ਪੰਜਾਬ ਰੋਡਵੇਜ, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਕੱਲ੍ਹ ਤੋਂ ਹੜ੍ਹਤਾਲ ’ਤੇ

Contract Workers Strike Sachkahoon

ਪੰਜਾਬ ਰੋਡਵੇਜ, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਕੱਲ੍ਹ ਤੋਂ ਹੜ੍ਹਤਾਲ ’ਤੇ

ਰੈਗੁੂਲਰ ਕਰਨ ਦੀ ਕਰ ਰਹੇ ਨੇ ਮੰਗ, 8 ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਹੋਵੇਗਾ ਘਿਰਾਓ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਰੋਡਵੇਜ, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜ੍ਹਤਾਲ ਕੀਤੀ ਜਾ ਰਹੀ ਹੈ। ਹੜ੍ਹਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਰੈਗੂਲਰ ਕਰਨ ਦੀ ਮੰਗ ਨੂੰ ਲਟਕਾਇਆ ਜਾ ਰਿਹਾ ਹੈ। ਇੱਧਰ ਪੀਆਰਟੀਸੀ ਦੇ ਅਧਿਕਾਰੀਆਂ ਵੱਲੋਂ ਹੜ੍ਹਤਾਲ ਦੇ ਮੱਦੇਨਜਰ ਬਦਲਵੇਂ ਪ੍ਰਬੰਧਾਂ ਦਾ ਦਾਅਵਾ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਪੰਜਾਬ ਰੋਡਵੇਜ, ਪਨਬੱਸ ਅਤੇ ਪੀਆਰਟੀਸੀ ਦੇ ਠੇਕੇ ’ਤੇ ਰੱਖੇ ਕਾਮਿਆਂ ਦੀ ਕੈਬਨਿਟ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨਾਲ ਕਾਫ਼ੀ ਵਾਰ ਮੀਟਿੰਗ ਹੋ ਚੁੱਕੀ ਹੈ, ਪਰ ਉਨ੍ਹਾਂ ਦੀ ਰੈਗੂਲਰ ਵਾਲੀ ਮੰਗ ਸਿਰੇ ਨਹੀਂ ਚੜ੍ਹੀ। ਉਂਜ ਭਾਵੇਂ ਸਰਕਾਰ ਵੱਲੋਂ ਇਨ੍ਹਾਂ ਦੀਆਂ ਤਨਖਾਹਾਂ ਵਿੱਚ ਪਿਛਲੇ ਸਮੇਂ ਦੌਰਾਨ ਵਾਧਾ ਕਰ ਦਿੱਤਾ ਗਿਆ ਸੀ, ਪਰ ਇਹ ਕਾਮੇ ਰੈਗੂਲਰ ਕਰਨ ਦੀ ਮੰਗ ਤੇ ਅੜ੍ਹੇ ਹੋਏ ਹਨ। ਪਤਾ ਲੱਗਾ ਹੈ ਕਿ ਕੱਲ ਨੂੰ 8 ਹਜਾਰ ਦੇ ਕਰੀਬ ਕੱਚੇ ਕਾਮੇ ਹੜ੍ਹਤਾਲ ਤੇ ਜਾ ਰਹੇ ਹਨ ਅਤੇ ਅੱਜ ਇਨ੍ਹਾਂ ਵੱਲੋਂ ਆਪਣੀਆਂ ਬੱਸਾਂ ਮੈਨੇਜਮੈਂਟ ਹਵਾਲੇ ਕਰ ਦਿੱਤੀਆਂ ਗਈਆਂ ਹਨ। ਹੜ੍ਹਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਆਮ ਲੋਕਾਂ ਨੂੰ ਭਾਰੀ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਰੇਸਮ ਸਿੰਘ ਗਿੱਲ, ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ,ਗਰਪ੍ਰੀਤ ਸਿੰਘ ਪੰਨੂ, ਹਰਕੇਸ ਵਿਕੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਨੂੰ ਪੱਕਾ ਨਹੀ ਕੀਤਾ ਜਾ ਰਿਹਾ। ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਪੱਕਾ ਕਰਨ ਦਾ ਭਰੋਸਾ ਦਿੱਤਾ ਫਿਰ 6 ਅਕਤੂਬਰ ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਅਤੇ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆ ਰਹੀ ਹੈ।

ਉਹਨਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜਾਰ ਸਰਕਾਰੀ ਬੱਸਾਂ ਕੀਤੀਆਂ ਜਾਣ ਪਰ ਪੰਜਾਬ ਸਰਕਾਰ ਵੱਲੋਂ ਕੋਈ ਵੀ ਬੱਸ ਸਰਕਾਰੀ ਖਜ਼ਾਨੇ ’ਚੋਂ ਨਹੀਂ ਪਾਈ ਜਾਂਦੀ। ਪਨਬੱਸ ਬੈਂਕਾਂ ਤੋਂ ਕਰਜਾ ਲੈ ਕੇ ਬੱਸਾਂ ਪਾਉਂਦੀ ਹੈ।। ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ ਦੀਆਂ 2407 ਬੱਸਾਂ ਵਿੱਚੋ 399 ਬੱਸਾਂ ਹੀ ਰਹਿ ਗਈਆਂ ਹਨ । ਪੰਜਾਬ ਦੀ ਅਬਾਦੀ 2 ਕਰੋੜ ਹੈ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਫ੍ਰੀ ਸਫਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਮੁਖ ਮੰਤਰੀ ਪੰਜਾਬ ਦੀ ਰਿਹਾਇਸ਼ ਤੇ 8 ਦਸੰਬਰ ਨੂੰ ਰੋਸ ਪ੍ਰਦਰਸਨ ਕਰਨ ਸਮੇਤ ਸਖਤ ਐਕਸਨ ਲਿਆ ਜਾਵੇਗਾ।

ਹੜ੍ਹਤਾਲ ਨੂੰ ਦੇਖਦਿਆਂ ਬਦਲਵੇਂ ਪ੍ਰਬੰਧ ਕੀਤੇ : ਅਧਿਕਾਰੀ

ਇੱਧਰ ਪੀਆਰਟੀਸੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੜ੍ਹਤਾਲ ਨੂੰ ਦੇਖਦਿਆ ਉਨ੍ਹਾਂ ਵੱਲੋਂ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰੈਗੂਲਰ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਛੁੱੱਟੀਆਂ ਦੇ ਗਏ ਮੁਲਾਜ਼ਮਾਂ ਨੂੰ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਵੱਖ ਵੱਖ ਥਾਵਾਂ ਤੇ ਕੰਮ ਕਰਦੇ ਮੁਲਾਜ਼ਮਾਂ ਰਾਹੀਂ ਬੱਸਾਂ ਚਲਵਾਈਆਂ ਜਾਣਗੀਆਂ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ