PRTC ਤੇ PUNBUS ਦੇ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਹੜਤਾਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੱਜ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਸਾਲਾਂ ਤੋਂ ਪੱਕੀ ਨੌਕਰੀ ਲਈ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਅਤੇ ਪਨਬੱਸ ਦੇ ਠੇਕੇ ‘ਤੇ ਰੱਖੇ ਮੁਲਾਜ਼ਮ ਅੱਜ ਹੜਤਾਲ ‘ਤੇ ਹਨ। ਉਨ੍ਹਾਂ ਦੀ ਹੜਤਾਲ ਤੋਂ ਬਾਅਦ ਅੱਜ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਦੇ 27 ਬੱਸ ਅੱਡਿਆਂ ਤੋਂ ਅੱਜ ਬੱਸਾਂ ਨਹੀਂ ਚੱਲਣਗੀਆਂ, ਰਾਤ 12 ਵਜੇ ਹੀ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਸੀ। ਅੱਜ ਪੰਜਾਬ ਹੀ ਨਹੀਂ ਬਲਕਿ ਪੰਜਾਬ ਤੋਂ ਬਾਹਰ ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਪੰਜਾਬ ਰੋਡਵੇਜ਼ ਪਨ ਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਸਰਕਾਰੀ ਬੱਸਾਂ ਦੇ ਮੁਲਾਜ਼ਮ 8 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਹਨ, ਜਦਕਿ ਹੜਤਾਲ ’ਤੇ ਬੈਠੇ ਮੁਲਾਜ਼ਮਾਂ ਵੱਲੋਂ 27 ਡਿਪੂਆਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਸ ਤੋਂ ਬਾਅਦ ਉਹ ਅਗਲੇ ਸੰਘਰਸ਼ ਲਈ ਰੂਪ ਰੇਖਾ ਤਿਆਰ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ