ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ
ਫਰੀਦਕੋਟ, (ਸੁਭਾਸ਼ ਸ਼ਰਮਾ)। ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲਾ ਫਰੀਦਕੋਟ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ‘ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਭਾਣਾ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਹੋਈ । ਇਸ ਮੀਟਿੰਗ ਵਿੱਚ ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਅਤੇ ਜ਼ਿਲ੍ਹਾ ਆਗੂ ਸਿੰਬਲਜੀਤ ਕੌਰ ਵੀ ਉਚੇਚੇ ਤੌਰ ਤੇ ਸ਼ਾਮਿਲ ਹੋਏ।
ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਰਣ ਸਿੰਘ ਵਾਲਾ ਨੇ ਦੱਸਿਆ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ ਇਸ ਗੱਲ ਦੀ ਬਹੁਤ ਵੱਡੀ ਉਮੀਦ ਸੀ ਕਿ ਆਮ ਆਦਮੀ ਪਾਰਟੀ ਦਾ ਪਲੇਠਾ ਬਜਟ ਮੁਲਾਜ਼ਮਾਂ ਦੀਆਂ ਲੰਮਕ ਅਵਸਥਾ ਵਿਚ ਪਈਆਂ ਮੰਗਾਂ ਨੂੰ ਪੂਰੀਆਂ ਕਰਨ ਲਈ ਖਰਾ ਉਤਰੇਗਾ ਪਰ ਅਫਸੋਸ ਕਿ ਇਸ ਬਜਟ ਵਿਚ ਵਿੱਤ ਮੰਤਰੀ ਪੰਜਾਬ ਨੇ ਆਪਣੇ ਬਜਟ ਭਾਸ਼ਨ ਦੌਰਾਨ ਪਾਰਟੀ ਦੇ ਸੁਪਰੀਮੋ ਪਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਦੇ ਸੋਹਲੇ ਤਾਂ ਕਈ ਵਾਰ ਗਾਏ ਪਰ ਮੁਲਾਜ਼ਮਾਂ ਦੀ ਇੱਕ ਵੀ ਮੰਗ ਪ੍ਰਵਾਨ ਕਰਨ ਸਬੰਧੀ ਆਪਣੇ ਬਜਟ ਭਾਸ਼ਣ ਵਿੱਚ ਕੋਈ ਜ਼ਿਕਰ ਤੱਕ ਕਰਨਾ ਯੋਗ ਨਹੀਂ ਸਮਝਿਆ ਗਿਆ ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, , ਮਹਿੰਗਾਈ ਭੱਤੇ ਦੀਆਂ ਪਿਛਲੀਆਂ ਰਹਿੰਦੀਆਂ ਦੋ ਕਿਸ਼ਤਾਂ ਜਾਰੀ ਕੀਤੀਆਂ ਜਾਣ , ਵੱਖ ਵੱਖ ਵਿਭਾਗਾਂ ਵਿੱਚ ਠੇਕੇਦਾਰੀ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਕਮੇਟੀਆਂ ਦੇ ਚੱਕਰਾਂ ਦਾ ਖਹਿੜਾ ਛੁੜਾਕੇ ਤੁਰੰਤ ਰੈਗੂਲਰ ਕੀਤਾ ਜਾਵੇ , ਆਊਟਸੋਰਸਿੰਗ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਤੁਰੰਤ ਸੰਬੰਧਤ ਵਿਭਾਗਾਂ ਅਧੀਨ ਲੈ ਕੇ ਘੱਟੋ ਘੱਟ ਉਜ਼ਰਤਾਂ ਦਾ ਕਾਨੂੰਨ ਲਾਗੂ ਕੀਤਾ ਜਾਵੇ , ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦਾ ਰਹਿੰਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ ਅਤੇ ਤਨਖਾਹ ਤਰੁੱਟੀਆਂ ਦੂਰ ਕਰਨ ਲਈ ਅਨਾਮਲੀ ਕਮੇਟੀ ਦਾ ਗਠਨ ਕੀਤਾ ਜਾਵੇ,
ਰੈਸ਼ਨਲਾਈਜੇਸ਼ਨ ਦੇ ਨਾਂਅ ’ਤੇ ਬੰਦ ਕੀਤੇ ਗਏ 37 ਭੱਤੇ ਤੁਰੰਤ ਬਹਾਲ ਕੀਤੇ ਜਾਣ
ਕਾਂਗਰਸ ਸਰਕਾਰ ਵੱਲੋਂ ਰੈਸ਼ਨਲਾਈਜੇਸ਼ਨ ਦੇ ਨਾਂਅ ’ਤੇ ਬੰਦ ਕੀਤੇ ਗਏ 37 ਭੱਤੇ ਤੁਰੰਤ ਬਹਾਲ ਕੀਤੇ ਜਾਣ, ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪਤੀ-ਪਤਨੀ ਵਿੱਚੋਂ ਕਿਸੇ ਇੱਕ ਪੈਂਨਸ਼ਨਰ ਨੂੰ ਐਲ .ਟੀ. ਸੀ ਦੇਣ ਸਬੰਧੀ ਅਤੇ ਬਾਰਡਰ ਏਰੀਏ ਸਬੰਧੀ ਜਾਰੀ ਕੀਤੇ ਗਏ ਮੁਲਾਜ਼ਮ ਵਿਰੋਧੀ ਪੱਤਰ ਤੁਰੰਤ ਵਾਪਸ ਲਏ ਜਾਣ, ਚੋਣ ਵਾਅਦੇ ਅਨੁਸਾਰ ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ , ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ ਅਤੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਤੁਰੰਤ ਪੂਰੇ ਕੀਤੇ ਜਾਣ । ਇਸ ਮੌਕੇ’ ਤੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਰਮੇਸ਼ ਢੈਪਈ , ਰਾਜਿੰਦਰਪਾਲ ਸਿੰਘ , ਹਰਬੰਸ ਲਾਲ ਫੂਡ ਸਪਲਾਈ ਵਿਭਾਗ ,ਰਾਜਵਿੰਦਰ ਸਿੰਘ ਵੇਅਰ ਹਾਊਸ , ਅਮਰਜੀਤ ਸਿੰਘ , ਤਜਿੰਦਰ ਸਿੰਘ , ਬ੍ਰਿਜਿੰਦਰਾ ਕਾਲਜ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ , ਰਵੀ ਕੁਮਾਰ ਤੇ ਪਰਮਜੀਤ ਸਿੰਘ ਪੰਮਾ ਆਦਿ ਸ਼ਾਮਲ ਸਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ।