ਸੰਗਰੂਰ ’ਚ ਪਾਣੀ ਵਾਲੀ ਟੈਂਕੀ ’ਤੇ ਚੜੇ ਬੇਰੁਜ਼ਗਾਰ ਨੌਜਵਾਨ ਮੁੰਡੇ ਕੁੜੀਆਂ
ਗੁਰਪ੍ਰੀਤ ਸਿੰਘ, ਸੰਗਰੂਰ। ਅੱਜ ਸਵੇਰੇ ਸੰਗਰੂਰ ਦੇ ਹਰੀਪੁਰਾ ਰੋਡ ਸਥਿਤ ਪਾਣੀ ਵਾਲੀ ਟੈਂਕੀ ’ਤੇ 7 ਬੇਰੁਜ਼ਗਾਰ ਮੁੰਡੇ ਕੁੜੀਆਂ ਚੜ ਕੇ ‘ਆਪ’ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਲੱਗੇ, ਉਨਾਂ ਦਾ ਦੋਸ਼ ਸੀ ਕਿ ਉਹ ਪੁਲਿਸ ਭਰਤੀ ਦੇ ਸਾਰੇ ਟੈਸਟ ਪਾਸ ਹੋਣ ਦੇ ਬਾਵਜੂਦ ਉਨਾਂ ਨੂੰ ਹਾਲੇ ਤੱਕ ਨੌਕਰੀ ਤੇ ਨਹੀਂ ਰੱਖਿਆ ਗਿਆ। ਇਸ ਤੋਂ ਪਹਿਲਾਂ ਇਨਾਂ ਬੇਰੁਜ਼ਗਾਰ ਨੌਜਵਾਨ ਮੁੰਡੇ ਕੁੜੀਆਂ ਨੇ ਸਥਾਨਕ ਨਾਨਕਿਆਣਾ ਚੌਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਸੀ। ਪਾਣੀ ਵਾਲੀ ਟੈਂਕੀ ’ਤੇ ਟੈਂਕੀ ’ਤੇ ਕੋਲ ਧਰਨੇ ਤੇ ਬੈਠੇ ਨੌਜਵਾਨ ਮੁੰਡੇ ਕੁੜੀਆਂ ਨੇ ਕਿਹਾ ਕਿ ਉਹ 2016 ਤੋਂ ਪੁਲਿਸ ਭਰਤੀ ਦਾ ਟੈਸਟ ਪਾਸ ਕਰ ਚੁੱਕੇ ਹਨ ਪਰ ਹਾਲੇ ਤੱਕ ਉਨਾਂ ਨੂੰ ਨੌਕਰੀ ਤੇ ਨਹੀਂ ਲਾਇਆ ਗਿਆ।
ਉਨਾਂ ਕਿਹਾ ਕਿ ਉਨਾਂ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਉਨਾਂ ਦੀ ਗੱਲਬਾਤ ਨਹੀਂ ਕਰਵਾਈ ਗਈ ਜਿਸ ਕਾਰਨ ਉਨਾਂ ਨੂੰ ਮਜ਼ਬੂਰਨ ਇਹ ਕਦਮ ਚੁੱਕਣਾ ਪਿਆ। ਉਨਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਉਨਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਸਰਕਾਰ ਬਣਨ ਤੇ ਉਨਾਂ ਦਾ ਮਸਲਾ ਹੱਲ ਕਰ ਦਿੱਤਾ ਜਾਵੇਗਾ ਪਰ ਹੁਣ ਇਹ ਸਰਕਾਰ ਵੀ ਉਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ। ਖ਼ਬਰ ਲਿਖੇ ਜਾਣ ਤੱਕ ਹਾਲੇ ਤੱਕ ਕੋਈ ਵੀ ਅਧਿਕਾਰੀ ਉਨਾਂ ਦੀ ਗੱਲ ਸੁਣਨ ਲਈ ਮੌਕੇ ਤੇ ਨਹੀਂ ਪੁੱਜਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ