ਸੰਗਰੂਰ ਪੀਜੀਆਈ ਨੂੰ ਅਗਲੇ ਸਾਲ ਅਕਤੂਬਰ ਤੱਕ ਕਾਰਜਸ਼ੀਲ ਕਰਨ ਦੀ ਹਦਾਇਤ ; ਫਿਰੋਜ਼ਪੁਰ ਪੀ.ਜੀ.ਆਈ. ਦਾ ਕੰਮ ਸ਼ੁਰੂ ਹੋਇਆ
13315 ਕਰੋੜ ਰੁਪਏ ਦੇ 19 ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਮੁਕੰਮਲ ਕਰਨ ਲਈ ਵਿਭਾਗਾਂ ਦੀ ਸ਼ਲਾਘਾ
ਅਸ਼ਵਨੀ ਚਾਵਲਾ, ਚੰਡੀਗੜ । ਭਵਿੱਖ ਵਿੱਚ ਕਿਸੇ ਵੀ ਤਰਾਂ ਦੇ ਹੰਗਾਮੀ ਹਾਲਾਤਾਂ, ਵਿਸ਼ੇਸ਼ ਤੌਰ ’ਤੇ ਕੋਵਿਡ ਦੇ ਅੱਗੇ ਫੈਲਾਅ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਬੁਨਿਆਦੀ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਸਕੱਤਰ, ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਬਠਿੰਡਾ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਆਈਪੀਡੀ (ਇਨ ਪੇਸ਼ੈਂਟ ਡਿਪਾਰਟਮੈਂਟ) ਸੇਵਾਵਾਂ ਸਤੰਬਰ ਦੇ ਅੰਤ ਤੱਕ ਸ਼ੁਰੂ ਕਰਨ ਤੋਂ ਇਲਾਵਾ ਅਗਲੇ ਸਾਲ ਅਕਤੂਬਰ ਤੱਕ ਸੰਗਰੂਰ ਵਿੱਚ ਉਸਾਰੀ ਅਧੀਨ ਪੀਜੀਆਈ ਸੈਟੇਲਾਈਟ ਸੈਂਟਰ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ।
ਇਥੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ ਗਿਆ ਕਿ ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨਿਰਮਾਣ ਕਾਰਜ ਪਿਛਲੇ ਮਹੀਨੇ ਸੌਂਪ ਦਿੱਤਾ ਗਿਆ ਹੈ ਅਤੇ ਇਹ ਕੰਮ 39 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ।
ਪਿਛਲੇ ਹਫ਼ਤੇ ਸੂਬੇ ਵਿੱਚ ਕੋਵਿਡ ਪਾਜ਼ੇਟਿਵਿਟੀ ਦਰ 0.1 ਫ਼ੀਸਦ ’ਤੇ ਸਥਿਰ ਰਹਿਣ ’ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਵੱਡੇ ਪੱਧਰ ‘ਤੇ ਜਾਂਚ ਅਤੇ ਸੰਪਰਕ ਟਰੇਸਿੰਗ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ