ਕੈਂਪ ਦਫ਼ਤਰਾਂ ’ਚ ਹੁਣ ਕੰਮ ਨਹੀਂ ਕਰਨਗੇ ਡਿਪਟੀ ਕਮਿਸ਼ਨਰ, ਦਫ਼ਤਰ ’ਚ ਬੈਠ ਆਮ ਲੋਕਾਂ ਦੀ ਸੁਣਨ ਮੁਸ਼ਕਲਾਂ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਸਖ਼ਤ ਆਦੇਸ਼ ਜਾਰੀ ਕਰਦੇ ਹੋਏ ਆਪਣੇ ਕੈਂਪ ਆਫਿਸ ਤੋਂ ਕੰਮ ਨਾ ਕਰਨ ਦੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਹੁਣ ਤੋਂ ਬਾਅਦ ਸਾਰੇ ਡਿਪਟੀ ਕਮਿਸ਼ਨਰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠ ਕੇ ਹੀ ਕੰਮ ਕਰਦੇ ਨਜ਼ਰ ਆਉਣੇ ਚਾਹੀਦੇ ਹਨ ਤਾਂ ਦਫ਼ਤਰ ਵਿੱਚ ਹੀ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨਾਂ ਦੀਆ ਮੁਸ਼ਕਲਾਂ ਦਾ ਨਿਪਟਾਰਾ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਉਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਹੱਲ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸ਼ਾਮ 5 ਵਜੇ ਤੋਂ ਬਾਅਦ ਵੀ ਫੀਲਡ ਅਫਸਰਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਤਾਂ ਕਿ ਉਹ ਪ੍ਰਸ਼ਾਸਨਿਕ ਕੰਮਕਾਜ ਉਤੇ ਧਿਆਨ ਦੇ ਸਕਣ ਅਤੇ ਹਫਤੇ ਵਿਚ ਦੋ ਦਿਨ ਫੀਲਡ ਦੌਰੇ ਲਈ ਰਾਖਵੇਂ ਰੱਖੇ ਜਾਣ ਤਾਂ ਕਿ ਚੱਲ ਰਹੀਆਂ ਵਿਕਾਸ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਜਾ ਸਕੇ।
ਇਥੇ ਜਿਕਰਯੋਗ ਹੈ ਕਿ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਇਸ ਤਰਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਡਿਪਟੀ ਕਮਿਸ਼ਨਰ ਆਪਣੇ ਦਫ਼ਤਰਾਂ ਵਿੱਚ ਬੈਠਦੇ ਹੀ ਨਹੀਂ ਹਨ ਅਤੇ ਡਿਪਟੀ ਕਮਿਸ਼ਨਰਾਂ ਵਲੋਂ ਜਿਆਦਾ ਸਮਾਂ ਆਪਣੇ ਕੈਂਪ ਆਫਿਸ ਵਿੱਚ ਹੀ ਲੰਘਾਇਆ ਜਾ ਰਿਹਾ ਹੈ। ਜਿਸ ਕਰਕੇ ਆਮ ਲੋਕਾਂ ਨੂੰ ਕੰਮ ਕਰਵਾਉਣ ਦੇ ਮਾਮਲੇ ਵਿੱਚ ਕਾਫ਼ੀ ਜਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ