ਗੋਆ ‘ਚ ਪਹਿਲੀ ਭ੍ਰਿਸ਼ਟਾਚਾਰ ਮੁਕਤ ਸਰਕਾਰ ਬਣਾਵਾਂਗੇ: ਕੇਜਰੀਵਾਲ
ਪਣਜੀ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਉਹਨਾਂ ਦੀ ਪਾਰਟੀ ਗੋਆ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਭ੍ਰਿਸ਼ਟਾਚਾਰ ਮੁਕਤ ਸਰਕਾਰ ਬਣਾਏਗੀ।
ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, ‘‘ਇੱਕ ਮਹੀਨੇ ਦੇ ਅੰਦਰ-ਅੰਦਰ ਲੋਕ ਸਰਕਾਰ ਦੇ ਕੰਮਕਾਜ ‘ਚ ਭਾਰੀ ਤਬਦੀਲੀ ਦੇਖਣਗੇ।’’ ਉਹਨਾਂ ਕਿਹਾ ਕਿ ਅਹਿਮ ਸਕਰਾਰੀ ਵਿਭਾਗਾਂ ਨੂੰ ਫੇਸਲੈਸ ਕੀਤਾ ਜਾਵੇਗਾ ਅਤੇ ਸੇਵਾਵਾਂ ਲੋਕਾਂ ਦੇ ਬੂਹੇ ’ਤੇ ਉਪਲਬਧ ਕਰਵਾਈਆਂ ਜਾਣਗੀਆਂ। ਕੇਜਰੀਵਾਲ ਨੇ ਕਿਹਾ ਕਿ ਰਾਜ ਛੱਡ ਚੁੱਕੇ ਉਦਯੋਗਪਤੀਆਂ ਨੂੰ ਵਾਪਸ ਲਿਆਂਦਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਭ੍ਰਿਸ਼ਟਾਚਾਰ ਚੋਣ ਮੁੱਦਾ ਨਹੀਂ ਸੀ, ਪਰ ਹੁਣ ਉਨ੍ਹਾਂ ਦੀ ਪਾਰਟੀ (ਆਪ) ਦੇ ਮੈਦਾਨ ਵਿੱਚ ਆਉਣ ਕਾਰਨ ਅਜਿਹਾ ਹੋਇਆ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੋਰਨਾਂ ਪਾਰਟੀਆਂ ਵਿੱਚ ਵੀ ਕਈ ਚੰਗੇ ਆਗੂ ਹਨ ਪਰ ਉਹ ਘੁਟਣ ਮਹਿਸੂਸ ਕਰ ਰਹੇ ਹਨ। ਉਹਨਾਂ ਅਜਿਹੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੌਕਾ ਮਿਲਿਆ ਤਾਂ ‘ਆਪ’ ਛੇ ਮਹੀਨਿਆਂ ਦੇ ਅੰਦਰ ਅੰਦਰ ਸੂਬੇ ਵਿੱਚ ਮਾਈਨਿੰਗ ਮੁੜ ਸ਼ੁਰੁ ਕਰੇਗੀ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਤ੍ਰਿਣਮੂਲ ਕਾਂਗਰਸ ਕੋਲ ਇੱਕ ਫੀਸਦੀ ਵੀ ਵੋਟ ਸ਼ੇਅਰ ਨਹੀਂ ਹੈ ਅਤੇ ਇਹੀ ਕਾਰਨ ਹੈ ਕਿ ਉਹ ਇਸ ਨੂੰ ਜ਼ਿਆਦਾ ਮਹੱਤਵ ਨਹੀਂ ਦੇ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਚੋਣਾਵੀ ਰਾਜ ਗੋਆ ਦੇ ਦੋ ਦਿਨਾਂ ਦੌਰੇ ’ਤੇ ਹਨ। ਪਾਰਟੀ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 40 ਸੀਟਾਂ ’ਤੇ ਚੋਣ ਲੜੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ