖਾਲੀ ਨਿਕਲਦਾ ਹੋਵੇਗਾ ਜਿਸ ਦਿਨ ਕਿਧਰੇ ਨਾ ਕਿਧਰੇ ਬੇਰੁਜ਼ਗਾਰਾਂ ਦੀ ਮੌਤ ਦੀ ਖਬਰ ਨਾ ਸੁਣਦੇ ਹੋਈਏ ਨਹੀਂ ਤਾਂ ਨਿੱਤ ਦਿੱਨ ਬੇਰੁਜ਼ਗਾਰਾਂ ਵਲੋਂ ਆਤਮ ਹੱਤਿਆਵਾਂ ਦਾ ਆਲਮ ਹੀ ਭਰ ਰਿਹਾ ਹੈ।
ਭਾਰਤ ਵਿਚ ਬੇਰੁਜ਼ਗਾਰੀ ਦੀ ਸਮੱਸਿਆ ਦੇ ਕਈ ਕਾਰਨ ਹਨ, ਜਿਨ੍ਹਾਂ ਵਿਚੋਂ ਵਧ ਰਹੀ ਆਬਾਦੀ ਪ੍ਰਮੁੱਖ ਹੈ। ਦੁਨੀਆ ਵਿਚ ਸਭ ਤੋਂ ਵਧ ਆਬਾਦੀ ਚੀਨ ਦੀ ਹੈ ਤੇ ਭਾਰਤ ਦਾ ਦੂਜਾ ਨੰਬਰ ਹੈ। ਸੰਨ 2011 ਦੀ ਮਰਦਮਸ਼ੁਮਾਰੀ ਮੁਤਾਬਕ ਭਾਰਤ ਦੀ ਆਬਾਦੀ 121 ਕਰੋੜ ਸੀ, ਜੋ ਹੁਣ ਲਗਭਗ 130 ਕਰੋੜ ਹੋ ਗਈ ਹੈ। ਭਾਰਤ ਵਿਚ ਆਬਾਦੀ ਦੇ ਮੁਕਾਬਲੇ ਉਤਪਾਦਨ ਦੇ ਸਾਧਨ ਘੱਟ ਹਨ ਤੇ ਸਾਧਨਾਂ ਦਾ ਸਹੀ ਇਸਤੇਮਾਲ ਨਹੀਂ ਹੋ ਰਿਹਾ। ਸਾਧਨਾਂ ਦੀ ਮੰਗ ਉਨ੍ਹਾਂ ਦੀ ਪੂਰਤੀ ਤੋਂ ਜ਼ਿਆਦਾ ਹੈ। ਜਦੋਂ ਪੂਰਤੀ ਤੋਂ ਮੰਗ ਵਧ ਜਾਂਦੀ ਹੈ ਤਾਂ ਅਰਥਚਾਰੇ ਵਿਚ ਅਸੁੰਤਲਨ ਦੀ ਸਮੱਸਿਆ ਪੈਦਾ ਹੁੰਦੀ ਹੈ।
ਆਬਾਦੀ ਵਧਣ ਨਾਲ ਹੋਰ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਜਿਵੇਂ ਗਰੀਬੀ, ਮਹਿੰਗਾਈ, ਭਿ੍ਰਸ਼ਟਾਚਾਰ ਆਦਿ। ਭਾਰਤ ਵਿਚ ਬੇਰੁਜ਼ਗਾਰੀ ਦਾ ਹੋਰ ਕਾਰਨ ਆਰਥਿਕ ਵਿਕਾਸ ਦੀ ਘਟ ਦਰ ਘੱਟ ਹੈ। ਵਿਕਾਸ ਦਰ ਘੱਟ ਹੋਣ ਕਾਰਨ ਵਸਤੂਆਂ ਅਤੇ ਸੇਵਾਵਾਂ ਦਾ ਉਤਪਾਦਨ ਘੱਟ ਹੋ ਜਾਂਦਾ ਹੈ। ਮਜ਼ਦੂਰਾਂ ਨੂੰ ਰੁਜ਼ਗਾਰ ਨਹੀਂ ਮਿਲਦਾ। ਵਸਤਾਂ ਦੀਆਂ ਕੀਮਤਾਂ ਵਧ ਜਾਂਦੀਆਂ ਹਨ। ਪਿਛਲੇ 5 ਸਾਲਾਂ ਦੌਰਾਨ ਨੋਟਬੰਦੀ ਅਤੇ ਜੀਐਸਟੀ ਕਾਰਨ ਵਿਕਾਸ ਦਰ ਘਟੀ ਹੈ। ਲੋਕਾਂ ਦੇ ਕੰਮ-ਧੰਦੇ ਠੱਪ ਹੋ ਗਏ, ਜਿਸ ਨਾਲ ਭਾਰਤੀ ਅਰਥਚਾਰੇ ਦੀ ਹਾਲਤ ਵਿਗੜ ਗਈ ਹੈ।
ਬੇਰੁਜ਼ਗਾਰੀ ਦਾ ਇਕ ਹੋਰ ਕਾਰਨ ਮਸ਼ੀਨੀਕਰਨ ਹੈ। ਭਾਰਤ ਖੇਤੀਬਾੜੀ ਪ੍ਰਧਾਨ ਦੇਸ਼ ਹੈ ਤੇ 50 ਫ਼ੀਸਦੀ ਆਬਾਦੀ ਖੇਤੀਬਾੜੀ ‘ਤੇ ਨਿਰਭਰ ਕਰਦੀ ਹੈ। ਪਰ ਖੇਤੀ ਵਿਚ ਲੋੜੋਂ ਵੱਧ ਮਸ਼ੀਨੀਕਰਨ ਕਾਰਨ ਕਰੋੜਾਂ ਖੇਤ ਮਜ਼ਦੂਰ ਬੇਰੁਜ਼ਗਾਰ ਹੋ ਗਏ ਹਨ। ਭਾਰਤ ਵਿਚ ਵੱਡੇ-ਵੱਡੇ ਉਦਯੋਗਾਂ ਵਿਚ ਵੀ ਆਧੁਨਿਕ ਮਸ਼ੀਨਾਂ ਦੀ ਵਰਤੋਂ ਵਧਣ ਕਾਰਨ ਬੇਰੁਜ਼ਗਾਰੀ ਵਿਚ ਕਾਫੀ ਵਾਧਾ ਹੋਇਆ ਹੈ। ਭਾਰਤ ਵਿਚ ਸਰਕਾਰੀ, ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੀ ਦਰ ਪਿਛਲੇ 5 ਸਾਲਾਂ ਦੌਰਾਨ ਕਾਫੀ ਘਟੀ ਹੈ। ਨਿਵੇਸ਼ ਘਟਣ ਨਾਲ ਵਿਕਾਸ ਦਰ ਵੀ ਘਟ ਜਾਂਦੀ ਹੈ, ਵਸਤਾਂ ਤੇ ਸੇਵਾਵਾਂ ਦੀ ਪੈਦਾਵਾਰ ਵੀ ਘਟ ਜਾਂਦੀ ਹੈ, ਨਿਰਮਾਣ ਕਾਰਜ ਘਟ ਜਾਂਦੇ ਹਨ ਤੇ ਲੋਕਾਂ ਨੂੰ ਰੁਜ਼ਗਾਰ ਨਹੀਂ ਮਿਲਦਾ। ਬੇਰੁਜ਼ਗਾਰੀ ਦਾ ਇਕ ਹੋਰ ਮੁੱਖ ਕਾਰਨ ਸਨਅਤੀ ਵਿਕਾਸ ਦੀ ਕਮੀ ਹੈ। ਭਾਰਤ ਵਿਚ ਪੇਂਡੂ ਅਤੇ ਛੋਟੇ ਉਦਯੋਗ-ਧੰਦੇ ਖਤਮ ਹੋ ਗਏ ਹਨ।
ਪੁਰਾਣੇ ਸਮੇਂ ਵਿਚ ਪਿੰਡਾਂ ਵਿਚ ਛੋਟੇ ਕਾਰੋਬਾਰ ਹੁੰਦੇ ਸਨ। ਹਰੇਕ ਵਿਅਕਤੀ ਕਿਸੇ ਕੰਮ ਧੰਦੇ ਵਿਚ ਲੱਗਿਆ ਹੋਇਆ ਸੀ, ਪਰ ਮਸ਼ੀਨੀਕਰਨ ਕਾਰਨ ਇਹ ਛੋਟੇ ਉਦਯੋਗ ਬਿਲਕੁਲ ਖਤਮ ਹੋ ਗਏ ਹਨ। ਇਸ ਕਾਰਨ ਵੀ ਬੇਰੁਜ਼ਗਾਰੀ ਵਿਚ ਵਾਧਾ ਹੋਇਆ ਹੈ। ਭਾਰਤ ਵਿਚ ਖੇਤੀ ਇਕ ਮੌਸਮੀ ਉਦਯੋਗ ਹੋਣ ਕਾਰਨ ਵੀ ਬੇਰੁਜ਼ਗਾਰੀ ਹੈ। ਬੇਸ਼ੱਕ ਖੇਤੀ ਸਾਡੇ ਦੇਸ਼ ਦਾ ਪ੍ਰਮੁੱਖ ਕਿੱਤਾ ਹੈ, ਜਿਸ ‘ਤੇ ਅੱਧੀ ਆਬਾਦੀ ਨਿਰਭਰ ਕਰਦੀ ਹੈ, ਪਰ ਸਾਡੀ ਖੇਤੀ ਨਾ ਸਿਰਫ ਅਣਵਿਕਸਤ ਹੈ, ਬਲਕਿ ਮੌਸਮੀ ਕੰਮ ਦੇਣ ਵਾਲਾ ਕਿੱਤਾ ਹੈ। ਇਸ ਕਾਰਨ ਇਹ ਕਿਸਾਨਾਂ ਨੂੰ ਸਾਰਾ ਸਾਲ ਕੰਮ ਨਹੀਂ ਦੇ ਸਕਦੀ ਤੇ ਖੇਤੀ ਵਿਚ ਵੀ ਕਾਫੀ ਲੋਕ ਤਿੰਨ ਮਹੀਨੇ ਲਈ ਵਿਹਲੇ ਬੈਠੇ ਰਹਿੰਦੇ ਹਨ। ਛੁਪੀ ਜਾਂ ਅਦਿ੍ਰਸ਼ ਬੇਰੁਜ਼ਗਾਰੀ ਕੁੱਲ ਖੇਤੀ ਆਬਾਦੀ ਦਾ 15 ਫ਼ੀਸਦੀ ਹੈ।
ਸਿੰਜਾਈ ਸਹੂਲਤਾਂ ਦੀ ਕਮੀ ਕਾਰਨ ਵੀ ਬੇਰੁਜ਼ਗਾਰੀ ਵਧੀ ਹੈ। ਭਾਰਤ ਵਿਚ 5 ਸਾਲਾ ਯੋਜਨਾਵਾਂ ਦੇ ਬਾਅਦ ਵੀ ਸਿਰਫ 34 ਫ਼ੀਸਦੀ ਖੇਤੀ ਰਕਬਾ ਸਿੰਜਾਈ ਅਧੀਨ ਹੈ। ਸਿੰਜਾਈ ਦੀ ਕਮੀ ਕਾਰਨ ਜ਼ਿਆਦਾ ਜ਼ਮੀਨ ‘ਤੇ ਇਕ ਹੀ ਫਸਲ ਪੈਦਾ ਕੀਤੀ ਜਾ ਸਕਦੀ ਹੈ ਤੇ ਕਿਸਾਨਾਂ ਨੂੰ ਕਾਫੀ ਸਮਾਂ ਬੇਰੁਜ਼ਗਾਰ ਰਹਿਣਾ ਪੈਂਦਾ ਹੈ। ਕਿਸੇ ਵੀ ਯੋਜਨਾ ਵਿਚ ਬੇਰੁਜ਼ਗਾਰ ਦੇ ਖ਼ਾਤਮੇ ਦੀ ਲੰਮੇ ਸਮੇਂ ਲਈ ਕੋਈ ਠੋਸ ਯੋਜਨਾ ਨਹੀਂ ਬਣਾਈ ਗਈ।
ਪੰਜਾਬ ਦਾ ਰੁਜ਼ਗਾਰ ਵਿਭਾਗ ਲੋੜਵੰਦਾਂ ਤੇ ਯੋਗ ਉਮੀਦਵਾਰਾਂ ਨੂੰ ਇਕ ਨਿਰਧਾਰਤ ਤੇ ਸੰਤੁਲਿਤ ਨੀਤੀ ਅਨੁਸਾਰ ਸਰਕਾਰੀ ਨੌਕਰੀਆਂ ਦੇਣ ਲਈ ਬਣਾਇਆ ਗਿਆ ਸੀ ਪਰ ਇਹ ਮਹਿਕਮਾ ਇਸ ਵੇਲੇ ਆਪਣੀ ਸਾਰਥਿਕਤਾ ਗੁਆਉਂਦਾ ਜਾਪ ਰਿਹਾ ਹੈ। ਇਸ ਤੱਥ ਨੂੰ ਉਦੋਂ ਹੋਰ ਵੀ ਬਲ ਮਿਲ ਜਾਂਦਾ ਹੈ ਜਦੋਂ ਪੰਜਾਬ ਵਿਚ ਬੇਰੁਜ਼ਗਾਰਾਂ ਦੇ ਸਹੀ ਅੰਕੜੇ ਵੀ ਰੁਜ਼ਗਾਰ ਤੇ ਅੰਕੜਾ ਵਿਭਾਗ ਕੋਲੋਂ ਨਹੀਂ ਮਿਲਦੇ।
ਪੰਜਾਬ ਕੋਲ ਕੋਈ ਰੁਜ਼ਗਾਰ ਨੀਤੀ ਵੀ ਨਹੀਂ ਹੈ। ਗੁਆਂਢੀ ਸੂਬੇ ਹਿਮਾਚਲ ਵਿਚ ਚਲੇ ਜਾਓ ਤਾਂ ਉਥੇ ਨਿੱਜੀ ਖੇਤਰ ਵਿਚ ਵੀ 70 ਫੀਸਦੀ ਨੌਕਰੀਆਂ ਹਿਮਾਚਲ ਵਾਸੀਆਂ ਨੂੰ ਮਿਲਦੀਆਂ ਹਨ ਤੇ 30 ਫੀਸਦੀ ਬਾਹਰਲੇ ਸੂਬਿਆਂ ਦੇ ਵਾਸੀਆਂ ਨੂੰ। ਪੰਜਾਬ ਵਿਚ ਨੀਤੀ ਨਾ ਹੋਣ ਕਾਰਨ ਹਾਲਾਤ ਇਸ ਤੋਂ ਉਲਟ ਹੈ। ਸਰਕਾਰੀ ਨੌਕਰੀਆਂ ਵਿਚ, ਇੱਥੋਂ ਤੱਕ ਕਿ ਪੁਲਿਸ ਵਿਚ ਵੀ ਬਾਹਰਲੇ ਸੂਬਿਆਂ ਦੇ ਲੋਕ ਭਰਤੀ ਹੋ ਰਹੇ ਹਨ। ਜਦੋਂਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ ਲਈ ਭੁੱਖ ਹੜਤਾਲਾਂ- ਧਰਨੇ-ਮੁਜ਼ਾਹਰੇ ਕਰਕੇ ਪੁਲਿਸ ਦੀਆਂ ਡਾਂਗਾਂ ਖਾ ਰਹੇ ਹਨ। ਕੋਈ ਵੀ ਸਿਆਸੀ ਧਿਰ ਬੇਰੁਜ਼ਗਾਰੀ ਨੂੰ ਲੈ ਕੇ ਸੁਹਿਰਦ ਤੇ ਇਮਾਨਦਾਰ ਨਹੀਂ ਹੈ।ਪਹਿਲਾਂ ਥੋੜ੍ਹੇ ਬਾਹਲੇ ਨੌਜਵਾਨ ਫੌਜ਼ ਵਿੱਚ ਭਰਤੀ ਹੋ ਜਾਂਦੇ ਸਨ ਹੁਣ ਉਥੇ ਵੀ ਪੰਜਾਬ ਦਾ ਕੋਟਾ ਡੇਢ ਪ੍ਰਤੀਸ਼ਤ ਨਿਰਧਾਰਿਤ ਕੀਤਾ ਹੋਇਆ ਹੈ
ਬਹੁਤੇ ਨੌਜਵਾਨ ਬਾਹਰਲੇ ਦੇਸ਼ਾ ਵੱਲ ਕੂਚ ਕਰ ਰਹੇ ਹਨ ਜਿਹੜੇ ਚਲੇ ਗਏ ਹਨ ਉਹ ਵਾਪਿਸ ਪਰਤਣ ਦਾ ਨਾਂਅ ਤਕ ਨਹੀਂ ਲੈਣ ਵਾਲੇ ਪਰ ਇੱਥੇ ਜਦੋ ਚੋਣਾਂ ਦਾ ਸਮਾਂ ਆਉਂਦਾ ਹੈ ਵਾਅਦਿਆਂ ਦੀਆਂ ਝੜੀਆਂ ਲਗ ਜਾਂਦੀਆਂ ਹਨ ਜਿਸ ਦੀ ਸਰਕਾਰ ਆਉਂਦੀ ਹੈ ਉਹ ਇੱਕੋ ਇੱਕ ਬਣਿਆ ਬਿਆਨ ਦੇ ਦਿੰਦੇ ਹਨ ਕਿ ਖਜ਼ਾਨਾ ਖਾਲੀ ਮਿਲਿਆ ਹੈ ਬਸ ਇਸੇ ਬਹਾਨੇ ਨਾਲ 5 ਸਾਲ ਦਾ ਸਮਾਂ ਕੱਢ ਕੇ ਤੁਰਦੇ ਬਣਦੇ ਹਨ ਹੁਣ ਲੋਕ ਮੂੰਹ ਵੱਲ ਵੇਖ ਰਹੇ ਹਨ ਕਿ ਕਦੋ ਤੇ ਕਿਹੜੀ ਸਰਕਾਰ ਲਵੇਗੀ ਬੇਰੁਜ਼ਗਾਰਾਂ ਦੀ ਸਾਰ ਇਹ ਹੁਣ ਆਉਣ ਵਾਲੀਆਂ ਚੋਣਾਂ ਹੀ ਦੱਸਣਗੀਆਂ ਕੀ ਵੋਟਰ ਝੂਠ ਦੇ ਪੁਲੰਦਿਆਂ ’ਤੇ ਵਿਸ਼ਵਾਸ ਕਰਨਗੇ ਜਾਂ ਫਿਰ ਕੋਈ ਸੱਚ ਦੀ ਖੋਜ਼ ਕਰਨਗੇ, ਇਹ ਹੁਣ ਵੇਖਣਾ ਹੋਵੇਗਾ
ਮਮਦੋਟ, ਫਿਰੋਜ਼ਪੁਰ
ਮੋਂ: 7589155501
ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ