ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੱਦੇ ‘ਤੇ ਜਲੰਧਰ ਵਿਖੇ ਜ਼ੋਨਲ ਕਨਵੈਨਸ਼ਨ ’ਚ ਮੁਲਾਜ਼ਮਾਂ ਨੇ ਕੀਤੀ ਮੰਗ
ਜਲੰਧਰ, (ਸੁਭਾਸ਼ ਸ਼ਰਮਾ)। ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮ ਜੋ ਕਿ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਦਾ ਸੰਤਾਪ ਹੰਢਾ ਰਹੇ ਹਨ, ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨਾਲ ਚੋਣ ਵਾਅਦਾ ਕੀਤਾ ਸੀ । ਪੰਜਾਬ ਸਰਕਾਰ ਨੂੰ ਇਹ ਚੋਣ ਵਾਅਦਾ ਯਾਦ ਕਰਵਾਉਣ ਲਈ ‘ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ’ ਦੇ ਸੱਦੇ ‘ਤੇ ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਜ਼ੋਨਲ ਕਨਵੈਨਸ਼ਨ ਕੀਤੀ ਗਈ। ਇਸ ਜ਼ੋਨਲ ਕਨਵੈਨਸ਼ਨ ’ਚ ਜਲੰਧਰ, ਲੁਧਿਆਣਾ , ਹੁਸ਼ਿਆਰਪੁਰ ,ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ’ਚ ਭਾਗ ਲਿਆ ।
ਕਨਵੈਨਸ਼ਨ ਦੇ ਪ੍ਰਧਾਨਗੀ ਮੰਡਲ ਵਿੱਚ ਮੋਰਚੇ ਦੇ ਸੂਬਾਈ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਕੋ ਕਨਵੀਨਰ ਟਹਿਲ ਸਿੰਘ ਸਰਾਭਾ ਤੇ ਰਣਦੀਪ ਸਿੰਘ ਫਤਹਿਗੜ੍ਹ ਸਾਹਿਬ, ਮੀਡੀਆ ਇੰਚਾਰਜ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ, ਕਮਲਜੀਤ ਸਿੰਘ ਰੋਪੜ, ਜਸਵੀਰ ਕੌਰ ਮਾਹੀ ,ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਪ੍ਰਵੀਨ ਕੁਮਾਰ ਲੁਧਿਆਣਾ,ਪਰਮਿੰਦਰ ਪਾਲ ਸਿੰਘ ਕਾਲੀਆ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੂਬਾਈ ਆਗੂ ਚਰਨ ਸਿੰਘ ਸਰਾਭਾ, ਬਲਕਾਰ ਵਲਟੋਹਾ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਆਗੂ ਅਵਤਾਰ ਸਿੰਘ ਤਾਰੀ, ਗੁਰਜੀਤ ਸਿੰਘ ਘੋੜੇਵਾਹ ,ਦਿ ਕਲਾਸ ਫ਼ੋਰਥ ਗੌਰਮਿੰਟ ਇਮਪਲੋਈ ਯੂਨੀਅਨ ਪੰਜਾਬ ਦੇ ਆਗੂ ਵੇਦ ਪ੍ਰਕਾਸ਼, ਸ਼ੁਭਾਸ਼ ਮੱਟੂ ਅਤੇ ਸਿਹਤ ਵਿਭਾਗ ਦੇ ਆਗੂ ਪ੍ਰਭਦੀਪ ਸਿੰਘ ਉੱਪਲ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ-ਅਕਾਲੀ ਗੱਠਜੋੜ ਅਤੇ ਕਾਂਗਰਸ ਪਾਰਟੀ ਦੀਆਂ ਹੁਕਮਰਾਨ ਸਰਕਾਰਾਂ ਨੇ ਸੰਸਾਰ ਬੈੰਕ ਅਤੇ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਜਨਵਰੀ 2004 ਤੋਂ ਪਹਿਲਾਂ ਲਾਗੂ ਪੁਰਾਣੀ ਪੈਨਸ਼ਨ ਸਕੀਮ ਖਤਮ ਕਰਕੇ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ ।
ਜੀਵਨ ਸੈਦੋਵਾਲ , ਆਗੂਆਂ ਨੇ ਦੱਸਿਆ ਕਿ ਪੰਜਾਬ ਦਾ ਐਮ.ਐਲ.ਏ. ਇੱਕ ਵਾਰ ਸਹੁੰ ਚੁੱਕਣ ਤੋਂ ਬਾਅਦ 70000 ਰੁਪਏ ਮਹੀਨਾ ਪੈਨਸ਼ਨ ਦਾ ਹੱਕਦਾਰ ਬਣ ਜਾਂਦਾ ਹੈ ਪਰ ਮੁਲਾਜ਼ਮ 30 ਸਾਲ ਦੀ ਸੇਵਾ ਤੋਂ ਬਾਅਦ ਵੀ ਪ੍ਰਾਈਵੇਟ ਸ਼ੇਅਰ ਕੰਪਨੀਆਂ ਤੋਂ 3000-4000 ਰੁਪਏ ਮਹੀਨਾ ਪੈਨਸ਼ਨ ਪ੍ਰਾਪਤ ਕਰਦਾ ਹੈ, ਜਿਸ ਨਾਲ ਉਸਦਾ ਮਹਿੰਗਾਈ ਤੇ ਬੁਢਾਪੇ ਵਿੱਚ ਗੁਜ਼ਾਰਾ ਕਰਨਾ ਤਾਂ ਦੂਰ ਦੀ ਗੱਲ ਹੈ। ਇਸ ਨਾਲ ਤਾਂ ਦਵਾਈਆਂ ਦਾ ਮੁੱਲ ਵੀ ਪੂਰਾ ਨਹੀਂ ਹੁੰਦਾ। ਇਹ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਹੁਕਮਰਾਨ ਸਰਕਾਰ ਨੇ ਆਪਣੇ ਦੋ ਮਹੀਨਿਆਂ ਦੇ ਕਾਰਜਕਾਲ ਦੌਰਾਨ ਇਹ ਮੰਗ ਪ੍ਰਵਾਨ ਤਾਂ ਕੀ ਕਰਨੀ ਸੀ, ਇੱਕ ਵਾਰ ਵੀ ਮੂੰਹ ਨਹੀਂ ਖੋਲ੍ਹਿਆ ।
ਬੁਲਾਰਿਆਂ ਨੇ ਅਫ਼ਸੋਸ ਜ਼ਾਹਿਰ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੰਮਕਾਇਆ ਹੋਇਆ ਹੈ, ਜਿਨ੍ਹਾਂ ’ਚ ਸਮੂਹ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ ,ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪੈਦਾ ਕੀਤੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਅਨਾਮਲੀ ਕਮੇਟੀ ਦਾ ਗਠਨ ਕਰਨਾ, ਪੰਜਾਬ ਦੀ ਕਾਂਗਰਸ ਪਾਰਟੀ ਵੱਲੋਂ ਰੈਸ਼ਨੇ ਲਾਈਜੇਸ਼ਨ ਦੇ ਨਾਂਅ ’ਤੇ ਮੁਲਾਜ਼ਮਾਂ ਦੇ ਬੰਦ ਕੀਤੇ ਗਏ 37 ਭੱਤਿਆਂ ਨੂੰ ਬਹਾਲ ਕਰਨ ਲਈ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇੀਆਂ ਜਥੇਬੰਦੀਆਂ ਨਾਲ ਇੱਕ ਵਾਰ ਹੀ ਮੀਟਿੰਗ ਕਰਨਾ ਯੋਗ ਨਹੀਂ ਸਮਝਿਆ
ਮੰਗਾਂ ਨਾ ਮੰਨੀਆਂ ਤਾਂ ਸਰਕਾਰ ਖਿਲਾਫ ਵਿੱਢਾਂਗੇ ਸੰਘਰਸ਼
ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਕੁਝ ਸਮੇਂ ਦੌਰਾਨ ਆ ਰਹੇ ਬਜਟ ਸੈਸ਼ਨ ਵਿੱਚ ਜੇਕਰ ਪੁਰਾਣੀ ਪੈਨਸ਼ਨ ਸਕੀਮ ਪੰਜਾਬ ਸਰਕਾਰ ਨੇ ਬਹਾਲ ਨਾ ਕੀਤੀ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਉਹ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਲਈ ਮਜਬੂਰ ਹੋਣਗੇ । ਇਸ ਸਮੇਂ ਉਹਨਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਚੌਥੀ ਜ਼ੋਨਲ ਕਨਵੈਨਸ਼ਨਾਂ 3 ਜੂਨ ਨੂੰ ਫਰੀਦਕੋਟ ਵਿਖੇ ਕੀਤੀ ਜਾਵੇਗੀ ਤੇ ਇਸ ਕਨਵੈਨਸ਼ਨ ਵਿੱਚ ਪੰਜਾਬ ਦੇ ਮੁਲਾਜ਼ਮਾਂ ਦੀ ਇਹ ਮੰਗ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਵਾਸਤੇ ਅਗਲੀ ਰਣਨੀਤੀ ਅਤੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ