ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਦੇ ਐਲਾਨ ਨਾਲ ਮੱਚਿਆ ਪੰਜਾਬ ਕਾਂਗਰਸ ‘ਚ ਹਾਹਾਕਾਰ
ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਮੁੱਢਲੇ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਹੈ ਅਤੇ ਨਾਲ ਹੀ ‘ਪੰਜਾਬ ਲੋਕ ਕਾਂਗਰਸ’ ਨਾਂਅ ਦੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਕਾਂਗਰਸ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਕਾਂਗਰਸ ਨੂੰ ਡਰ ਹੈ ਕਿ ਜੇਕਰ ਕੈਪਟਨ ਨੇ ਵਿਧਾਇਕਾਂ ਨੂੰ ਤੋੜਿਆ ਤਾਂ ਪਾਰਟੀ ਲਈ ਮੁਸ਼ਕਲ ਹੋ ਜਾਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਨੇ ਮੰਗਲਵਾਰ ਦੇਰ ਰਾਤ ਤਾਲਮੇਲ ਕਮੇਟੀ ਦੀ ਬੈਠਕ ਕੀਤੀ, ਜਿਸ *ਚ ਨਵਜੋਤ ਸਿੰਘ ਸਿੱਧੂ, ਹਰੀਸ਼ ਰਾਵਤ ਅਤੇ ਹੋਰ ਨੇਤਾਵਾਂ ਨੇ ਵੀ ਸ਼ਿਰਕਤ ਕੀਤੀ।
ਕਾਂਗਰਸ ਨੂੰ ਆਪਣਾ ਵੋਟ ਬੈਂਕ ਗੁਆਉਣ ਦਾ ਡਰ ਹੈ
ਪਿਛਲੇ ਦਿਨੀਂ ਕੈਪਟਨ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਟਕਰਾਅ ਦੀ ਸਥਿਤੀ ਕਿਸੇ ਤੋਂ ਲੁਕੀ ਨਹੀਂ ਹੈ। ਨਵਜੋਤ ਸਿੰਘ ਸਿੱਧੂ ਪਹਿਲਾਂ ਕੈਪਟਨ ਦੀ ਕੈਬਨਿਟ *ਚ ਮੰਤਰੀ ਸਨ ਪਰ ਫਿਰ ਅਸਤੀਫਾ ਦੇ ਕੇ ਕੈਪਟਨ ਦੇ ਖਿਲਾਫ ਹੋ ਗਏ। ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਨੂੰ ਕੈਪਟਨ ਕੈਂਪ ਲਈ ਝਟਕਾ ਮੰਨਿਆ ਜਾ ਰਿਹਾ ਹੈ। ਇਸ ਤੋਂ ਬਾਅਦ ਕੈਪਟਨ ਨੇ ਖੁਦ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਅਤੇ 18 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਕਾਂਗਰਸ ਨੇ ਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ। ਪਰ ਕਾਂਗਰਸ ਅਜੇ ਵੀ ਇਸ ਡਰ ਨਾਲ ਸਤਾ ਰਹੀ ਹੈ ਕਿ ਜੇਕਰ ਕਿਸਾਨਾਂ ਅਤੇ ਹੋਰ ਭਾਈਚਾਰਿਆਂ ਦੀਆਂ ਵੋਟਾਂ ਖਿਸਕ ਗਈਆਂ ਤਾਂ ਪਾਰਟੀ ਲਈ ਮੁੜ ਸੱਤਾ ਹਾਸਲ ਕਰਨਾ ਮੁਸ਼ਕਲ ਹੋ ਜਾਵੇਗਾ।
ਕੈਪਟਨ ਭਾਜਪਾ ਨਾਲ ਜਾ ਸਕਦੇ ਹਨ
ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਲੱਭਦੀ ਹੈ ਤਾਂ ਉਹ ਪੰਜਾਬ ਵਿੱਚ ਭਾਜਪਾ ਨਾਲ ਗਠਜੋੜ ਕਰਨਗੇ। ਗੌਰਤਲਬ ਹੈ ਕਿ ਕੈਪਟਨ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ ਹਨ। ਇਸ ਤੋਂ ਪਹਿਲਾਂ ਅਮਿਤ ਸ਼ਾਹ ਅਤੇ ਪੀਐਮ ਦੀ ਮੁਲਾਕਾਤ ਵੀ ਹੋ ਚੁੱਕੀ ਹੈ। ਮੀਡੀਆ ਵਿੱਚ ਇਹ ਵੀ ਚਰਚਾ ਹੈ ਕਿ ਕੈਪਟਨ ਕਿਸਾਨਾਂ ਲਈ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ, ਜੇਕਰ ਕਿਸਾਨਾਂ ਦਾ ਹੱਲ ਲੱਭ ਲਿਆ ਜਾਂਦਾ ਹੈ ਤਾਂ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਪੈਦਾ ਹੋ ਜਾਣਗੇ।
ਨਵਜੋਤ ਸਿੱਧੂ ਨਾਲ ਕੋਈ ਮੀਟਿੰਗ ਨਹੀਂ ਹੋਈ : ਹਿੰਦੂ ਮਹਾਸਭਾ
ਆਲ ਇੰਡੀਆ ਹਿੰਦੂ ਮਹਾਸਭਾ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਹ ਕਹਿ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਿ ਹਿੰਦੂ ਮਹਾਸਭਾ ਉਨ੍ਹਾਂ ਦੇ ਨਾਲ ਹੈ ਅਤੇ ਇਸ ਦੇ ਕੁਝ ਨੁਮਾਇੰਦੇ ਉਨ੍ਹਾਂ ਨੂੰ ਮਿਲੇ ਸਨ। ਮਹਾਸਭਾ ਦੇ ਪ੍ਰਧਾਨ ਰਾਜ ਕੁਮਾਰ ਸ਼ਰਮਾ ਅਤੇ ਰਾਸ਼ਟਰੀ ਬੁਲਾਰੇ ਪੰਕਜ ਸ਼ਰਮਾ ਨੇ ਅੱਜ ਇੱਥੇ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਕਿ ਮਹਾਸਭਾ ਦਾ ਕੋਈ ਵੀ ਨੁਮਾਇੰਦਾ ਕਦੇ ਵੀ ਸਿੱਧੂ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕੁਝ ਲੋਕਾਂ ਨੇ ਸਾਂਝੀ ਹਿੰਦੂ ਮਹਾਸਭਾ ਬਣਾ ਲਈ ਹੈ, ਜਿਸ ਦਾ ਉਸ ਦੀ ਮਹਾਸਭਾ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਇਹ ਲੋਕ ਹਿੰਦੂ ਸਮਾਜ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ