ਦਾਣਿਆਂ ਦਾ ਭੰਡਾਰਨ ਤੇ ਭੰਡਾਰਨ ਦੌਰਾਨ ਕੀੜਿਆਂ ਦੀ ਰੋਕਥਾਮ

ਦਾਣਿਆਂ ਦਾ ਭੰਡਾਰਨ ਤੇ ਭੰਡਾਰਨ ਦੌਰਾਨ ਕੀੜਿਆਂ ਦੀ ਰੋਕਥਾਮ

  • 1. ਕਣਕ ਸਟੋਰ ਕਰਨਾ
  • ੳ) ਘਰੇਲੂ ਵਰਤੋਂ ਲਈ

ਅਨਾਜ ਦਾ ਭੰਡਾਰ ਕਰਨ ਦੀ ਵੱਖ-ਵੱਖ ਸਮਰੱਥਾ ਵਾਲੇ ਢੋਲ ਮਿਲਦੇ ਹਨ| ਘਰੇਲੂ ਵਰਤੋਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਨਕਸ਼ਿਆਂ ’ਤੇ 1.5, 3.5 ਜਾਂ ਸਾਢੇ 7 ਤੋਂ 15 ਕੁਇੰਟਲ ਦਾਣਿਆਂ ਲਈ ਲੋਹੇ ਦੇ ਭੜੋਲੇ ਮਿਲਦੇ ਹਨ| ਇਹ ਹਵਾ ਰਹਿਤ ਢੋਲ ਇਸ ਤਰ੍ਹਾਂ ਬਣਾਏ ਗਏ ਹਨ ਕਿ ਇਨ੍ਹਾਂ ਵਿੱਚ ਅਨਾਜ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੀੜੇ-ਮਕੌੜੇ, ਚੂਹੇ ਆਦਿ ਦਾਖ਼ਲ ਨਹੀਂ ਹੋ ਸਕਦੇ ਅਤੇ ਅਨਾਜ ਦੇ ਅੰਦਰ ਰਹਿ ਗਏ ਕੀਟਾਂ ਨੂੰ ਵਧਣ-ਫੱੁਲਣ ਲਈ ਯੋਗ ਵਾਤਾਵਰਣ ਨਹੀਂ ਮਿਲਦਾ| ਇਹ ਸਸਤੇ ਪੈਂਦੇ ਹਨ| ਇੱਕ ਥਾਂ ਤੋਂ ਦੂਜੀ ਥਾਂ ਲਿਜਾਏ ਜਾ ਸਕਦੇ ਹਨ ਤੇ ਬਣਤਰ ਵਿੱਚ ਵੀ ਸਾਦੇ ਹੀ ਹੁੰਦੇ ਹਨ| ਇਨ੍ਹਾਂ (ਢੋਲਾਂ) ਦੀ ਵਰਤੋਂ ਲਈ ਹੇਠ ਲਿਖੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ:-

  • -ਢੋਲ (ਭੜੋਲੇ) ਚੰਗੀ ਤਰ੍ਹਾਂ ਸਾਫ਼ ਕਰ ਲਓ ਤਾਂ ਕਿ ਪਹਿਲਾਂ ਸਟੋਰ ਕੀਤੇ ਅਨਾਜ ਦੀ ਰਹਿੰਦ-ਖੂੰਹਦ ਬਿਲਕੁਲ ਨਾ ਰਹੇ|
  • -ਦਾਣਿਆਂ ਨੂੰ, ਸਭ ਕੂੜਾ-ਕਰਕਟ ਕੱਢ ਕੇ ਚੰਗੀ ਤਰ੍ਹਾਂ ਸਾਫ਼ ਕਰ ਲਓ| ਟੁੱਟੇ-ਭੱਜੇ ਦਾਣੇ ਕੀੜਿਆਂ ਨੂੰ ਸੱਦਾ ਦਿੰਦੇ ਹਨ| ਇਸ ਲਈ ਇਨ੍ਹਾਂ ਨੂੰ ਅੱਡ ਕਰ ਲੈਣਾ ਚਾਹੀਦਾ ਹੈ|
  • -ਨਵੇਂ ਦਾਣਿਆਂ ਨੂੰ ਪੁਰਾਣੇ ਦਾਣਿਆਂ ਵਿੱਚ ਨਾ ਮਿਲਾਓ| ਹੋ ਸਕਦਾ ਹੈ ਕਿ ਉਨ੍ਹਾਂ ਨੂੰ ਕੀੜੇ ਲੱਗੇ ਹੋਏ ਹੋਣ|
  • -ਲੱਗੇ ਹੋਏ ਜਾਂ ਸਿੱਲ੍ਹੇ ਦਾਣੇ ਕਦੇ ਸਟੋਰ ਨਾ ਕਰੋ| ਦਾਣਿਆਂ ਨੂੰ ਚੰਗੀ ਤਰ੍ਹਾਂ ਧੁੱਪੇ ਸੁਕਾ ਲਓ| ਫਿਰ ਠੰਢੇ ਕਰਕੇ ਸ਼ਾਮ ਨੂੰ ਢੋਲਾਂ ਵਿੱਚ ਪਾਓ| ਦਾਣਿਆਂ ਵਿੱਚ ਸਿੱਲ੍ਹ 9 ਫ਼ੀਸਦੀ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ|
  • -ਢੋਲਾਂ ਨੂੰ ਉੱਪਰ ਤੱਕ ਨੱਕੋ-ਨੱਕ ਭਰੋ ਅਤੇ ਢੱਕਣ ਚੰਗੀ ਤਰ੍ਹਾਂ ਪੀਚ ਕੇ ਕੱਸ ਲਓ|
  • -ਪਹਿਲੇ 30 ਦਿਨ ਢੋਲ ਨੂੰ ਬਿਲਕੁਲ ਨਾ ਖੋਲ੍ਹੋ ਤੇ ਫਿਰ 15 ਦਿਨਾਂ ਦੇ ਵਕਫੇ ਨਾਲ ਖੋਲ੍ਹੋ| ਦਾਣੇ ਕੱਢਣ ਮਗਰੋਂ ਤੁਰੰਤ ਬੰਦ ਕਰ ਦਿਓ|
  • -ਦਾਣਿਆਂ ਨੂੰ ਗਾਹੇ-ਬਗਾਹੇ ਦੇਖਦੇ ਰਹੋ ਤਾਂ ਜੋ ਕੋਈ ਕੀੜਾ-ਮਕੌੜਾ ਤਾਂ ਨਹੀਂ ਲੱਗ ਗਿਆ|

ਅ) ਵਪਾਰਕ ਮੰਤਵ ਲਈ

ਵਪਾਰਕ ਕੰਮ-ਕਾਰ ਲਈ ਕਣਕ ਸਟੋਰ ਕਰਨ ਲਈ ਕਿਸਾਨਾਂ ਨੂੰ ਹੇਠ ਲਿਖੀਆਂ ਏਜੰਸੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਲਾਭ ਉਠਾਉਣਾ ਚਾਹੀਦਾ ਹੈ:-

  • -ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਤੇ ਉਸ ਦੇ ਸਥਾਨਕ ਦਫ਼ਤਰ
  • -ਸੈਂਟਰਲ ਵੇਅਰ ਹਾਊਸਿੰਗ ਕਾਰਪੋਰੇਸ਼ਨ ਤੇ ਉਸ ਦੇ ਸਥਾਨਕ ਦਫ਼ਤਰ
  • -ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਤੇ ਇਸ ਦੀਆਂ ਸ਼ਾਖਾਵਾਂ

2. ਭੰਡਾਰਣ ਦੌਰਾਨ ਦਾਣਿਆਂ ਦੇ ਕੀੜਿਆਂ ਦੀ ਰੋਕਥਾਮ:

-ਸੁਸਰੀ, ਖਪਰਾ ਤੇ ਢੋਰਾ ਆਦਿ ਕਈ ਪ੍ਰਕਾਰ ਦੇ ਕੀੜੇ ਗੁਦਾਮਾਂ ਵਿੱਚ ਦਾਣਿਆਂ ਦਾ ਬਹੁਤ ਨੁਕਸਾਨ ਕਰਦੇ ਹਨ| ਇਨ੍ਹਾਂ ਦੇ ਹਮਲੇ ਨਾਲ ਦਾਣਿਆਂ ਦੀ ਖ਼ੁਰਾਕੀ ਤਾਕਤ ਅਤੇ ਉੱਗਣ ਸ਼ਕਤੀ ਬਹੁਤ ਘਟ ਜਾਂਦੀ ਹੈ| ਇਨ੍ਹਾਂ ਕੀੜਿਆਂ ਦੀ ਰੋਕਥਾਮ ਲਈ ਹੇਠ ਲਿਖੀਆਂ ਗੱਲਾਂ ਦਾ ਧਿਆਨ ਜ਼ਰੂਰੀ ਹੈ:-

  • -ਨਵੇਂ ਦਾਣੇ ਸੁਧਰੇ ਗੁਦਾਮਾਂ ਵਿੱਚ ਜਾਂ ਢੋਲਾਂ ਵਿੱਚ ਰੱਖੋ|
  • -ਗੁਦਾਮਾਂ ਦੀਆਂ ਸਭ ਤਰੇੜਾਂ, ਦਰਜਾਂ, ਮੋਰੀਆਂ ਤੇ ਖੁੱਡਾਂ ਆਦਿ ਨੂੰ ਚੰਗੀ ਤਰ੍ਹਾਂ ਬੰਦ ਕਰ ਦਿਉ|
  • -ਅਨਾਜ ਦੇ ਭੰਡਾਰਣ ਲਈ ਨਵੀਆਂ ਬੋਰੀਆਂ ਵਰਤੋ|

-ਗੁਦਾਮਾਂ ਜਾਂ ਢੋਲਾਂ ਨੂੰ ਕੀੜਿਆਂ ਤੋਂ ਮੁਕਤ ਕਰਨ ਲਈ 100 ਮਿਲੀਲੀਟਰ ਸਾਇਥੀਅਨ (ਮੈਲਾਥੀਅਨ ਪ੍ਰੀਮੀਅਮ ਗਰੇਡ) 50 ਤਾਕਤ ਨੂੰ 10 ਲੀਟਰ ਪਾਣੀ ਵਿੱਚ ਘੋਲ ਕੇ ਛੱਤ, ਕੰਧਾਂ ਤੇ ਫਰਸ਼ ’ਤੇ ਛਿੜਕੋ|

ਜਾਂ 

-ਇਨ੍ਹਾਂ ਗੁਦਾਮਾਂ ਨੂੰ ਕੀੜਿਆਂ ਤੋਂ ਮੁਕਤ ਕਰਨ ਲਈ 25 ਗੋਲੀਆਂ ਐਲੂਮੀਨੀਅਮ ਫ਼ਾਸਫਾਈਡ ਪ੍ਰਤੀ 100 ਘਣ ਮੀਟਰ ਥਾਂ ਪਿੱਛੇ ਰੱਖੋ ਅਤੇ 7 ਦਿਨ ਕਮਰੇ ਹਵਾ ਬੰਦ ਰੱਖੋ|

-ਢੋਰੇ ਦੀ ਰੋਕਥਾਮ ਲਈ ਸਟੋਰ ਵਿੱਚ ਪਈਆਂ ਦਾਲਾਂ ਉੱਪਰ 7 ਸੈਂਟੀਮੀਟਰ ਰੇਤ ਜਾਂ ਲੱਕੜੀ ਦੇ ਬੂਰੇ ਦੀ ਤਹਿ ਵਿਛਾ ਦਿਓ, ਦਾਣੇ ਸਟੋਰ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸੁਕਾ ਲਵੋ|

-ਜੇਕਰ ਦਾਣਿਆਂ ਨੂੰ ਖਪਰਾ ਲੱਗਾ ਹੋਵੇ ਤਾਂ ਉਨ੍ਹਾਂ ਗੁਦਾਮਾਂ ਵਿੱਚ ਐਲੂਮੀਨੀਅਮ ਫਾਸਫਾਈਡ ਦੀ ਮਾਤਰਾ ਦੱੁਗਣੀ ਕਰ ਦਿਓ| ਦਾਣੇ ਸੁਕਾ ਕੇ ਰੱਖੋ|

-ਟੀਨ ਦੇ ਭੜੋਲੇ ਸਾਫ਼ ਹੋਣੇ ਚਾਹੀਦੇ ਹਨ ਅਤੇ ਇਨ੍ਹਾਂ ਨੂੰ 2-3 ਦਿਨ ਧੁੱਪ ਲਵਾ ਲੈਣੀ ਚਾਹੀਦੀ ਹੈ|

ਕੀੜੇ ਲੱਗੇ ਦਾਣਿਆਂ ਦਾ ਇਲਾਜ:

ਫੋਸਟੌਕਸਿਨ ਜਾਂ ਡੈਲੀਸ਼ੀਆ ਜਾਂ ਸੈਲਫਾਸ (ਐਲੂਮੀਨੀਅਮ ਫ਼ਾਸਫਾਈਡ) ਦੀ ਤਿੰਨ ਗ੍ਰਾਮ ਦੀ ਇੱਕ ਗੋਲੀ ਇੱਕ ਟਨ ਦਾਣਿਆਂ ਲਈ ਜਾਂ 25 ਗੋਲੀਆਂ 100 ਘਣ ਮੀਟਰ ਥਾਂ ਲਈ ਵਰਤ ਕੇ ਹਵਾ ਬੰਦ ਕਮਰੇ ਵਿੱਚ ਧੂਣੀ ਦਿਉ| ਕਮਰੇ ਵਿੱਚ ਧੂਣੀ ਦੇਣ ਬਾਅਦ ਕਮਰੇ ਨੂੰ ਸੱਤ ਦਿਨ ਹਵਾ ਬੰਦ ਰੱਖੋ|

ਸਾਵਧਾਨੀਆਂ:

-ਜੇਕਰ ਸਿਫ਼ਾਰਸ਼ ਕੀਤੀ ਕੀਟਨਾਸ਼ਕ ਨਾ ਵਰਤੀ ਗਈ ਹੋਵੇ ਤਾਂ ਟੀਨ ਦੇ ਭੜੋਲਿਆਂ ਵਿੱਚ ਵੀ ਦਾਣਿਆਂ ਨੂੰ ਕੀੜੇ ਲੱਗ ਸਕਦੇ ਹਨ| ਇਨ੍ਹਾਂ ਲੱਗੇ ਕੀੜਿਆਂ ਦੀ ਰੋਕਥਾਮ ਧੂਣੀ ਦੇਣ ਵਾਲੀਆਂ ਕੀਟਨਾਸ਼ਕਾਂ ਨਾਲ ਕਰੋ|

-ਧੂਣੀ ਦੇਣ ਵਾਲੇ ਪਦਾਰਥਾਂ ਦੀ ਵਰਤੋਂ ਕੇਵਲ ਹਵਾ ਬੰਦ ਗੁਦਾਮਾਂ ਵਿੱਚ ਹੀ ਕਰੋ ਜਾਂ ਅਨਾਜ ਨੂੰ ਤਰਪਾਲ ਦੇ ਚਾਰੇ ਪਾਸੇ ਬੰਦ ਕਰਕੇ ਇੱਕ ਪਾਸੇ ਤੋਂ ਕੀਟਨਾਸ਼ਕ ਵਰਤੋ| ਇਨ੍ਹਾਂ ਦੀ ਵਰਤੋਂ ਤਜ਼ਰਬੇਕਾਰ ਆਦਮੀ ਹੀ ਕਰਨ ਕਿਉਂਕਿ ਇਹ ਕੀਟਨਾਸ਼ਕ ਬਹੁਤ ਜ਼ਹਿਰੀਲੀਆਂ ਹਨ|

-ਐਲੂਮੀਨੀਅਮ ਫ਼ਾਸਫਾਈਡ ਦੀ ਵਰਤੋਂ ਰਹਿਣ ਵਾਲੇ ਮਕਾਨਾਂ ਵਿੱਚ ਬਿਲਕੁਲ ਨਾ ਕਰੋ| ਇਨ੍ਹਾਂ ਦੀ ਵਰਤੋਂ ਰਹਿਣ ਵਾਲੇ ਮਕਾਨਾਂ ਨਾਲ ਲੱਗਦੇ ਗੁਦਾਮਾਂ ਵਿੱਚ ਕਰਨੀ ਵੀ ਖ਼ਤਰਨਾਕ ਸਾਬਤ ਹੋ ਸਕਦੀ ਹੈ|
ਧੰਨਵਾਦ ਸਹਿਤ, ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ