ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਅੱਜ ਆ ਸਕਦਾ ਹੈ ਫੈਸਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼ )। ਨਸ਼ਿਆਂ ਦੇ ਮਾਮਲੇ ਵਿੱਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਵਿੱਚ ਪਹੁੰਚ ਕੀਤੀ ਹੈ। ਮਜੀਠੀਆ ਨੇ ਮੋਹਾਲੀ ਕੋਰਟ ‘ਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਪੰਜਾਬ ਸਰਕਾਰ ਉਸ ਨੂੰ ਸਾਜ਼ਿਸ਼ ਤਹਿਤ ਨਿਸ਼ਾਨਾ ਬਣਾ ਰਹੀ ਹੈ। ਇਸ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਅਦਾਲਤ ਵਿੱਚ ਚੱਲ ਰਹੀ ਸੀ। ਹੁਣ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਹ ਫੈਸਲਾ ਅੱਜ ਸੁਣਾਇਆ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰੀ ਵਕੀਲਾਂ ਨੇ ਮਜੀਠੀਆ ਦੀ ਪਟੀਸ਼ਨ ਦਾ ਵਿਰੋਧ ਕੀਤਾ ਹੈ।
ਮਜੀਠੀਆ ਖਿਲਾਫ ਕੋਈ ਬਦਲਾਖੋਰੀ ਨਹੀਂ, ਕਾਨੂੰਨ ਆਪਣਾ ਰੁਖ ਅਪਣਾ ਰਿਹਾ ਹੈ: ਚੰਨੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨਸ਼ੇ ਦੇ ਸੌਦਾਗਰਾਂ ਨੂੰ ਭੱਜਣ ਨਹੀਂ ਦੇਵੇਗੀ ਅਤੇ ਮਜੀਠੀਆ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂ ਭਗਵੰਤ ਮਾਨ ਵੱਲੋਂ ਬਿਕਰਮ ਮਜੀਠੀਆ ਤੋਂ ਲਿਖਤੀ ਤੌਰ ‘ਤੇ ਮੁਆਫ਼ੀ ਮੰਗਣ ਅਤੇ ਮਜੀਠੀਆ ‘ਤੇ ਲਗਾਏ ਗਏ ਦੋਸ਼ਾਂ ਅਤੇ ਨਸ਼ਾ ਤਸਕਰੀ ਦੇ ਦੋਸ਼ਾਂ ਨੂੰ ਵਾਪਸ ਲੈਣ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਆਗੂਆਂ ਨੂੰ ਹੁਣ ਮਜੀਠੀਆ ਨਾਲ ਆਪਣੇ ਲੁਕਵੇਂ ਗਠਜੋੜ ਲਈ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਭਗੌੜੇ ਅਕਾਲੀ ਆਗੂ ਮਜੀਠੀਆ ਖਿਲਾਫ ਲੁੱਕਆਊਟ ਨੋਟਿਸ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਮਗਰੋਂ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਇਮੀਗ੍ਰੇਸ਼ਨ ਬਿਊਰੋ ਵੱਲੋਂ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਇਕ ਪੁਰਾਣੇ ਮਾਮਲੇ ‘ਚ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਆਧਾਰ ‘ਤੇ ਮਜੀਠੀਆ ਖਿਲਾਫ NDPS ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਪੁਲੀਸ ਕੱਲ੍ਹ ਤੋਂ ਮਜੀਠੀਆ ਦੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀ ਹੈ ਪਰ ਉਹ ਗਾਇਬ ਹੈ।
ਅਕਾਲੀ ਦਲ ਨੇ ਕੀ ਲਾਏ ਇਲਜ਼ਾਮ
ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਾਇਆ ਕਿ ਮਜੀਠੀਆ ਖ਼ਿਲਾਫ਼ ਐਫਆਈਆਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਬਾਅ ਹੇਠ ਦਰਜ ਕੀਤੀ ਗਈ ਹੈ। ਅਕਾਲੀ ਦਲ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਦੇ ਅਧਿਕਾਰੀਆਂ ‘ਤੇ ਬਿਕਰਮ ਸਿੰਘ ਮਜੀਠੀਆ ਅਤੇ ਪਾਰਟੀ ਦੇ ਹੋਰ ਆਗੂਆਂ ਵਿਰੁੱਧ ਕੇਸ ਦਰਜ ਕਰਨ ਲਈ ਲਗਾਤਾਰ ਦਬਾਅ ਬਣਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ