ਕੰਪਿਊਟਰ ਅਧਿਆਪਕਾਂ ਨੇ ਖਰੜ ’ਚ ਲਾਇਆ ਜਾਮ
(ਸੱਚ ਕਹੂੰ ਨਿਊਜ਼) ਖਰੜ। ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਕੰਪਿਊਟਰ ਅਧਿਆਪਕਾਂ ਵੱਲੋਂ ਅੱਜ ਖਰੜ ’ਚ ਸੜਕ ਜਾਮ ਕੀਤੀ ਗਈ। ਕੰਪਿਊਟਰ ਅਧਿਆਪਕ ਯੂਨੀਅਨ ਦੇ ਬੈਨਰ ਹੇਠ ਵੱਡੀ ਗਿਣਤੀ ਪਹੁੰਚੇ ਅਧਿਆਪਕਾਂ ਵੱਲੋਂ ਜਾਮ ਲਗਾਇਆ ਗਿਆ। ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਅਫਸਰਸ਼ਾਹੀ ਵੱਲੋਂ ਉਹਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਦਿਨੋਂ-ਦਿਨ ਕੰਪਿਊਟਰ ਅਧਿਆਪਕਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਅਤੇ ਕੰਪਿਊਟਰ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ । ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿੱਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ ਉਹਨਾਂ ’ਤੇ ਲਾਗੂ ਨਹੀਂ ਕੀਤੇ ਜਾ ਰਹੇ।
ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਰੂਲਜ ਮੁਤਾਬਿਕ ਮਿਲਣ ਵਾਲੇ ਲਾਭਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ ਅਤੇ 6ਵੇਂ ਪੇਅ ਕਮਿਸ਼ਨ ਤੋਂ ਵੀ ਕੰਪਿਊਟਰ ਅਧਿਆਪਕਾਂ ਨੂੰ ਵਾਂਝੇ ਰੱਖਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪਿਛਲੇ 4 ਸਾਲਾਂ ਵਿੱਚ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪ੍ਰੰਤੂ ਹੱਲ ਕਰਨ ਦੀ ਬਜਾਏ ਲਾਰੇ ਲੱਪੇ ਹੀ ਮਿਲੇ ਹਨ। ਇਸੇ ਲੜੀ ਤਹਿਤ ਸਰਕਾਰ ਨਾਲ ਅਣਗਿਣਤ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ, ਮੀਟਿੰਗ ਵਿੱਚ ਸਰਕਾਰ ਨੇ ਮੰਨਿਆ ਹੈ ਕਿ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਉਹਨਾਂ ’ਤੇ ਨਿਯੁਕਤੀ ਪੱਤਰ ਵਿੱਚ ਲਿਖੀਆਂ ਸ਼ਰਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਣਾ ਬਣਦਾ ਹੈ।
ਪਰੰਤੂ ਉਹਨਾਂ ਦੇ ਇਸ ਵਿਸਵਾਸ਼ ਦਿਵਾਉਣ ਤੋਂ ਬਾਅਦ ਵੀ ਪੰਜਾਬ ਸਰਕਾਰ ਮੰਨੀਆਂ ਮੰਗਾਂ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਕੰਪਿਊਟਰ ਅਧਿਆਪਕਾਂ ਦੀ ਮੰਗ ਹੈ ਕਿ ਪੰਜਾਬ ਦੇ ਸਮੂਹ ਕੰਪਿਊਟਰ ਅਧਿਅਪਕਾਂ ਨੂੰ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਮਿਲਣ ਵਾਲੇ ਸਾਰੇ ਲਾਭ ਇੰਨ ਬਿੰਨ ਲਾਗੂ ਕੀਤੇ ਜਾਣ। ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਦੀਆਂ ਹੋਣ ਵਾਲੀਆਂ ਰੈਲੀਆਂ ਵਿੱਚ ਚੰਨੀ ਸਰਕਾਰ ਦਾ ਪੂਰਾ ਜਲੂਸ ਕੱਢਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ