ਦਿਵਿਆਂਗ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਲਿਆ ਫੈਸਲਾ
- ਸਿੰਗਲ ਵਿੰਡੋ ਪਲੇਟਫਾਰਮ ਵਜੋਂ ਕੰਮ ਕਰੇਗਾ ਸੈੱਲ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸਮਰਪਿਤ ਤੌਰ ਉਤੇ ਦਿਵਿਆਂਗ ਸੈੱਲ ਕਾਇਮ ਕਰਨ ਦੇ ਹੁਕਮ ਦਿੱਤੇ ਹਨ। ਇਹ ਜਾਣਕਾਰੀ ਵਿਸਥਾਰ ਵਿਚ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮਰਪਿਤ ਸੈੱਲ ਦੇ ਗਠਨ ਨੂੰ ਲੈ ਕੇ ਸਮਾਜ ਦੇ ਇਸ ਵਰਗ ਦੀ ਚਿਰੋਕਣੀ ਮੰਗ ਸੀ। ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਉਨਾਂ ਦੀ ਭਲਾਈ ਲਈ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਸਨ। ਇਸੇ ਤਰਾਂ ਭਗਵੰਤ ਮਾਨ ਨੇ ਕਿਹਾ ਕਿ ਬਹੁਤੀ ਵਾਰ ਇਨਾਂ ਲੋਕਾਂ ਨੂੰ ਆਪਣੇ ਕੰਮ ਲਈ ਇਧਰ-ਉਧਰ ਭਟਕਣਾ ਪੈਂਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਰਪਿਤ ਸੈੱਲ ਦਿਵਿਆਂਗ ਵਿਅਕਤੀਆਂ ਲਈ ਸਿੰਗਲ ਵਿੰਡੋ ਪਲੇਟਫਾਰਮ ਵਜੋਂ ਕੰਮ ਕਰੇਗਾ ਤਾਂ ਕਿ ਉਹ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸੇ ਤਰਾਂ ਮੁੱਖ ਮੰਤਰੀ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਇਸ ਸੈੱਲ ਬਾਰੇ ਆਪਣੀ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹਨ ਅਤੇ ਇਸ ਦੇ ਕੰਮਕਾਜ ਨੂੰ ਹੋਰ ਕਾਰਗਰ ਬਣਾਉਣ ਲਈ ਆਪਣੇ ਸੁਝਾਅ ਵੀ ਦੇ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਮਾਜ ਦੇ ਇਸ ਵਰਗ ਦੇ ਲੋਕ ਆਪਣਾ ਜੀਵਨ ਮਾਣ-ਸਤਿਕਾਰ ਨਾਲ ਬਸਰ ਕਰਨ ਦੇ ਯੋਗ ਹੋਣਗੇ।
ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਕਈ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਉਨਾਂ ਦੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਸਾਰੀਆਂ ਭਲਾਈ ਸਕੀਮ ਦਾ ਲਾਭ ਸਮਾਂਬੱਧ ਢੰਗ ਨਾਲ ਲੋੜਵੰਦ ਅਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਅਣਥੱਕ ਕਾਰਜ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ