ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਫਸਲੀ ਵਿਭਿੰਨਤਾ ਸਬੰਧੀ ਜਾਗਰੂਕਤਾ ਕੈਂਪ ਲਾਇਆ
ਲੌਂਗੋਵਾਲ (ਹਰਪਾਲ)। ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ: ਜਸਵਿੰਦਰਪਾਲ ਸਿੰਘ ਗਰੇਵਾਲ ਦੇ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਖੇਤੀਬਾਡ਼ੀ ਅਫਸਰ ਸ੍ਰੀ ਹਰਬੰਸ ਸਿੰਘ ਜੀ ਦੀ ਯੋਗ ਅਗਵਾਈ ਹੇਠ ਪਿੰਡ ਲੌਂਗੋਵਾਲ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ।
ਇਸ ਮੌਕੇ ਖੇਤੀਬਾਡ਼ੀ ਵਿਕਾਸ ਅਫ਼ਸਰ ਸੰਗਰੂਰ ਸ੍ਰੀ ਸ਼ਵਿੰਦਰਜੀਤ ਸਿੰਘ ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੇ ਵੱਖ ਵੱਖ ਤਰੀਕੇ ਤੋਂ ਇਲਾਵਾ ਆਉਣ ਵਾਲੇ ਸੀਜ਼ਨ ਹਾੜ੍ਹੀ ਦੀ ਮੁੱਖ ਫਸਲ ਕਣਕ ਨੂੰ ਬੀਜਣ ਸਬੰਧੀ ਵੱਖ ਵੱਖ ਸੰਦਾਂ ਜਿਨ੍ਹਾਂ ਵਿਚ ਹੈਪੀਸੀਡਰ, ਸੁਪਰਸੀਡਰ,ਮਲਚਰ ਅਤੇ ਜ਼ੀਰੋ ਡਰਿੱਲ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ ।ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਸਬੰਧੀ ਵੀ ਸੁਨੇਹਾ ਦਿੱਤਾ। ਉਨ੍ਹਾਂ ਨੇ ਕਿਸਾਨਾਂ ਨੂੰ ਸਰ੍ਹੋਂ ਦੀਆਂ ਵਧੇਰੇ ਝਾੜ ਦੇਣ ਵਾਲੀਆਂ ਕਿਸਮਾਂ ਤੋਂ ਇਲਾਵਾ ਛੋਲਿਆਂ ਦੀ ਫਸਲ ਬਾਰੇ ਵੀ ਜਾਣਕਾਰੀ ਦਿੱਤੀ ।
ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਮਿੱਟੀ ਅਤੇ ਪਾਣੀ ਦੀ ਪਰਖ ਕਰਵਾ ਕੇ ਹੀ ਯੂਰੀਆ, ਡੀਏਪੀ ਖਾਦ ਤੋਂ ਇਲਾਵਾ ਹੋਰ ਕੀਟਨਾਸ਼ਕ ਦਵਾਈਆਂ ਦੀ ਜ਼ਰੂਰਤ ਅਨੁਸਾਰ ਹੀ ਵਰਤੋਂ ਕਰਨ ਇਸ ਨਾਲ ਉਹ ਬੇਲੋੜੇ ਖਰਚਿਆਂ ਤੋਂ ਬਚ ਸਕਦੇ ਹਨ ।ਅੰਤ ਵਿਚ ਉਨ੍ਹਾਂ ਕਿਸਾਨਾਂ ਨੂੰ ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਂਦੇ ਸਬਸਿਡੀ ਸੰਦਾਂ ਤੇ ਸਕੀਮਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ।ਕੈਂਪ ਵਿੱਚ ਸ੍ਰੀ ਰਾਜਿੰਦਰ ਸਿੰਘ ਖੇਤੀਬਾਡ਼ੀ ਵਿਸਥਾਰ ਅਫਸਰ,ਸ੍ਰੀ ਰਮਨਦੀਪ ਸਿੰਘ ਖੇਤੀਬਾੜੀ ਉਪ ਨਿਰੀਖਕ,ਸ੍ਰੀ ਮਹਿੰਦਰ ਸਿੰਘ ਅਸਿਸਟੈਂਟ ਟੈਕਨਾਲੋਜੀ ਮੈਨੇਜਰ,ਸ੍ਰੀ ਅਵਤਾਰ ਸਿੰਘ ਫਾਰਮਰ ਫਰੈਂਡਜ਼ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ