ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News ਮੋਰਿੰਡਾ ’ਚ ਪ੍...

    ਮੋਰਿੰਡਾ ’ਚ ਪ੍ਰਦਰਸ਼ਨਕਾਰੀਆਂ ਵੱਲੋਂ ਪੱਥਰਬਾਜ਼ੀ, ਕਈ ਪੁਲਿਸ ਮੁਲਾਜ਼ਮ ਜ਼ਖਮੀ

    ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ’ਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਰਕਰਾਂ ਉਤੇ ਪੁਲਿਸ ਵੱਲੋਂ ਲਾਠੀਚਾਰਜ

    (ਸੱਚ ਕਹੂੰ ਨਿਊਜ਼) ਮੋਰਿੰਡਾ। ਜ਼ਮੀਨ ਪ੍ਰਾਪਤੀ ਲਈ ਸੰਘਰਸ਼ ਕਰਦੇ ਆ ਰਹੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿੱਚ ਉਨ੍ਹਾਂ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ। ਇਸ ਸਮੇਂ ਪੁਲਿਸ ਅਤੇ ਸੰਘਰਸ਼ਕਾਰੀਆਂ ’ਚ ਆਪਸੀ ਤਣਾਅ ਵੀ ਪੈਦਾ ਹੋ ਗਿਆ। ਪੁਲਿਸ ਵੱਲੋਂ ਸੰਘਰਸ਼ਕਾਰੀਆਂ ਉਤੇ ਲਾਠੀਚਾਰਜ ਕੀਤਾ ਗਿਆ। ਇਹ ਵੀ ਖਬਰਾਂ ਹਨ ਕਿ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਉਤੇ ਪੱਥਰਬਾਜੀ ਕੀਤੀ ਜਿਸ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ।

    ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਿੱਸੇ ਦੀਆਂ ਜ਼ਮੀਨਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰੰਤੂ ਕਿਸੇ ਵੀ ਸੱਤਾਧਾਰੀ ਪਾਰਟੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਿੱਤ ਦਿਹਾੜੀ ਆਪਣੇ ਹੱਕ ਮੰਗਦੇ ਦਲਿਤਾਂ ਨੂੰ ਪੇਂਡੂ ਧਨਾਢ ਚੌਧਰੀਆਂ ਦੇ ਜਬਰ ਦਾ ਸ਼ਿਕਾਰ ਹੋ ਰਹੇ ਹਨ ਇੱਥੋਂ ਤੱਕ ਕਿ ਕਈ ਵਾਰ ਪਿੰਡਾਂ ਵਿੱਚ ਉਨ੍ਹਾਂ ਨੂੰ ਸਮਾਜਿਕ ਬਾਈਕਾਟ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।

    ਮੁੱਖ ਮੰਤਰੀ ਸਮੇਤ ਕਾਂਗਰਸੀ ਮੰਤਰੀਆਂ ਦਾ ਪਿੰਡਾਂ ਵਿੱਚ ਕੀਤਾ ਜਾਵੇਗਾ ਘਿਰਾਓ

    ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਹਿਲੀ ਵਾਰ ਐਸ ਸੀ ਚਿਹਰੇ ਦੇ ਤੌਰ ’ਤੇ ਮੁੱਖ ਮੰਤਰੀ ਚਰਨਜੀਤ ਚੰਨੀ ਬਣਨ ਤੋਂ ਬਾਅਦ ਇੱਕ ਆਸ ਦੀ ਕਿਰਨ ਬੱਝੀ ਹੈ। ਇਸ ਲਈ ਹਜ਼ਾਰਾਂ ਦਲਿਤ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਚਾਇਤੀ ਜਮੀਨ ਵਿੱਚੋਂ ਤੀਜਾ ਹਿੱਸਾ ਅਨੁਸੂੁਚਿਤ ਜਾਤੀ ਲਈ ਪੱਕੇ ਤੌਰ ’ਤੇ ਲੈਣ, ਨਜ਼ੂਲ ਸੁਸਾਇਟੀ ਦੀਆਂ ਜ਼ਮੀਨਾਂ ਦੇ ਬਿਨਾ ਸ਼ਰਤ ਮਾਲਕੀ ਹੱਕ ਲੈਣ, ਸੀਲਿੰਗ ਐਕਟ ਤੋਂ ਉੱਪਰਲੀ ਜ਼ਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡਾਉਣ, ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਦਿਵਾਉਣ, ਮਾਈਕ੍ਰੋਫਾਇਨਾਂਸ ਕੰਪਨੀਆਂ ਸਮੇਤ ਮਜ਼ਦੂਰਾਂ ਦੇ ਸਾਰੇ ਕਰਜੇ ਮੁਆਫ ਕਰਕੇ ਸਹਿਕਾਰੀ ਸਭਾ ਵਿੱਚ ਮੈਂਬਰ ਬਣਾ ਕੇ ਸਰਕਾਰੀ ਕਰਜ਼ੇ ਦਾ ਪ੍ਰਬੰਧ ਕਰਾਉਣ, ਸੰਘਰਸ਼ ਦਰਮਿਆਨ ਦਰਜ ਹੋਏ ਸਾਰੇ ਝੂਠੇ ਪਰਚੇ ਰੱਦ ਕਰਵਾਉਣ ਅਤੇ ਪਿੰਡ ਦੁੱਲੜ ਸਮੇਤ ਦਲਿਤਾਂ ਉੱਪਰ ਹੋ ਰਹੇ ਜਬਰ ਨੂੰ ਨੱਥ ਪਾਉਣ ਅਤੇ ਲਟਕਦੇ ਜ਼ਮੀਨੀ ਮਸਲੇ ਹੱਲ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਰੇਲਵੇ ਸਟੇਸ਼ਨ ਕੋਲ ਇਕੱਠੇ ਹੋ ਕੇ ਪਹਿਲਾਂ ਰੈਲੀ ਕੀਤੀ ਗਈ ਅਤੇ ਉਸ ਤੋਂ ਬਾਅਦ ਮੁਲਾਕਾਤ ਲਈ ਕੋਠੀ ਵੱਲ ਮਾਰਚ ਕੀਤਾ ਗਿਆ ਜਿੱਥੇ ਮੁੱਖ ਮੰਤਰੀ ਦੀ ਕੋਠੀ ਤੋਂ ਪਹਿਲਾਂ ਹੀ ਭਾਰੀ ਪੁਲਿਸ ਫੋਰਸ ਵੱਲੋਂ ਬੈਰੀਕੇਡ ਲਾ ਕੇ ਦਲਿਤਾਂ ਨੂੰ ਰਸਤੇ ਵਿੱਚ ਰੋਕ ਲਿਆ ਗਿਆ।

    ਕਮੇਟੀ ਵੱਲੋਂ ਉਸੇ ਥਾਂ ਉੱਪਰ ਸੜਕ ਨੂੰ ਜਾਮ ਕਰ ਦਿੱਤਾ ਗਿਆ। ਇਸ ਮੌਕੇ ਤਿੰਨ ਘੰਟੇ ਪ੍ਰਸ਼ਾਸਨ ਨਾਲ ਚੱਲੀ ਗੱਲਬਾਤ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਉੱਪਰ ਲਾਠੀਚਾਰਜ ਕਰਕੇ ਉਹਨਾਂ ਨੂੰ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕੇ ਭਾਵੇਂ ਦਲਿਤ ਚਿਹਰੇ ਦਾ ਮੁੱਖ ਮੰਤਰੀ ਲੈ ਆਂਦਾ ਹੈ ਪਰ ਕਾਂਗਰਸ ਦੀ ਨੀਤੀ ਪਹਿਲਾਂ ਵਾਲੀ ਹੀ ਹੈ। ਲਾਠੀਚਾਰਜ ਤੋਂ ਬਾਅਦ ਜ਼ੋਨਲ ਸਕੱਤਰ ਪਰਮਜੀਤ ਕੌਰ ਲੌਂਗੋਵਾਲ ਅਤੇ ਗੁਰਵਿੰਦਰ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸਮੇਤ ਕਾਂਗਰਸੀ ਮੰਤਰੀਆਂ ਦਾ ਪਿੰਡਾਂ ਵਿੱਚ ਘਿਰਾਓ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵਿਸ਼ਾਲ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਇਸ ਮੌਕੇ ਉਪਰੋਕਤ ਤੋਂ ਬਿਨਾ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਧਰਮਪਾਲ ਨੂਰਖੇੜੀਆਂ ਜਸਵੰਤ ਸਿੰਘ ਖੇੜੀ ਸਤਨਾਮ ਰਾਜਲਾ ਆਦਿ ਨੇ ਸੰਬੋਧਨ ਕੀਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ