ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਨਿਰਵਿਘਨ ਖਰੀਦਣ ਦਾ ਆਦੇਸ਼
- ਇਕ ਅਪਰੈਲ ਨੂੰ ਕਣਕ ਦੀ ਖਰੀਦ ਸ਼ੁਰੂ ਵਾਲੇ ਦਿਨ ਤੋਂ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਹੋਵੇਗੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਣਕ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਕਰਨ ਲਈ ਕੀਤੇ ਗਏ ਠੋਸ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ ਨੇ ਅੱਜ ਹਾੜੀ ਮੰਡੀਕਰਨ (Rabi Marketing) ਸੀਜ਼ਨ ਦੌਰਾਨ ਪੰਜਾਬ ਵਿਚ ਕਣਕ ਖਰੀਦਣ ਲਈ ਅਪ੍ਰੈਲ-2022 ਦੇ ਅੰਤ ਤੱਕ 24,773.11 ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸੇ ਦੌਰਾਨ ਭਗਵੰਤ ਮਾਨ ਨੇ ਸਮੇਂ ਸਿਰ ਸੀ.ਸੀ.ਐਲ. ਜਾਰੀ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਕਿਉਂ ਜੋ ਇਸ ਨਾਲ ਮੌਜੂਦਾ ਹਾੜੀ ਸੀਜ਼ਨ (Rabi Marketing) ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਲਈ 132 ਲੱਖ ਟਨ ਕਣਕ ਦੀ ਖਰੀਦ ਸਬੰਧੀ ਮੰਗੀ ਗਈ ਸੀ.ਸੀ.ਐਲ. ਦਾ ਵੱਡਾ ਹਿੱਸਾ ਕੇਂਦਰੀ ਬੈਂਕ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।
ਭਗਵੰਤ ਮਾਨ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਹੁਕਮ ਦਿੱਤੇ ਕਿ ਬਿਨਾਂ ਕਿਸੇ ਪ੍ਰੇਸ਼ਾਨੀ ਅਤੇ ਦਿੱਕਤ ਤੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇ ਅਤੇ ਇੱਕ ਅਪਰੈਲ ਨੂੰ ਸ਼ੁਰੂ ਹੋਣ ਜਾ ਰਹੀ ਕਣਕ ਦੀ ਖਰੀਦ ਦੇ ਪਹਿਲੇ ਹੀ ਦਿਨ ਤੋਂ ਕਿਸਾਨਾਂ ਨੂੰ ਉਨਾਂ ਦੀ ਫਸਲ ਦੀ ਅਦਾਇਗੀ ਕੀਤੇ ਜਾਣਾ ਵੀ ਯਕੀਨੀ ਬਣਾਇਆ ਜਾਵੇ।
ਦੱਸਣਯੋਗ ਹੈ ਕਿ ਮੌਜੂਦਾ ਹਾੜੀ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਖਰੀਦ ਇਕ ਅਪ੍ਰੈਲ ਤੋਂ ਸ਼ੁਰੂ ਹੋ ਕੇ 31 ਮਈ ਤੱਕ ਖਤਮ ਹੋਵੇਗੀ। ਕੇਂਦਰ ਸਰਕਾਰ ਨੇ ਇਸ ਸਾਲ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਬੀਤੇ ਸਾਲ ਨਾਲੋਂ 40 ਰੁਪਏ ਦਾ ਇਜ਼ਾਫਾ ਕਰਕੇ 2015 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਦਕਿ ਬੀਤੇ ਵਰੇ 1975 ਰੁਪਏ ਪ੍ਰਤੀ ਕੁਇੰਟਲ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ