ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਤੁਰੰਤ ਇਸ ਮਸਲੇ ਵੱਲ ਨਿੱਜੀ ਧਿਆਨ ਦੇਣ
- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਕੀਤੀ ਮੰਗ
ਫਰੀਦਕੋਟ , (ਸੁਭਾਸ਼ ਸ਼ਰਮਾ)। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ 10+2 ਜਮਾਤ ਤੱਕ ਪੜ੍ਹਦੇ ਲੱਖਾਂ ਵਿਦਿਆਰਥੀਆਂ ਦਾ ਵਿੱਦਿਅਕ ਸੈਸ਼ਨ 2022- 23 ਬਿਨਾਂ ਪਾਠ ਪੁਸਤਕਾਂ ਦੇ ਸ਼ੁਰੁੂ ਹੋ ਚੁੱਕਿਆ ਹੈ । ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ 5 ਅਪਰੈਲ ਨੂੰ ਵਿਦਿਆਰਥੀਆਂ ਦੇ ਮਾਪਿਆਂ ਨਾਲ ਮਾਪੇ ਅਧਿਆਪਕ ਮਿਲਣੀ ਕਰਕੇ ਨਾਨ – ਬੋਰਡ ਜਮਾਤਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ ।
ਪਿਛਲੇ ਸਾਲਾਂ ਦੌਰਾਨ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਮੁਹੱਈਆ ਕੀਤੀਆਂ ਜਾਣ ਵਾਲੀਆਂ ਬਹੁਤੀਆਂ ਕਿਤਾਬਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ ਵਿੱਚ ਪਹੁੰਚ ਜਾਂਦੀਆਂ ਰਹੀਆਂ ਸਨ । ਪੰਜਾਬ ਦੇ ਲੋਕਾਂ ਨੂੰ ਇਸ ਗੱਲ ਦੀ ਆਸ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਸਿੱਖਿਆ ਦਾ ਪੱਧਰ ਹੋਰ ਉੱਚਾ ਹੋਵੇਗਾ ਪਰ ਅਫਸੋਸ ਕਿ ਇਸ ਵਾਰ ਵਿਦਿਆਰਥੀਆਂ ਨੂੰ ਸਬੰਧਿਤ ਪਾਠ ਪੁਸਤਕਾਂ ਨਾ ਮਿਲਣ ਕਰਕੇ ਵਿਦਿਆਰਥੀ , ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਦੀ ਲੰਘ ਰਹੇ ਹਨ ।
ਪੈਦਾ ਹੋਈ ਇਸ ਸਥਿਤੀ ਦੇ ਸੰਬੰਧੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ , ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ ਅਤੇ ਪ੍ਰਵੀਨ ਕੁਮਾਰ ਲੁਧਿਆਣਾ , ਵਿੱਤ ਸਕੱਤਰ ਨਵੀਨ ਸੱਚਦੇਵਾ , ਜਨਰਲ ਸਕੱਤਰ ਗੁਰਪ੍ਰੀਤ ਮਾਡ਼ੀ ਮੇਘਾ , ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ , ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ , ਜਨਰਲ ਸਕੱਤਰ ਸੁਖਚੈਨ ਸਿੰਘ ਰਾਮਸਰ ਅਤੇ ਜੱਥੇਬੰਦੀ ਦੇ ਸੂਬਾਈ ਸਲਾਹਕਾਰ ਪ੍ਰੇਮ ਚਾਵਲਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਤੁਰੰਤ ਇਸ ਮਾਮਲੇ ਪ੍ਰਤੀ ਗੰਭੀਰਤਾ ਵਿਖਾਉਂਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਸਾਰੇ ਵਿਦਿਆਰਥੀਆਂ ਕੋਲ ਤੁਰੰਤ ਕਿਤਾਬਾਂ ਪੁੱਜਦੀਆਂ ਕਰਨੀਆਂ ਯਕੀਨੀ ਬਣਾਉਣ।
ਖਾਲੀ ਪਈਆਂ ਅਸਾਮੀਆਂ ’ਤੇ ਤਰੁੰਤ ਭਰਤੀ ਕਰਨ ਦੀ ਵੀ ਮੰਗ
ਇਸ ਤੋਂ ਇਲਾਵਾ ਅਧਿਆਪਕਾਂ ਅਤੇ ਸਾਰੇ ਸਕੂਲ ਮੁਖੀਆਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਤੇ ਤਰੁੰਤ ਭਰਤੀ ਕਰਨ , ਲੰਬੇ ਸਮੇਂ ਤੋਂ ਤਰੱਕੀਆਂ ਦਾ ਇੰਤਜ਼ਾਰ ਕਰ ਰਹੇ ਅਧਿਆਪਕਾਂ ਦੀਆਂ ਬਣਦੀਆਂ ਤਰੱਕੀਆਂ ਕਰਨ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ‘ ਸਾਂਝਾ ਅਧਿਆਪਕ ਮੋਰਚਾ ਪੰਜਾਬ’ ਦੀ ਲੀਡਰਸ਼ਿਪ ਨਾਲ ਤੁਰੰਤ ਮੀਟਿੰਗ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸਬੰਧਤ ਲਮਕ ਅਵਸਥਾ ਵਿੱਚ ਪਏ ਸਾਰੇ ਮਸਲਿਆਂ ਦਾ ਹੱਲ ਕਰਨ । ਅਧਿਆਪਕ ਆਗੂਆਂ ਨੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਬਰਨਾਲਾ ਵੱਲੋਂ ਸਿੱਖਿਆ ਮੰਤਰੀ ਪੰਜਾਬ ਮੀਤ ਹੇਅਰ ਦੀ ਨਿੱਜੀ ਰਿਹਾਇਸ਼ ਦੇ ਨੇਡ਼ੇ ਵੱਡੇ ਪੱਧਰ ਤੇ ਬੈਰੀਕੇਡਿੰਗ ਲਾ ਕੇ ਨਾਕਾਬੰਦੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ।
ਆਗੂਆਂ ਨੇ ਕਿਹਾ ਕਿ ਅਜਿਹਾ ਕੁੱਝ ਤਾਂ ਪਹਿਲੀਆਂ ਸਾਰੀਆਂ ਹੁਕਮਰਾਨ ਰਵਾਇਤੀ ਪਾਰਟੀਆਂ ਕਰਦੀਆਂ ਰਹੀਆਂ ਹਨ ਫਿਰ ਦੂਸਰੀਆਂ ਪਾਰਟੀਆਂ ਨਾਲੋਂ ਆਮ ਆਦਮੀ ਪਾਰਟੀ ਦੇ ਰਾਜ ਪ੍ਰਬੰਧ ਵਿੱਚ ਕੀ ਫ਼ਰਕ ਹੈ ? ਇਸ ਮੌਕੇ ‘ ਤੇ ਅਧਿਆਪਕ ਆਗੂ ਨਰਿੰਦਰ ਨੂਰ ਤਰਨਤਾਰਨ , ਜਸਪਾਲ ਸੰਧੂ ਜਲੰਧਰ ਤੇ ਜਗਦੀਸ਼ ਰਾਏ ਰਾਹੋਂ ਨਵਾਂਸ਼ਹਿਰ ਵੀ ਹਾਜ਼ਰ ਸਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ