13 ਨਵੰਬਰ ਨੂੰ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿੱਚ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ ਪੈਨਸ਼ਨਰ

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਵਿਚ ਕੀਤਾ ਗਿਆ ਫੈਸਲਾ

ਕੋਟਕਪੂਰਾ (ਸੁਭਾਸ਼ ਸ਼ਰਮਾ)। ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਅਹਿਮ ਮੀਟਿੰਗ ਅੱਜ ਸਥਾਨਕ ਲਾਲਾ ਲਾਜਪਤ ਰਾਏ ਮਿਉੂੰਸਪਲ ਪਾਰਕ ਵਿੱਚ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਰਾਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ, ਸ਼ਾਮ ਲਾਲ ਚਾਵਲਾ, ਸੋਮ ਨਾਥ ਅਰੋੜਾ, ਤਰਸੇਮ ਨਰੂਲਾ ਅਤੇ ਸੁਰਿੰਦਰ ਮਚਾਕੀ ਨੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ‘ਤੇ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਮੰਤਰੀ ਮੰਡਲ ਵੱਲੋਂ ਕੀਤੇ ਗਏ ਫ਼ੈਸਲਿਆਂ ਦੇ ਉਲਟ ਜਾ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਪਾੜਾ ਪਾਉਣ ਵਾਲੇ ਕਈ ਪੱਤਰ ਜਾਰੀ ਕੀਤੇ ਗਏ ਹਨ

ਹੁਣ 13 ਨਵੰਬਰ ਨੂੰ ਬਠਿੰਡਾ ਵਿਖੇ ਹੋ ਰਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਰੈਲੀ ਦੇ ਦਬਾਅ ਹੇਠ 9 ਨਵੰਬਰ 2021 ਨੂੰ ਪੈਨਸ਼ਨਰਾਂ ਨੂੰ ਮੈਡੀਕਲ ਭੱਤਾ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਬੰਧੀ ਪੱਤਰ ਜਾਰੀ ਕੀਤੇ ਗਏ ਹਨ। ਆਗੂਆਂ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਮਹਿੰਗਾਈ ਭੱਤੇ ਦੀ 17 ਫ਼ੀਸਦੀ ਤੋਂ 28 ਫ਼ੀਸਦੀ ਦੀ ਦਰ ਨਾਲ ਮਹੀਨਾ ਨਵੰਬਰ 2021 ਤੋਂ ਜਾਰੀ ਕੀਤੀ ਗਈ ਕਿਸ਼ਤ ਜੁਲਾਈ 2021 ਤੋਂ ਨਾ ਦੇਕੇ ਡੀ ਏ ਨੂੰ ਕੇਂਦਰੀ ਪੈਟਰਨ ਨਾਲੋਂ ਤੋੜਨ ਦੀ ਕੋਝੀ ਸਾਜ਼ਿਸ਼ ਕੀਤੀ ਗਈ।

ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਕਾਰਨ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੋਧੀਆਂ ਗਈਆਂ ਤਨਖਾਹਾਂ, ਪੈਨਸ਼ਨਾਂ ਅਤੇ ਮਹਿੰਗਾਈ ਭੱਤੇ ਦੀਆਂ ਸੋਧੀਆਂ ਦਰਾਂ ਅਨੁਸਾਰ ਮਿਤੀ 1 ਜਨਵਰੀ 2016 ਤੋਂ 30 ਜੂਨ 2021 ਤੱਕ ਦਾ ਬਣਦਾ ਬਕਾਇਆ ਵੀ ਅਸਿੱਧੇ ਢੰਗ ਨਾਲ ਹੜੱਪ ਕਰ ਲਿਆ ਗਿਆ ਹੈ। ਸਾਲ 2011 ਦੌਰਾਨਪੰਜਾਬ ਦੇ ਪੰਜਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਅਧਿਆਪਕਾਂ ਨੂੰ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਵੀ ਖੋਰਾ ਲਗਾ ਦਿੱਤਾ ਹੈ ਕਿ ਜੇਕਰ ਮੁਲਾਜ਼ਮ 2.59 ਦੀ ਆਪਸ਼ਨ ਦੇਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸਾਲ 2011 ਦੌਰਾਨ ਮਿਲੇ ਉਚੇਰੇ ਲਾਭਾਂ ਤੋਂ ਹੱਥ ਧੋਣਾ ਪਵੇਗਾ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰੀ ਪੈਟਰਨ ਅਨੁਸਾਰ 1 ਜਨਵਰੀ 2016 ਤੋਂ ਬਣਦਾ ਮਹਿੰਗਾਈ ਭੱਤਾ 125 ਫ਼ੀਸਦੀ ਮਰਜ਼ ਕੀਤਾ ਜਾਵੇ , ਜਨਵਰੀ 2017 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿੱਤੀ ਗਈ ਅੰਤ੍ਰਿਮ ਰਿਲੀਫ ਦੀ ਕਿਸ਼ਤ ਨੂੰ ਤਨਖਾਹ ਫਿਕਸ਼ੇਸ਼ਣ ਸਮੇਂ ਨਾਲ ਜੋੜਿਆ ਜਾਵੇ ਅਤੇ 1 ਜਨਵਰੀ 2016 ਤੋਂ 30 ਜੂਨ 2021 ਤੱਕ ਸੋਧੀਆ ਤਨਖਾਹਾਂ , ਪੈਨਸ਼ਨਾਂ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਣਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ।

ਮੀਟਿੰਗ ਦੌਰਾਨ ਸਰਵ ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 13 ਨਵੰਬਰ ਨੂੰ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਇਸ ਮੌਕੇ *ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਸੁਖਮੰਦਰ ਸਿੰਘ ਰਾਮਸਰ, ਸੁਖਚੈਨ ਸਿੰਘ ਥਾਂਦੇਵਾਲਾ, ਪ੍ਰਿੰਸੀਪਲ ਉਦੇਸ਼ ਕੁਮਾਰ ਕੱਕੜ, ਵਿਨੋਦ ਕੁਮਾਰ ਲੈਕਚਰਾਰ, ਮੇਜਰ ਸਿੰਘ ਡੀਪੀਈ, ਸੁਖਜਿੰਦਰ ਸਿੰਘ ਸੁਪਰਡੈਂਟ, ਗੇਜ ਰਾਮ ਭੋਰਾ, ਗੁਰਕੀਰਤ ਸਿੰਘ ਪੀਟੀਆਈ, ਜਸਮੇਲ ਸਿੰਘ ਬਰਾੜ ਸੇਵਾ ਮੁਕਤ ਮੁੱਖ ਅਧਿਆਪਕ, ਜੋਗਿੰਦਰ ਸਿੰਘ ਛਾਬੜਾ, ਕੇਵਲ ਕ੍ਰਿਸ਼ਨ ਵਾਟਸ ਤੇ ਪਰਮਿੰਦਰ ਸਿੰਘ ਜਟਾਣਾ ਆਦਿ ਸ਼ਾਮਲ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ