ਮੁੱਖ ਮੰਤਰੀ ਪੰਜਾਬ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਨੂੰ ਅਪੀਲ
ਚੰਡੀਗੜ੍ਹ, (ਅਸ਼ਵਨੀ ਚਾਵਲਾ) | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਪੈਣ ਵਾਲੇ ਪ੍ਰਭਾਵ ਦਾ ਹਵਾਲਾ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਜ਼ੋਰ ਪਾਇਆ ਹੈ ਕਿਉਂ ਜੋ ਇਨ੍ਹਾਂ ਕਾਨੂੰਨਾਂ ਕਾਰਨ ਪੰਜਾਬ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਦਰਮਿਆਨ ਵੱਡੇ ਪੱਧਰ ’ਤੇ ਬੇਚੈਨੀ ਪਾਈ ਜਾ ਰਹੀ ਹੈ।
ਸਰਹੱਦ ਪਾਰ ਤੋਂ ਵਿਰੋਧੀ ਤਾਕਤਾਂ ਵੱਲੋਂ ਸਰਕਾਰ ਖਿਲਾਫ ਰੋਹ ਭੜਕਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਖਦਸ਼ਿਆਂ ’ਤੇ ਫਿਕਰ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਛੇਤੀ ਹੱਲ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੂਨ, 2020 ਵਿਚ ਲਿਆਂਦੇ ਆਰਡੀਨੈਂਸਾਂ ਦੇ ਸਮੇਂ ਤੋਂ ਲੈ ਕੇ ਪੰਜਾਬ ਵਿਚ ਪ੍ਰਦਰਸ਼ਨ ਚੱਲ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਹੁਣ ਤੱਕ ਇਹ ਪ੍ਰਦਰਸ਼ਨ ਵੱਡੀ ਪੱਧਰ ’ਤੇ ਸ਼ਾਂਤਮਈ ਰਹੇ ਹਨ ਪਰ ਇਸ ਤੋਂ ਲੋਕਾਂ ਵਿੱਚ ਵਧ ਰਹੇ ਗੁੱਸੇ ਦਾ ਪ੍ਰਗਟਾਵਾ ਹੁੰਦਾ ਹੈ, ਖਾਸ ਕਰਕੇ ਉਸ ਵੇਲੇ, ਜਦੋਂ ਸੂਬਾ ਸਾਲ 2022 ਦੇ ਆਰੰਭ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਅੰਦੋਲਨ ਕਾਰਨ ਨਾ ਸਿਰਫ ਆਰਥਿਕ ਗਤੀਵਿਧੀਆਂ ਸਗੋਂ ਇਸ ਦਾ ਸਮਾਜਿਕ ਤਾਣਾ-ਬਾਣਾ ਵੀ ਅਸਰਅੰਦਾਜ਼ ਹੋਣ ਦੀ ਸੰਭਾਵਨਾ ਹੈ, ਵਿਸ਼ੇਸ਼ ਤੌਰ ’ਤੇ ਉਸ ਸਮੇਂ, ਜਦੋਂ ਸਿਆਸੀ ਪਾਰਟੀਆਂ ਅਤੇ ਹੋਰ ਸਮੂਹ ਆਪੋ-ਆਪਣੇ ਸਟੈਂਡ ’ਤੇ ਅੜੇ ਹੋਏ ਹਨ।
ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਦਿੱਲੀ ਦੀਆਂ ਸਰਹੱਦਾਂ ਵੱਲ ਕੂਚ ਕਰਨ ਦੇ ਸਮੇਂ ਤੋਂ ਲੈ ਕੇ ਹੁਣ ਤੱਕ 400 ਕਿਸਾਨਾਂ ਅਤੇ ਕਿਸਾਨ ਕਾਮਿਆਂ ਨੇ ਆਪਣੇ ਹੱਕਾਂ ਲਈ ਲੜਦਿਆਂ ਜਾਨ ਗੁਆ ਦਿੱਤੀ। ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਅਮਿਤ ਸ਼ਾਹ ਪਾਸੋਂ ਪੰਜਾਬ ਤੋਂ ਆਲ-ਪਾਰਟੀ ਵਫਦ ਨਾਲ ਮਿਲਣ ਲਈ ਸਮਾਂ ਮੰਗਿਆ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਅਤੇ ਡੀ.ਏ.ਪੀ. ਦੀ ਘਾਟ ਦੇ ਵਧ ਰਹੇ ਖਦਸ਼ਿਆਂ ਨੂੰ ਦੂਰ ਕਰਨ ਦੇ ਮਾਮਲੇ ਵੀ ਸੁਲਝਾਉਣ ਦੀ ਮੰਗ ਕੀਤੀ ਕਿਉਂ ਜੋ ਡੀ.ਏ.ਪੀ. ਦੀ ਘਾਟ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਹੋਰ ਵਧਣਗੀਆਂ। ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਖਾਦਾਂ ਬਾਰੇ ਵਿਭਾਗ ਨੂੰ ਪੰਜਾਬ ਲਈ ਸੋਧੀ ਹੋਈ ਮੰਗ ਦੇ ਮੁਤਾਬਕ ਡੀ.ਏ.ਪੀ. ਦਾ ਸਟਾਕ ਵਧਾਉਣ ਲਈ ਤੁਰੰਤ ਸਲਾਹ ਦੇਣ ਅਤੇ ਸਮੇਂ ਸਿਰ ਢੁਕਵੀਂ ਸਪਲਾਈ ਯਕੀਨੀ ਬਣਾਉਣ ਲਈ ਸਪਲਾਇਰਾਂ ਨੂੰ ਆਦੇਸ਼ ਦੇਣ ਲਈ ਆਖਿਆ।
ਇੱਥੇ ਹੀ ਸਰਹੱਦ ਪਾਰ ਤੋਂ ਸੂਬੇ ਦੀ ਸੁਰੱਖਿਆ ਨੂੰ ਵਧਦੇ ਖਤਰੇ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅਤਿਵਾਦੀ ਤਾਕਤਾਂ ਦਾ ਟਾਕਰਾ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 25 ਕੰਪਨੀਆਂ ਅਤੇ ਬੀ.ਐਸ.ਐਫ. ਲਈ ਡਰੋਨ ਨੂੰ ਨਸ਼ਟ ਕਰਨ ਵਾਲੇ ਉਪਕਰਨ ਤੁਰੰਤ ਮੰਗੇ ਹਨ।
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਕਿਸਤਾਨ ਦੀ ਆਈ.ਐਸ.ਆਈ. ਦੀਆਂ ਵਧਦੀਆਂ ਸਰਗਰਮੀਆਂ ਨਾਲ ਸੂਬੇ ਵਿੱਚ ਹਾਲੀਆ ਸਮੇਂ ਵਿੱਚ ਹਥਿਆਰਾਂ, ਹੱਥ ਗੋਲਿਆਂ ਅਤੇ ਆਈ.ਈ.ਡੀਜ਼ ਦੀ ਵੱਡੀ ਪੱਧਰ ’ਤੇ ਘੁਸਪੈਠ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਅੱਜ ਸ਼ਾਮ ਅਮਿਤ ਸ਼ਾਹ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਸੁਰੱਖਿਆ ਦੀ ਸਥਿਤੀ ਬਹੁਤ ਭਿਆਨਕ ਹੈ ਜਿਸ ਲਈ ਕੇਂਦਰ ਨੂੰ ਤੁਰੰਤ ਦਖਲ ਦੇਣ ਦੀ ਲੋੜ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁਹਾਲੀ, ਪਟਿਆਲਾ, ਬਠਿੰਡਾ, ਫਗਵਾੜਾ ਤੇ ਮੋਗਾ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀ ਮੰਗ ਕਰਦਿਆਂ ਨਾਲ ਹੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ. ਲਈ ਡਰੋਨਾਂ ਨੂੰ ਨਸ਼ਟ ਕਰਨ ਵਾਲੇ ਉਪਕਰਨ ਮੰਗੇ ਹਨ। ਉਨ੍ਹਾਂ ਅਹਿਮ ਬੁਨਿਆਦੀ ਢਾਂਚੇ/ਥਾਵਾਂ ਅਤੇ ਜਨਤਕ ਮੀਟਿੰਗਾਂ/ਸਮਾਗਮਾਂ ਜਿਨ੍ਹਾਂ ਵਿੱਚ ਵੱਡੇ ਖਤਰੇ ਦਾ ਸਾਹਮਣਾ ਕਰਨ ਵਾਲੇ ਵਿਅਕਤੀ ਸ਼ਮੂਲੀਅਤ ਕਰਦੇ ਹਨ, ਦੀ ਸੁਰੱਖਿਆ ਨੂੰ ਖਤਰੇ ਦਾ ਹਵਾਲਾ ਦਿੱਤਾ।
ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਅਤੇ ਦੇਸ਼ ਵਿਚਲੀਆਂ ਹੋਰ ਤਾਕਤਾਂ ਵੱਲੋਂ ਅੱਤਵਾਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਲਈ ਸੂਬੇ ਵਿੱਚ ਵੱਡੀ ਮਾਤਰਾ ’ਚ ਹਥਿਆਰ, ਹੱਥ ਗੋਲੇ, ਆਰ.ਡੀ.ਐਕਸ. ਵਿਸਫੋਟਕ, ਡੈਟੋਨੇਟਰ, ਟਾਈਮਰ ਉਪਕਰਨ, ਅਤਿ-ਆਧੁਨਿਕ ਲੈਬਾਰਟਰੀ ਦੁਆਰਾ ਬਣਾਏ ਗਏ ਟਿਫਿਨ ਬੰਬ ਭੇਜੇ ਜਾਣ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ, ‘‘ਫਰਵਰੀ-ਮਾਰਚ 2022 ਦੌਰਾਨ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਈ.ਐਸ.ਆਈ. ਵੱਲੋਂ ਬਹੁਤ ਸਾਰੇ ਅਤਿਵਾਦੀ ਅਤੇ ਕੱਟੜਪੰਥੀ ਸਰਗਰਮੀਆਂ ’ਤੇ ਅਤਿਵਾਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਲਈ ਦਬਾਅ ਪਾਇਆ ਜਾ ਰਿਹਾ ਹੈ। ਇਹ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਘਟਨਾਵਾਂ ਹਨ ਜੋ ਸਰਹੱਦੀ ਸੂਬੇ ਅਤੇ ਇਥੋਂ ਦੇ ਲੋਕਾਂ ਲਈ ਸੁਰੱਖਿਆ ਦੇ ਪੱਖ ਤੋਂ ਕਾਫ਼ੀ ਗੰਭੀਰ ਹਨ।’’
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ