ਵੱਡੇ ਰਾਜਨੀਤਕ ਦਿੱਗਜ ਹੋਏ ਚਿੱਤ
ਕੋਟਕਪੂਰਾ (ਸੁਭਾਸ਼ ਸ਼ਰਮਾ)। ਪੰਜਾਬ (Punjab) ਵਿਧਾਨ ਸਭਾ ਦੇ ਚੋਣ ਨਤੀਜਿਆਂ ਤੇ ਟਿੱਪਣੀ ਕਰਦੇ ਹੋਏ ਵੱਖ ਵੱਖ ਮੁਲਾਜ਼ਮ ਤੇ ਪੈਨਸ਼ਨਰ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ , ਮੁਲਾਜ਼ਮ ਤੇ ਪੈਨਸ਼ਨਰ ਪਿਛਲੇ 30 ਸਾਲ ਤੋਂ ਹੁਕਮਰਾਨ ਕਾਂਗਰਸ ਪਾਰਟੀ , ਅਕਾਲੀ-ਭਾਜਪਾ ਗੱਠਜੋੜ ਦੀ ਅਗਵਾਈ ਹੇਠ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਬਹੁਤ ਜ਼ਿਆਦਾ ਪ੍ਰੇਸ਼ਾਨ ਸਨ । ਇਸ ਪਰੇਸ਼ਾਨੀ ਕਰਕੇ ਹੀ ਪੰਜਾਬ ਨੇ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਤਕੜਾ ਸਬਕ ਸਿਖਾਉਂਦੇ ਹੋਏ ਇੱਕ ਨਵਾਂ ਇਤਿਹਾਸ ਸਿਰਜਿਆ ਹੈ ਅਤੇ ਪੰਜਾਬ ਦੇ 3 ਸਾਬਕਾ ਮੁੱਖ ਮੰਤਰੀਆਂ ਅਤੇ ਵੱਡੇ ਵੱਡੇ ਰਾਜਨੀਤਕ ਆਗੂ ਚਿੱਤ ਹੋ ਗਏ ਹਨ ।
ਪੰਜਾਬ ਦੇ 3 ਸਾਬਕਾ ਮੁੱਖ ਮੰਤਰੀਆਂ ਅਤੇ ਵੱਡੇ ਵੱਡੇ ਰਾਜਨੀਤਕ ਆਗੂ ਹਾਰੇ
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪੈਨਸ਼ਨਰ ਯੂਨੀਅਨ ਦੇ ਸੂਬਾਈ ਆਗੂ ਬਲਦੇਵ ਸਿੰਘ ਸਹਿਦੇਵ , ਪ੍ਰੇਮ ਚਾਵਲਾ , ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ , ਸੋਮ ਨਾਥ ਅਰੋੜਾ , ਇਕਬਾਲ ਸਿੰਘ ਮੰਘੇੜਾ ਤੇ ਤਰਸੇਮ ਨਰੂਲਾ , ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ ਤੇ ਜਨਰਲ ਸਕੱਤਰ ਹਰਵਿੰਦਰ ਸ਼ਰਮਾ , ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਤੇ ਜਨਰਲ ਸਕੱਤਰ ਬਲਕਾਰ ਵਲਟੋਹਾ ਨੇ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਕਾਫ਼ੀ ਸਾਲਾਂ ਤੋਂ ਬੇਰੁਜ਼ਗਾਰੀ , ਭ੍ਰਿਸ਼ਟਾਚਾਰ , ਨਸ਼ਿਆਂ , ਵੱਖ ਵੱਖ ਕਿਸਮ ਦੇ ਮਾਫੀਏ ਅਤੇ ਕਈ ਹੋਰ ਸਮੱਸਿਆਵਾਂ ਦਾ ਸੰਤਾਪ ਹੰਢਾ ਰਹੇ ਸਨ । ਆਗੂਆਂ ਨੇ ਕਿਹਾ ਕਿ ਸਾਲ 1992 ਤੋੰ ਬਾਅਦ ਪੰਜਾਬ ਦੀਆਂ ਹੁਕਮਰਾਨ ਸਰਕਾਰਾਂ ਨੇ ਵੱਡੇ ਪੱਧਰ ਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਪੱਕਾ ਰੋਜ਼ਗਾਰ ਨਾ ਦੇ ਕੇ ਅਤੇ ਘੱਟ ਤਨਖਾਹਾਂ ਦੇ ਕੇ ਆਰਥਿਕ ਸ਼ੋਸ਼ਣ ਕੀਤਾ ਜਿਸ ਕਰਕੇ ਨੌਜਵਾਨਾਂ ਦਾ ਰੁਝਾਨ ਭਾਰਤ ਦੇਸ਼ ਵਿੱਚ ਰਹਿਣ ਦੀ ਥਾਂ ਸੱਤ ਸਮੁੰਦਰੋਂ ਪਾਰ ਵਿਦੇਸ਼ਾਂ ਵਿੱਚ ਜਾਣ ਲਈ ਪ੍ਰਫੁੱਲਤ ਹੋਇਆ ।
ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹੁਕਮਰਾਨ ਰਾਜਨੀਤਕ ਲੋਕ ਆਪ ਤਾਂ ਕਈ ਕਈ ਤਨਖ਼ਾਹਾਂ ਤੇ ਪੈਨਸ਼ਨਾਂ ਲੈ ਰਹੇ ਹਨ ਤੇ ਦੂਜੇ ਪਾਸੇ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬੰਦ ਕੀਤੀ ਹੋਈ ਹੈ ਤੇ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਲਾਗੂ ਕੀਤੀ ਹੋਈ ਹੈ । ਆਗੂਆਂ ਨੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਸਾਰੇ ਵਿਧਾਇਕਾਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਪੰਜਾਬ ਵਜੋਂ ਸਹੁੰ ਚੁੱਕਣ ਜਾ ਰਹੇ ਸ. ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਤਿਆਰ ਕੀਤੇ ਗਏ ਚੋਣ ਮੈਨੀਫੈਸਟੋ ਨੂੰ ਜਲਦੀ ਤੋਂ ਜਲਦੀ ਲਾਗੂ ਕਰਕੇ ਪੰਜਾਬ ਦੇ ਲੋਕਾਂ , ਬੇਰੁਜ਼ਗਾਰ ਨੌਜਵਾਨਾਂ , ਮਜ਼ਦੂਰਾਂ , ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਭਰੋਸਾ ਹਾਸਲ ਕਰਨਗੇ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ