ਕਾਂਗਰਸ ਨੇ ਹਮੇਸ਼ਾ ਸਿੱਖਾਂ ਦੇ ਕਤਲ ਕਰਨ ਵਾਲਿਆਂ ਨੂੰ ਇਨਾਮ ਦਿੱਤਾ : ਝਿੰਜਰ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਯੰਕਾ ਗਾਂਧੀ, ਜਗਦੀਸ਼ ਟਾਈਟਲਰ, ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸ੍ਰੀ ਝਿੰਜਰ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਿੱਖਾਂ ਦੇ ਕਤਲ ਕਰਨ ਵਾਲਿਆਂ ਨੂੰ ਇਨਾਮ ਦੇ ਕੇ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ 1984 ਦਿੱਲੀ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਹੁਣ ਕਾਂਗਰਸ ਪਾਰਟੀ ਵਿੱਚ ਉਚ ਅਹੁਦੇ ਦੇ ਕੇ ਫਿਰ ਤੋਂ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਪਾਇਆ ਗਿਆ ਹੈ ਅਤੇ ਕਾਂਗਰਸ ਵਾਰ-ਵਾਰ ਸਿੱਖਾਂ ਦੇ ਜ਼ਖ਼ਮਾਂ ਨੂੰ ਕੁਰੇਦ ਦੀ ਹੈ।
ਸ੍ਰੀ ਝਿੰਜਰ ਨੇ ਕਿਹਾ ਕਿ ਕੀ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਦਾ ਜਵਾਬ ਦੇਣਗੇ? ਉਹ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਦੀ ਨਿਯੁਕਤੀ ’ਤੇ ਕੋਈ ਬਿਆਨ ਦੇਣਗੇ? ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਇਨ੍ਹਾਂ ਗੱਲਾਂ ਤੋਂ ਸਿੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੇ ਜਗਦੀਸ਼ ਟਾਈਟਲਰ ਦੀ ਨਿਯੁਕਤੀ ਰੱਦ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਹਰ ਪਿੰਡ ਤੋਂ ਨੌਜਵਾਨਾਂ ਨੂੰ ਲਾਮਬੰਦ ਕਰਕੇ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਗੁਰਮੀਤ ਸਿੰਘ ਸੋਨੂੰ ਚੀਮਾ, ਗੁਰਸ਼ਰਨ ਸਿੰਘ ਬਾਜਵਾ, ਪਰਮਿੰਦਰ ਸਿੰਘ ਸੋਮਲ, ਵਰਿੰਦਰ ਸਿੰਘ ਢਿੱਲੋਂ, ਸ਼ਰਨਜੀਤ ਸਿੰਘ ਚਨਾਰਥਲ, ਮੀਤ ਪ੍ਰਧਾਨ ਹਰਪ੍ਰੀਤ ਸਿੰਘ ਰਿਚੀ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ