ਪੰਜਾਬ ‘ਚ ਵੋਟਾਂ ਦੀ ਗਿਣਤੀ ਕੱਲ੍ਹ: ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਡਾ.ਐਸ.ਕਰੁਣਾ ਰਾਜੂ

ਚੋਣ ਕਮਿਸ਼ਨ ਨੇ ਜਿੱਤ ਦਾ ਜਲੂਸ ਕੱਢਣ ‘ਤੇ ਲਗਾਈ ਪਾਬੰਦੀ

  • ਸੁਰੱਖਿਆ ਲਈ ਕੇਂਦਰੀ ਬਲਾਂ ਦੀਆਂ 45 ਕੰਪਨੀਆਂ ਤਾਇਨਾਤ ਹਨ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ 117 ਵਿਧਾਨ ਸਭਾ ਚੋਣ ਹਲਕਿਆਂ ਲਈ 20 ਫਰਵਰੀ, 2022 ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ 10 ਮਾਰਚ, 2022 ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗਾ। (Counting Votes Punjab )

ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਜਿੱਤ ਦੇ ਜਲੂਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ.ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਉਮੀਦਵਾਰ ਜਿੱਤ ਦਾ ਸਰਟੀਫਿਕੇਟ ਲੈਣ ਲਈ ਸਿਰਫ਼ ਦੋ ਸਮਰਥਕਾਂ ਨਾਲ ਆ ਸਕੇਗਾ। ਕਮਿਸ਼ਨ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਐਸਐਸਪੀ ਅਤੇ ਪੁਲੀਸ ਕਮਿਸ਼ਨਰ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਬਲਾਂ ਦੀਆਂ 45 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਰ ਜਗ੍ਹਾ ਤਿੰਨ ਪੱਧਰੀ ਸੁਰੱਖਿਆ ਹੋਵੇਗੀ।

ਡਾ. ਰਾਜੂ ਨੇ ਦੱਸਿਆ ਕਿ ਹਰੇਕ ਗਿਣਤੀ ਕੇਂਦਰ ‘ਤੇ ਮੀਡੀਆ ਦੀ ਸਹੂਲਤ ਲਈ ਮੀਡੀਆ ਸੈਂਟਰ ਸਥਾਪਤ ਕੀਤੇ ਗਏ ਹਨ ਜਿੱਥੇ ਪੱਤਰਕਾਰਾਂ ਨੂੰ ਗਿਣਤੀ ਦੇ ਰਾਊਂਡ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਗਿਣਤੀ ਕੇਂਦਰਾਂ ਵਿੱਚ ਜਾਣ ਲਈ 3562 ਪੱਤਰਕਾਰਾਂ ਨੂੰ ਸ਼ਨਾਖ਼ਤੀ ਪੱਤਰ ਜਾਰੀ ਕੀਤੇ ਗਏ ਹਨ ਜੋ ਕਿ ਰਿਟਰਨਿੰਗ ਅਫ਼ਸਰ ਨਾਲ ਤਾਲਮੇਲ ਕਰਨ ਉਪਰੰਤ ਗਿਣਤੀ ਕੇਂਦਰ ਵਿੱਚ ਮਿੱਥੀ ਹੋਈ ਹੱਦ ਤੱਕ ਜਾ ਸਕਣਗੇ

8 ਹਜ਼ਾਰ ਕਰਮਚਾਰੀ ਗਿਣਤੀ ਕਰਨਗੇ

ਡਾ: ਰਾਜੂ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ 8 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਨੂੰ 4 ਪੜਾਅ ਦੀ ਸਿਖਲਾਈ ਦਿੱਤੀ ਗਈ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਵੀ ਡਰਾਈ ਰਨ ਵੀ ਕਰ ਲਿਆ ਹੈ। ਉਮੀਦਵਾਰਾਂ ਦੇ ਏਜੰਟਾਂ ਨੂੰ ਸ਼ਨਾਖਤੀ ਕਾਰਡ ਤੋਂ ਬਿਨਾਂ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੂੰ ਸੁਰੱਖਿਆ ਦੀ ਪਹਿਲੀ ਪਰਤ ਤੋਂ ਕਾਊਂਟਿੰਗ ਸੈਂਟਰ ਤੱਕ ਪੈਦਲ ਜਾਣਾ ਪਵੇਗਾ। ਇਸ ਤੋਂ ਇਲਾਵਾ ਸਾਰੇ ਕੇਂਦਰਾਂ ਵਿੱਚ ਕਾਰਜਕਾਰੀ ਮੈਜਿਸਟਰੇਟ ਤਾਇਨਾਤ ਕੀਤੇ ਗਏ ਹਨ।

ਹਰੇਕ ਗਿਣਤੀ ਕੇਂਦਰ `ਤੇ 4 ਕਾਉਂਟਿੰਗ ਟੇਬਲ ਸਥਾਪਤ ਹੋਣਗੇ

ਡਾ: ਰਾਜੂ ਨੇ ਦੱਸਿਆ ਕਿ ਹਰੇਕ ਗਿਣਤੀ ਕੇਂਦਰ `ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਧ ਤੋਂ ਵੱਧ 14 ਕਾਉਂਟਿੰਗ ਟੇਬਲ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸਰਵਿਸ ਵੋਟਰਾਂ ਨੂੰ ਜਾਰੀ ਈਟੀਪੀਬੀ ਅਤੇ ਚੋਣ ਡਿਊਟੀ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ ਅਤੇ ਈ.ਸੀ.ਆਈ. ਦੀਆਂ ਹਦਾਇਤਾਂ ਅਨੁਸਾਰ ਪ੍ਰਾਪਤ ਬੈਲਟ ਪੇਪਰਾਂ ਦੀ ਗਿਣਤੀ ਲਈ ਵੱਖਰੇ ਤੌਰ ‘ਤੇ ਟੇਬਲ ਲਗਾਏ ਜਾਣਗੇ।

ਡਾ. ਰਾਜੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਗਿਣਤੀ ਕੇਂਦਰ ਵਿਖੇ ਮੋਬਾਇਲ ਟੈਲੀਫੋਨ/ਆਈ ਪੈਡ, ਲੈਪਟਾਪ ਜਾਂ ਕੋਈ ਵੀ ਹੋਰ ਇਸ ਤਰ੍ਹਾਂ ਦਾ ਬਿਜਲਈ ਯੰਤਰ ਜੋ ਕਿ ਆਵਾਜ਼ ਅਤੇ ਵੀਡੀਓ ਰਿਕਾਰਡ ਕਰ ਸਕਦਾ ਹੋਵੇ, ਨੂੰ ਗਿਣਤੀ ਕੇਂਦਰ ਵਿੱਚ ਲਿਜਾਣ ਦੀ ਮਨਾਹੀ ਹੈ। ਉਨ੍ਹਾਂ ਕਿਹਾ ਕਿ ਇਹ ਮਨਾਹੀ ਹੁਕਮ ਕਮਿਸ਼ਨ ਵੱਲੋਂ ਲਗਾਏ ਗਏ ਆਬਜ਼ਰਵਰ ‘ਤੇ ਲਾਗੂ ਨਹੀਂ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ