ਉੱਪ ਮੁੱਖ ਮੰਤਰੀ ਰੰਧਾਵਾ ਵੱਲੋਂ ਜ਼ੇਲ੍ਹ ਸੁਧਾਰਾਂ ਲਈ ਅਹਿਮ ਪ੍ਰਾਜੈਕਟਾਂ ਦੀ ਸ਼ੁਰੂਆਤ

Deputy CM Randhawa Sachkahoon

ਬੰਦੀਆਂ ਨੂੰ ਚੰਗੇ ਨਾਗਰਿਕ ਬਣਾਉਣ ਲਈ ‘ਸਿੱਖਿਆ ਦਾਤ’, ‘ਗਲਵਕੜੀ’ ਤੇ ‘ਸਮਾਧਾਨ’ ਅਹਿਮ ਸਾਬਤ ਹੋਣਗੇ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀਆਂ ਲਈ ਸਜਾ ਮੁਆਫ਼ੀ ਦਾ ਫੈਸਲਾ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਜ਼ੇਲ੍ਹਾਂ ’ਚ ਬੰਦੀਆਂ ਨੂੰ ਸੁਧਾਰਨ ਹਿੱਤ ਤਿੰਨ ਅਹਿਮ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਬੰਦੀਆਂ ਲਈ ਸਜਾ ਮੁਆਫ਼ੀ ਦੇਣ ਦਾ ਫੈਸਲਾ ਕੀਤਾ ਹੈ, ਜਿਸ ਨੂੰ ਬਹੁਤ ਜਲਦ ਪ੍ਰਵਾਨਗੀ ਮਿਲ ਜਾਵੇਗੀ।

ਉੱਪ ਮੁੱਖ ਮੰਤਰੀ ਅੱਜ ਪਟਿਆਲਾ ਦੀ ਕੇਂਦਰੀ ਜੇਲ ਵਿਖੇ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਜੇਲਾਂ ਦੇ ਬੰਦੀਆਂ ਨੂੰ ਖੇਡ ਭਾਵਨਾ ਰਾਹੀਂ ਇੱਕ ਚੰਗੇ ਨਾਗਰਿਕ ਬਣਨ ਦਾ ਮੌਕਾ ਪ੍ਰਦਾਨ ਕਰਨ ਲਈ ਕਰਵਾਈਆਂ ਗਈਆਂ ਤੀਜੀਆਂ ‘ਪੰਜਾਬ ਜੇਲ ਉਲੰਪਿਕ-2021’ ਖੇਡਾਂ ਦੀ ਸਮਾਪਤੀ ਮੌਕੇ, ਜੇਤੂ ਬੰਦੀ ਖਿਡਾਰੀਆਂ ਨੂੰ ਸਨਮਾਨਤ ਕਰਨ ਪੁੱਜੇ ਹੋਏ ਸਨ। ਇਨ੍ਹਾਂ ਖੇਡਾਂ ’ਚ ਪਟਿਆਲਾ ਕੇਂਦਰੀ ਜੇਲ ਓਵਰਆਲ ਜੇਤੂ ਰਹੀ।

ਬੰਦੀਆਂ ਨੂੰ ਅਸਲ ਅਰਥਾਂ ’ਚ ਸੁਧਾਰਨ ਲਈ, ਸ਼ੁਰੂ ਕੀਤੇ ਤਿੰਨੇ ਪ੍ਰਾਜੈਕਟਾਂ, ‘ਸਿੱਖਿਆ ਦੀ ਦਾਤ’, ਜਿਸ ’ਚ ਬੰਦੀਆਂ ਨੂੰ ਸਿੱਖਿਅਤ ਕੀਤਾ ਜਾਵੇਗਾ ਸਮੇਤ ‘ਗਲਵਕੜੀ’, ਜਿਸ ਤਹਿਤ ਬੰਦੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਅ ਕੇ ਆਪਣੀ ਜਿੰਦਗੀ ਬਿਹਤਰ ਬਨਾਉਣ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਅਤੇ ‘ਸਮਾਧਾਨ’, ਜਿਸ ਨਾਲ ਬੰਦੀਆਂ ਨੂੰ ਜੇਲ ਪ੍ਰਸ਼ਾਸਨ ਨੂੰ ਹੋਰ ਬਿਹਤਰ ਬਨਾਉਣ ਲਈ ਅਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ 181 ਕਾਲ ਸੈਂਟਰ ’ਤੇ ਫੋਨ ਕਾਲ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।

ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਬੰਦੀਆਂ ਨੂੰ ਹੁਨਰਮੰਦ ਬਨਾਉਣ ਲਈ ਕਪੂਰਥਲਾ ਜੇਲ ਤੋਂ 10 ਦਸੰਬਰ ਤੋਂ ਸਕਿਲ ਡਿਵੈਲਪਮੈਂਟ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾਵੇਗੀ ਜਦਕਿ ਰਾਜ ਦੀਆਂ ਜ਼ੇਲ੍ਹਾਂ ’ਚ ਬੰਦੀਆਂ ਭਲਾਈ ਲਈ ਫੰਡ ਜੁਟਾਉਣ ਲਈ 11 ਜੇਲਾਂ ’ਚ ਪੈਟਰੋਲ ਪੰਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਲਾਂ ਦੇ ਆਧੁਨਿਕੀਕਰਨ ਸਮੇਤ ਬਾਡੀ ਸਕੈਨਿੰਗ ਅਤੇ ਪਰਿਵਾਰਾਂ ਨੂੰ ਫੋਨ ਕਰਨ ਲਈ 15 ਮਿੰਟ ਰੋਜ਼ ਦੇ ਦਿੱਤੇ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਬੰਦੀਆਂ ਦੀ ਚੰਗੀ ਸਿਹਤ ਲਈ ਪੌਸ਼ਟਿਕ ਖਾਣਾ ਮੁਹੱਈਆ ਕਰਵਾਉਣ ਲਈ ਵੇਰਕਾ, ਮਾਰਕਫੈਡ, ਮਿਲਕਫੂਡ, ਮਿਲਕਫੈਡ, ਸੂਗਰਫੈਡ ਦਾ ਸਮਾਨ ਪ੍ਰਦਾਨ ਕੀਤਾ ਜਾ ਰਿਹਾ ਹੈ। ਅੰਮਿ੍ਰਤਸਰ ਜੇਲ ’ਚ ਟਾਈਲ ਫੈਕਟਰੀ ਅਤੇ ਲੁਧਿਆਣਾ ਜੇਲ ਦੀ ਨਮਕੀਨ ਫੈਕਟਰੀ ਵੀ ਚਲਾਈ ਜਾ ਰਹੀ ਹੈ। ਇਸ ਮੌਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਮਦਨ ਲਾਲ ਜਲਾਲਪੁਰ, ਹਰਦਿਆਲ ਸਿੰਘ ਕੰਬੋਜ, ਨਿਰਮਲ ਸਿੰਘ ਸ਼ੁਤਰਾਣਾ ਤੇ ਸ. ਰਾਜਿੰਦਰ ਸਿੰਘ, ਹਰਿੰਦਰਪਾਲ ਸਿੰਘ ਹੈਰੀਮਾਨ, ਪ੍ਰਮੁੱਖ ਸਕੱਤਰ ਜੇਲਾਂ ਡੀ.ਕੇ. ਤਿਵਾੜੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਕੈਪਟਨ ਬਹੁਤੇ ਹੇਠਲੇ ਪੱਧਰ ’ਤੇ ਪੁੱਜ ਗਏ

ਸੁਖਜਿੰਦਰ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਟਿੱਪਣੀ ਕਰਦਿਆ ਆਖਿਆ ਕਿ ਅਫ਼ਸੋਸ ਹੈ ਕਿ ਕੈਪਟਨ, ਖ਼ੁਦ ਕਾਂਗਰਸ ਪ੍ਰਧਾਨ ਹੁੰਦਿਆਂ ਕਦੇ ਪਾਰਟੀ ਦਫ਼ਤਰ ਨਹੀਂ ਗਏ ਤੇ ਮੁੱਖ ਮੰਤਰੀ ਹੁੰਦਿਆਂ ਘਰੋਂ ਨਹੀਂ ਨਿਕਲੇ ਤੇ ਹੁਣ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਅਸਲੀਅਤ ਕੀ ਹੈ, ਜਿਸ ਲਈ ਉਹ ਅੱਜ ਬਹੁਤੇ ਹੇਠਲੇ ਪੱਧਰ ’ਤੇ ਪੁੱਜ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਬੀਜੇ ਕੰਢੇ ਹੀ ਚੁਗ ਰਹੇ ਹਾਂ।

ਓਵਰਆਲ ਜੇਤੂ ਰਹੀ ਪਟਿਆਲਾ ਜੇਲ੍ਹ

ਪੰਜਾਬ ਜ਼ੇਲ੍ਹ ਓਲੰਪਿਕ-2021 ਦੌਰਾਨ ਰੱਸਕੱਸੀ ’ਚ ਪਟਿਆਲਾ ਜੇਲ ਜੇਤੂ ਰਹੀ ਤੇ ਅੰਮਿ੍ਰਤਸਰ ਦੀ ਟੀਮ ਦੂਜੇ ਸਥਾਨ ’ਤੇ ਰਹੀ। ਕਬੱਡੀ ’ਚ ਫਰੀਦਕੋਟ ਜ਼ੇਲ੍ਹ ਪਹਿਲੇ ਤੇ ਅੰਮਿ੍ਰਤਸਰ ਜ਼ੇਲ੍ਹ ਦੂਜੇ ਸਥਾਨ ’ਤੇ ਰਹੀ। ਮਹਿਲਾਵਾਂ ਦੀ 60 ਮੀਟਰ ਰੇਸ ’ਚ ਕਪੂਰਥਲਾ ਜ਼ੇਲ੍ਹ ਦੀ ਉਬੋਪ੍ਰੀਸੀਅਰ, ਫਰੀਦਕੋਟ ਦੀ ਸੀਤਾ ਦੇਵੀ ਦੂਜੇ ਸਥਾਨ ’ਤੇ ਰਹੀ। ਮਰਦਾਂ ਦੀ 100 ਮੀਟਰ ਰੇਸ ’ਚ ਪਟਿਆਲਾ ਜੇਲ ਦੀ ਅਲੈਕ ਪਹਿਲੇ, ਅੰਮਿ੍ਰਤਸਰ ਜੇਲ ਦੀ ਅਸ਼ਵਨੀ ਦੂਜੇ ਥਾਂ ’ਤੇ ਰਹੀ। ਇਸ ਤੋਂ ਇਲਾਵਾ ਲੌਂਗ ਜੰਪ ’ਚ ਅਲੈਕ ਪਹਿਲੇ ਤੇ ਅੰਮਿ੍ਰਤਸਰ ਦੀ ਨਮਨ ਦੂਜੇ ਥਾਂ ’ਤੇ ਰਹੀ, ਵਾਲੀਬਾਲ ’ਚ ਕਪੂਰਥਲਾ ਜੇਲ ਪਹਿਲੇ ਥਾਂ ’ਤੇ ਅਤੇ ਅੰਮਿ੍ਰਤਸਰ ਜੇਲ ਦੂਜੇ ਥਾਂ ’ਤੇ। ਬੈਡਮਿੰਟਨ ’ਚ ਪਟਿਆਲਾ ਜੇਲ ਪਹਿਲੇ ਤੇ ਕਪੂਰਥਲਾ ਜੇਲ ਦੂਜੇ ਥਾਂ ’ਤੇ ਰਹੀ। ਚੈਸ ’ਚ ਪਟਿਆਲਾ ਦੀ ਰਵਦੀਪ ਪਹਿਲੇ ਤੇ ਕਪੂਰਥਲਾ ਜ਼ੇਲ੍ਹ ਦੀ ਸਿਲੇਲ ਦੂਜੇ ਥਾਂ ’ਤੇ ਅਤੇ ਸ਼ਾਟਪੁੱਟ ’ਚ ਨਾਭਾ ਦੀ ਜੌਲੀ ਚਿਖਾ ਪਹਿਲੇ ਤੇ ਅੰਮਿ੍ਰਤਸਰ ਦੀ ਸੁਰਜੀਤ ਕੌਰ ਦੂਜੇ ਸਥਾਨ ’ਤੇ ਰਹੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ