ਪੰਜਾਬ ਵਿਧਾਨ ਸਭਾ ਵਿੱਚ ਬੀਐਸਐਫ਼ ਦਾ ਮਤਾ ਪਾਸ, ਵਧਾਏ ਅਧਿਕਾਰ ਖੇਤਰ ’ਤੇ ਜਾਹਰ ਕੀਤਾ ਰੋਸ

ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਪੇਸ਼ ਕੀਤਾ ਗਿਆ ਮਤਾ, ਅਕਾਲੀ ਅਤੇ ਆਪ ਵਿਧਾਇਕਾਂ ਵੱਲੋਂ ਹੰਗਾਮਾ

  • ਅਕਾਲੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕੀਤਾ ਵਾਕ ਆਊਟ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿਧਾਨ ਸਭਾ ਵਿੱਚ ਬੀਐਸਐਫ਼ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ 50 ਕਿਲੋਮੀਟਰ ਕਰਨ ਦੇ ਵਿਰੋਧ ਵਿੱਚ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਮਤੇ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਪੇਸ਼ ਕੀਤਾ ਗਿਆ ਤਾਂ ਇਸ ਦੌਰਾਨ ਵਿਧਾਨ ਸਭਾ ਦੇ ਅੰਦਰ ਕਾਫ਼ੀ ਜਿਆਦਾ ਹੰਗਾਮਾ ਵੀ ਹੋਇਆ। ਜਿਸ ਦੌਰਾਨ ਅਕਾਲੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਾਕ ਆਊਟ ਕਰਦੇ ਹੋਏ ਵਿਧਾਨ ਸਭਾ ਦੇ ਸਦਨ ਤੋਂ ਬਾਹਰ ਵੀ ਚਲੇ ਗਏ ਸਨ।

ਇਸ ਦੌਰਾਨ ਵਿਧਾਨ ਸਭਾ ਦੇ ਅੰਦਰ ਸੁਖਜਿੰਦਰ ਰੰਧਾਵਾ ਨੇ ਮਤਾ ਪੇਸ਼ ਕਰਦੇ ਹੋਏ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਰਾਜ ਸਰਕਾਰ ਦੀ ਜਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਇਸ ਮੰਤਵ ਲਈ ਪੂਰੀ ਤਰਾਂ ਸਮਰੱਥ ਹੈ। ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ. ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਪੁਲਿਸ ਉਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ।

ਕੇਂਦਰ ਸਰਕਾਰ ਨੂੰ ਐਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਮਜਬੂਤ ਹੈ ਅਤੇ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਇਹ ਭਾਰਤੀ ਸੰਵਿਧਾਨ ਦੇ ਸੰਘੀ ਢਾਂਚੇ ਦੀ ਭਾਵਨਾ ਦੀ ਘੋਰ ਉਲੰਘਣਾ ਹੈ। ਬੀਐਸਐਫ਼ ਦਾ ਅਧਿਕਾਰ ਖੇਤਰ ਵਧਾਉਣਾ ਇੱਕ ਸੌੜੀ ਰਾਜਨੀਤੀ ਹੈ। ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਸਰਬ-ਸੰਮਤੀ ਨਾਲ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਮਿਤੀ 11 ਅਕਤੂੁਬਰ 2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਨੋਟੀਫਿਕੇਸਨ ਨੂੰ ਤੁਰੰਤ ਵਾਪਿਸ ਲਵੇ। ਇਸ ਲਈ, ਪੰਜਾਬ ਵਿਧਾਨ ਸਭਾ ਵੱਲੋਂ ਸਰਬ-ਸੰਮਤੀ ਨਾਲ ਇਸ ਸਬੰਧੀ ਕੇਂਦਰ ਸਰਕਾਰ ਦੀ ਨੋਟੀਫਿਕੇਸਨ ਨੂੰ ਰੱਦ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ