ਮੀਡੀਆ ਸਮਾਜ ਦਾ ਦਰਪਣ ਹੁੰਦਾ ਹੈ : ਐਸ. ਐਸ. ਪੀ. ਚਾਹਲ (S. S. P. Chahal)
(ਅਨਿਲ) ਫਤਿਹਗੜ੍ਹ ਸਾਹਿਬ। ਜ਼ਿਲ੍ਹੇ ਵਿੱਚ ਡਰ ਤੇ ਭੈਅ ਮੁਕਤ ਮਾਹੌਲ ਦੀ ਸਿਰਜਣਾ ਕਰਕੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨੀ ਅਤੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਇਨਸਾਫ ਦਿਵਾਉਣਾ ਜ਼ਿਲ੍ਹਾ ਪੁਲਿਸ ਦੀ ਤਰਜੀਹ ਹੋਵੇਗੀ ਅਤੇ ਟਰੈਫਿਕ ਸਬੰਧੀ ਸਮੱਸਿਆ ਹੱਲ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਨਵਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ (S. S. P. Chahal) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪੁਲਿਸ ਪੂਰੀ ਮੁਸ਼ਤੈਦੀ ਨਾਲ ਕਰੇਗੀ ਕੰਮ
ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਬਿਨਾਂ ਕਿਸੇ ਦਬਾਅ ਤੋਂ ਕੀਤੇ ਜਾਣਗੇ ਅਤੇ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪੁਲਿਸ ਪੂਰੀ ਮੁਸ਼ਤੈਦੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਆਮ ਲੋਕਾਂ ਨਾਲ ਦੋਸਤਾਨਾ ਰਵੱਈਆ ਬਣਾ ਕੇ ਰੱਖਿਆ ਜਾਵੇ। ਉਨ੍ਹਾਂ ਨੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਜ਼ਿਲ੍ਹਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਤੋਂ ਨਸ਼ਿਆਂ ਦੀ ਤਸਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਪੁਲਿਸ ਨੂੰ ਜ਼ਰੂਰ ਦੇਣ।
ਪੁਲਿਸ ਮੁਖੀ (S. S. P. Chahal) ਨੇ ਮੀਡੀਆ ਤੋਂ ਵੀ ਮੰਗਿਆ ਸਹਿਯੋਗ
ਜ਼ਿਲ੍ਹਾ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਪੂਰੇ ਸਮਰਪਣ ਦੀ ਭਾਵਨਾ ਨਾਲ ਕੰਮ ਕੀਤਾ ਜਾਵੇ ਤਾਂ ਜੋ ਸੜਕ ਹਾਦਸਿਆਂ ਵਿੱਚ ਅਜਾਈਂ ਜਾਣ ਵਾਲੀਆਂ ਅਨਮੋਲ ਜਾਨਾਂ ਨੂੰ ਬਚਾਇਆ ਜਾ ਸਕੇ। ਜ਼ਿਲ੍ਹਾ ਪੁਲਿਸ ਮੁਖੀ ਨੇ ਮੀਡੀਆ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਮੀਡੀਆ ਸਮਾਜ ਦਾ ਸ਼ੀਸ਼ਾ ਹੁੰਦਾ ਹੈ ਅਤੇ ਸਮਾਜ ਵਿੱਚੋਂ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਵਿੱਚ ਮੀਡੀਆ ਉਸਾਰੂ ਭੂਮਿਕਾ ਅਦਾ ਕਰੇ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਤੀ ਲੋਕਾਂ ਦੀ ਫੀਡ ਬੈਕ ਉਨ੍ਹਾਂ ਤੱਕ ਪਹੁੰਚਾਉਣ ਵਿੱਚ ਹਾਂ ਪੱਖੀ ਰਵੱਈਆ ਅਪਣਾਉਣ।
ਇਸ ਮੌਕੇ ਜ਼ਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਰਣਬੀਰ ਕੁਮਾਰ ਜੱਜੀ ਅਤੇ ਸ਼੍ਰੋਮਣੀ ਪੱਤਰਕਾਰ ਭੂਸ਼ਨ ਸੂਦ ਦੀ ਅਗਵਾਈ ਵਿਚ ਨਵਨਿਯੁਕਤ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੂੰ ਫੁੱਲਾ ਦਾ ਗੁਲਦਸਤਾਂ ਭੇਂਟ ਕਰਕੇ ਸਵਾਗਤ ਕੀਤਾ ਗਿਆ ਅਤੇ ਭਰੋਸਾ ਦਿੱਤਾ ਗਿਆ ਕਿ ਉਹ ਅਪਰਾਧ ਨੂੰ ਜੜ ਤੋਂ ਸਮਾਪਤ ਕਰਨ ਲਈ ਪੁਲਿਸ ਨੂੰ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਗੁਰਪ੍ਰੀਤ ਸਿੰਘ ਮਹਿਕ, ਜਿਲਾ ਜਨਰਲ ਸਕਤੱਰ ਬਿਕਰਮਜੀਤ ਸਿੰਘ ਸਹੋਤਾ, ਦੀਪਕ ਸੂਦ, ਰੂਪ ਨਰੇਸ਼, ਕਪਿਲ ਕੁਮਾਰ ਬਿੱਟੂ, ਪ੍ਰਵੀਨ ਬੱਤਰਾ, ਅਨਿਲ ਅੱਤਰੀ, ਅਮਰਬੀਰ ਸਿੰਘ ਚੀਮਾ, ਦਰਸ਼ਨ ਸਿੰਘ ਬੌਦਲੀ, ਸਤਨਾਮ ਸਿੰਘ ਮਾਜਰੀ, ਅਕਾਸ਼ ਨਾਗਪਾਲ, ਰਾਜੀਵ ਜੋਨੀ, ਚੰਦਰਪ੍ਰਕਾਸ਼ ਨਾਗਪਾਲ, ਹਰਵਿੰਦਰ ਪੰਡਰਾਲੀ ਅਤੇ ਹੋਰ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ