ਪਟਿਆਲੇ ਦਾ ਬੱਸ ਸਟੈਂਡ ਚੌਂਕ ਜਾਮ ਕਰਦਿਆਂ ਮਾਣ ਭੱਤਾ ਅਤੇ ਕੱਚੇ ਮੁਲਾਜ਼ਮਾਂ ਨੇ ਕੀਤਾ ਰੋਸ ਮੁਜ਼ਾਹਰਾ
ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਿਆਸੀ ਕਾਟੋ ਕਲੇਸ਼ ਰਾਹੀਂ ਲੋਕਾਂ ਦੇ ਬੁਨਿਆਦੀ ਮਸਲੇ ਰੋਲਣ ਦੀ ਨਿਖੇਧੀ
ਖੁਸ਼ਵੀਰ ਸਿੰਘ ਤੂਰ, ਪਟਿਆਲਾ। ਸੂਬੇ ਭਰ ਤੋਂ ਹਜਾਰਾਂ ਦੀ ਗਿਣਤੀ ਵਿੱਚ ਪਹੁੰਚੇ ਕੱਚੇ ਮੁਲਾਜ਼ਮਾਂ ਅਤੇ ਮਾਣ-ਭੱਤਾ ਵਰਕਰਾਂ ਵੱਲੋਂ ‘ਮਾਣ-ਭੱਤਾ, ਕੱਚਾ ਤੇ ਕੰਟਰੈਕਟ ਮੁਲਾਜ਼ਮ ਮੋਰਚੇ ਦੇ ਬੈਨਰ ਹੇਠ ਪਟਿਆਲਾ ਸ਼ਹਿਰ ਵਿੱਚ ਲੱਗਿਆ ਮੋਰਚਾ ਦੂਜੇ ਦਿਨ ਵੀ ਪੂਰੇ ਜਾਹੋ ਜਲਾਲ ਨਾਲ ਜਾਰੀ ਰਿਹਾ। ਮੁਲਾਜ਼ਮਾਂ ਨੇ ਤਿ੍ਰਪੜੀ ਮੋੜ ਸਥਿਤ ਪੁੱਡਾ ਗਰਾਊਂਡ ਵਿੱਚ ਵਿਸ਼ਾਲ ਰੈਲੀ ਕਰਨ ਉਪਰੰਤ ਪਟਿਆਲਾ ਦੇ ਮੁੱਖ ਬੱਸ ਸਟੈਂਡ ਤੱਕ ਰੋਸ ਮੁਜ਼ਾਹਰਾ ਕੀਤਾ ਅਤੇ 19 ਸਤੰਬਰ ਨੂੰ ਪਟਿਆਲਾ ਸ਼ਹਿਰ ਵਿੱਚ ਵਿਸ਼ਾਲ ਇਕੱਠ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਹੱਲਾ ਬੋਲਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਪਰਮਜੀਤ ਕੌਰ ਮਾਨ, ਲਖਵਿੰਦਰ ਕੌਰ ਫਰੀਦਕੋਟ, ਬਲਵੀਰ ਸਿੰਘ ਸਿਵੀਆ, ਕਮਲਜੀਤ ਕੌਰ, ਜਸਵਿੰਦਰ ਕੌਰ ਅਤੇ ਕਿਰਨ ਕੁਮਾਰੀ ਨੇ ਕਿਹਾ ਕਿ ਸਾਢੇ ਚਾਰ ਸਾਲ ਪਹਿਲਾਂ ਲੋਕਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਕਾਂਗਰਸ ਪਾਰਟੀ ਵੱਲੋਂ, ਪੰਜਾਬ ਦੇ ਲੋਕਾਂ ਦਾ ਧਿਆਨ ਕਾਂਗਰਸ ਦੇ ਅੰਦਰੂਨੀ ਸਿਆਸੀ ਕਾਟੋ ਕਲੇਸ਼ ਵਿੱਚ ਉਲਝਾ ਕੇ, ਕੱਚੇ ਅਤੇ ਮਾਣ ਭੱਤਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮਿੱਟੀ ਘੱਟੇ ਪਾਇਆ ਜਾ ਰਿਹਾ ਹੈ।
ਇਸ ਮੌਕੇ ਮੋਰਚੇ ਦੇ ਆਗੂਆਂ ਰਛਪਾਲ ਸਿੰਘ ਜੋਧਾਨਗਰੀ, ਅਮਰਜੀਤ ਕੌਰ ਕੰਮੇਆਣਾ, ਮਮਤਾ ਸ਼ਰਮਾ, ਪ੍ਰਵੀਨ ਸ਼ਰਮਾ, ਸ਼ਕੁੰਤਲਾ ਸਰੋਏ, ਜਤਿੰਦਰ ਕੁਮਾਰ, ਸੰਜੂ ਸਿੰਘ ਅਤੇ ਮਨਦੀਪ ਸੰਧੂ , ਡੈਮੋਕ੍ਰੇਟਿਕ ਮੁਲਾਜਮ ਫੈਡਰੇਸਨ ਦੇ ਸੂਬਾ ਵਿੱਤ ਸਕੱਤਰ ਹਰਿੰਦਰ ਦੁਸਾਂਝ, ਗੁਰਜੀਤ ਘੱਗਾ, ਡੈਮੋਕ੍ਰੇਟਿਕ ਟੀਚਰਜ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਿਲ੍ਹਾ ਪ੍ਰਧਾਨ ਅਤਿੰਦਰ ਘੱਗਾ ਤੋਂ ਇਲਾਵਾ ਚਮਕੌਰ ਸਿੰਘ ਅਤੇ ਹਰਦੀਪ ਸਿੰਘ ਆਦਿ ਵੀ ਮੌਜੂਦ ਰਹੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ