ਅਮਨ-ਕਾਨੂੰਨ ਦੀ ਪੂਰੀ ਤਰ੍ਹਾਂ ਨਾਕਾਮੀ ਲਈ ਮਾਨ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring) ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਅਤੇ ਉਨ੍ਹਾਂ ਦੇ ਪਾਰਟੀ ਸਾਥੀ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੀ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਨੇ ਆਪਣੇ ਪਾਰਟੀ ਦੇ ਸਾਥੀ ਅਤੇ ਪ੍ਰਮੁੱਖ ਗਾਇਕ ਦੇ ਵਿਛੋੜੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਿਸ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਨੂੰ ਖਤਰੇ ਦਾ ਅੰਦਾਜਾ ਲਗਾਏ ਬਗੈਰ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਸਿਰਫ਼ ਇੱਕ ਸਿਆਸਤਦਾਨ ਹੀ ਨਹੀਂ ਸਨ, ਸਗੋਂ ਉਹ ਇੱਕ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੇ ਗਾਇਕ ਸਨ, ਜਿਨ੍ਹਾਂ ਨੂੰ ਵਾਧੂ ਸੁਰੱਖਿਆ ਦਿੱਤੀ ਗਈ ਸੀ। ਜਿਸ ਪਿੱਛੇ ਉਨ੍ਹਾਂ ਨੇ ਕਿਸੇ ਡੂੰਘੀ ਸਾਜ਼ਿਸ਼ ਦਾ ਖਦਸ਼ਾ ਪ੍ਰਗਟਾਇਆ ਹੈ।
ਸਾਜ਼ਿਸ਼ ਦਾ ਹਿੱਸਾ ਡੀਜੀਪੀ ਅਤੇ ਐਸਐਸਪੀ ਨੂੰ ਜੇਲ੍ਹ ਵਿੱਚ ਡੱਕਣਾ ਚਾਹੀਦਾ ਹੈ
ਵੜਿੰਗ ਨੇ ਡੀਜੀਪੀ ਅਤੇ ਐਸਐਸਸੀ ਮਾਨਸਾ ਖ਼ਿਲਾਫ਼ ਨਾ ਸਿਰਫ਼ ਸੁਰੱਖਿਆ ਵਿੱਚ ਕੁਤਾਹੀ ਕਰਨ ਸਗੋਂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਲਈ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਨੂੰ ਛੇ ਮਹੀਨੇ ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਇਸ ਸਾਜ਼ਿਸ਼ ਦਾ ਹਿੱਸਾ ਡੀਜੀਪੀ ਅਤੇ ਐਸਐਸਪੀ ਨੂੰ ਜੇਲ੍ਹ ਵਿੱਚ ਡੱਕਣਾ ਚਾਹੀਦਾ ਹੈ।
ਵੜਿੰਗ ਨੇ ਮੂਸੇਵਾਲਾ ਦੇ ਕਤਲ ਪਿੱਛੇ ਕਿਸੇ ਸਾਜ਼ਿਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਮਹਿਜ਼ ਇਤਫ਼ਾਕ ਨਹੀਂ ਹੈ ਕਿ ਦੋ ਦਿਨ ਪਹਿਲਾਂ ਉਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਅਤੇ ਅੱਜ ਦਰਜਨ ਤੋਂ ਵੱਧ ਹਮਲਾਵਰਾਂ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਸੂਬਾ ਕਾਂਗਰਸ ਪ੍ਰਧਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ 100 ਤੋਂ ਵੱਧ ਪੰਜਾਬ ਪੁਲਿਸ ਦੇ ਕਮਾਂਡੋ ਤਾਇਨਾਤ ਕਰਨ ਦੇ ਤਰਕ ‘ਤੇ ਵੀ ਸਵਾਲ ਚੁੱਕੇ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਜ਼ੈੱਡ ਪਲਸ ਸੁਰੱਖਿਆ ਦਿੱਤੀ ਗਈ ਹੈ। ਇਸੇ ਤਰ੍ਹਾਂ ‘ਆਪ’ ਆਗੂਆਂ ਨੂੰ ਵਾਧੂ ਸੁਰੱਖਿਆ ਦਿੱਤੀ ਗਈ ਹੈ। ਜਦੋਂ ਕਿ ਖ਼ਤਰੇ ਵਿੱਚ ਪਏ ਲੋਕਾਂ ਨੂੰ ਸਿੱਧੂ ਮੂਸੇਵਾਲਾ ਵਾਂਗ ਨਿਹੱਥੇ ਛੱਡ ਦਿੱਤਾ ਗਿਆ ਹੈ, ਜਿਸ ਉੱਤੇ ਦਿਨ-ਦਿਹਾੜੇ ਗੋਲੀਆਂ ਚਲਾਈਆਂ ਗਈਆਂ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ ਅਤੇ ਅਪਰਾਧੀ ਸ਼ਰੇਆਮ ਘੁੰਮ ਰਹੇ ਹਨ, ਜਿਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਪੰਜਾਬ ਦੇ ਹਾਲਾਤ ਦਿਨ-ਬ-ਦਿਨ ਵਿਗੜਦੇ ਜਾ ਰਹੇ ਹਨ ਕਿਉਂਕਿ ਸਰਕਾਰ ਨਾ ਸਿਰਫ਼ ਪੂਰੀ ਤਰ੍ਹਾਂ ਨਾਕਾਮਯਾਬ ਹੀ ਨਹੀਂ ਸਗੋਂ ਪੂਰੀ ਤਰ੍ਹਾਂ ਫੇਲ੍ਹ ਵੀ ਸਾਬਤ ਹੋਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ