ਮੁਲਾਜ਼ਮ ਤੇ ਪੈਨਸ਼ਨਰ ਜੱਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ 15 ਜਨਵਰੀ 2015 ਦਾ ਪੱਤਰ ਵਾਪਿਸ ਲੈ ਕੇ ਨੌਜਵਾਨ ਪੀੜ੍ਹੀ ਦਾ ਆਰਥਿਕ ਸ਼ੋਸ਼ਣ ਖ਼ਤਮ ਕਰਨ ਦੀ ਕੀਤੀ ਮੰਗ
ਕੋਟਕਪੂਰਾ (ਸੁਭਾਸ਼ ਸ਼ਰਮਾ)। ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ 18 ਅਕਤੂਬਰ ਨੂੰ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਗਰੁੱਪ ਡੀ ਦੀਆਂ ਆਸਾਮੀਆਂ ਤੇ ਰੈਗੂਲਰ ਭਰਤੀ ਸ਼ੁਰੂ ਕਰਨ ਦੇ ਕੀਤੇ ਗਏ ਫੈਸਲੇ ਦਾ ਆਮ ਲੋਕਾਂ , ਮੁਲਾਜ਼ਮ , ਮਜ਼ਦੂਰ , ਅਧਿਆਪਕ ਤੇ ਪੈਨਸ਼ਨਰਜ਼ ਜੱਥੇਬੰਦੀਆਂ ਨੇ ਸਵਾਗਤ ਕਰਦੇ ਹੋਏ ਆਮ ਲੋਕਾਂ ਦੇ ਹਿੱਤ ਵਿੱਚ ਇੱਕ ਚੰਗਾ ਫ਼ੈਸਲਾ ਕਰਾਰ ਦਿੱਤਾ ਹੈ ।
ਇਸ ਫੈਸਲੇ ਤੇ ਟਿੱਪਣੀ ਕਰਦਿਆਂ ਦਿ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ ਅਤੇ ਜਨਰਲ ਸਕੱਤਰ ਇਕਬਾਲ ਸਿੰਘ ਰਣ ਸਿੰਘ ਵਾਲਾ , ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਪਰਦੀਪ ਸਿੰਘ ਬਰਾੜ , ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ ਤੇ ਵਿੱਤ ਸਕੱਤਰ ਸੋਮ ਨਾਥ ਅਰੋੜਾ , ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ , ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ , ਜਨਰਲ ਸਕੱਤਰ ਸੁਖਚੈਨ ਸਿੰਘ ਰਾਮਸਰ ਅਤੇ ਜੱਥੇਬੰਦੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਭਾਜਪਾ ਸਰਕਾਰ ਵੱਲੋਂ ਅਤੇ ਬਾਅਦ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੀ ਕਾਰਜਕਾਲ ਦੌਰਾਨ ਪਿਛਲੇ ਸਾਢੇ ਛੇ ਸਾਲਾਂ ‘ਚ ਪੰਜਾਬ ਵਿੱਚ 15 ਜਨਵਰੀ 2015 ਤੋਂ ਬਾਅਦ ਹੋਈਆਂ ਵੱਖ ਵੱਖ ਭਰਤੀਆਂ ਸਮੇਂ ਮੁੱਢਲੇ ਪੇਅ ਬੈਡ ਤੇ ਨਿਯੁਕਤੀਆਂ ਕਰ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਵੱਡੇ ਪੱਧਰ ਤੇ ਆਰਥਿਕ ਸ਼ੋਸ਼ਣ ਕੀਤਾ ਗਿਆ ਤੇ ਨੌਜਵਾਨ ਪੀੜ੍ਹੀ ਨੂੰ ਵਿਦੇਸ਼ਾਂ ਵੱਲ ਭੱਜਣ ਲਈ ਮਜਬੂਰ ਕੀਤਾ ਗਿਆ ।
ਆਗੂਆਂ ਨੇ ਕਿਹਾ ਕਿ ਹੁਣ ਗਰੁੱਪ ਡੀ ਦੀਆਂ ਅਸਾਮੀਆਂ ਤੇ ਰੈਗੂਲਰ ਭਰਤੀ ਕਰਨਾ ਇਕ ਚੰਗਾ ਕਦਮ ਦੱਸਦਿਆਂ ਕਿਹਾ ਕਿ ਜਿੰਨੀ ਦੇਰ ਤੱਕ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 15 ਜਨਵਰੀ 2015 ਦਾ ਲੋਕ ਵਿਰੋਧੀ ਪੱਤਰ ਵਾਪਿਸ ਨਹੀਂ ਲਿਆ ਜਾਂਦਾ , ਉਨ੍ਹੀਂ ਦੇਰ ਤੱਕ ਨੌਜਵਾਨ ਪੀੜ੍ਹੀ ਦੇ ਹਿਰਦਿਆਂ ਨੁੰ ਸ਼ਾਂਤ ਨਹੀਂ ਕੀਤਾ ਜਾ ਸਕਦਾ ਅਤੇ ਆਪਣੇ ਮਾਪਿਆਂ ਦਾ ਲੱਖਾਂ ਰੁਪਏ ਖਰਚ ਕਰਕੇ ਵਿਦੇਸ਼ਾਂ ਵੱਲ ਕੂਚ ਕਰਨ ਦੇ ਰੁਝਾਨ ਨੂੰ ਨਹੀਂ ਰੋਕਿਆ ਜਾ ਸਕਦਾ ।
ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ 15 ਜਨਵਰੀ 2015 ਨੂੰ ਜਾਰੀ ਕੀਤੇ ਗਏ ਲੋਕ ਵਿਰੋਧੀ ਪੱਤਰ ਤੁਰੰਤ ਵਾਪਿਸ ਲੈਕੇ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਵੱਖ ਵੱਖ ਕੈਟਾਗਰੀਆਂ ਦੀ ਰੈਗੂਲਰ ਭਰਤੀ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਕੈਪਟਨ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਪੁਨਰਗਠਨ ਦੇ ਨਾਂ ਹੇਠ ਖ਼ਤਮ ਕੀਤੀਆਂ ਗਈਆਂ ਹਜ਼ਾਰਾਂ ਅਸਾਮੀਆਂ ਤੁਰੰਤ ਬਹਾਲ ਕਰ ਕੇ ਰੈਗੂਲਰ ਭਰਤੀਆਂ ਤੁਰੰਤ ਸ਼ੁਰੂ ਕੀਤੀਆਂ ਜਾਣ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ