ਆੜਤੀਆ ਵਰਗ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ ਦੀ ਹੱਡੀ
- ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਆੜਤੀਆ ਐਸੋਸੀਏਸ਼ਨ ਨਾਲ ਮੁਲਾਕਾਤ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ਅਤੇ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਠੋਸ ਹੱਲ ਕੱਢਿਆ ਜਾਵੇ। ਇਹ ਵਿਚਾਰ ਅੱਜ ਸਥਾਨਕ ਪੰਜਾਬ ਭਵਨ ਵਿਖੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਫੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਆਫ ਪੰਜਾਬ ਦੇ ਇੱਕ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕੀਤੇ।
ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਆੜਤੀਆ ਵਰਗ ਦੀ ਹਰ ਪੱਖੋਂ ਮਦਦ ਕਰਨ ਅਤੇ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਕਿਉਂ ਜੋ ਇਹ ਵਰਗ ਕਿਸਾਨੀ ਨਾਲ ਜੁੜਿਆ ਹੋਇਆ ਹੈ ਜੋ ਕਿ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ ਦੀ ਹੱਡੀ ਹੈ। ਇਸ ਮੌਕੇ ਮੰਤਰੀ ਨੇ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਆਉਂਦੇ ਅਕਤੂਬਰ ਮਹੀਨੇ ਦੌਰਾਨ ਆਰੰਭ ਹੋਣ ਵਾਲੇ ਸਾਉਣੀ ਦੇ ਮੰਡੀਕਰਨ ਸੀਜ਼ਨ ਸਬੰਧੀ ਸਰਕਾਰ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਹਨ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਰਗ ਖਾਸ ਕਰਕੇ ਆੜਤੀਆਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਇਸ ਮੌਕੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦੇ ਹਰੇਕ ਦਾਣੇ ਦੀ ਐਮ.ਐਸ.ਪੀ. ਉੱਤੇ ਖਰੀਦ ਲਈ ਵਚਨਬੱਧ ਹੈ।
ਉਨਾਂ ਅਗਾਂਹ ਜਾਣਕਾਰੀ ਦਿੱਤੀ ਕਿ ਮੰਡੀਆਂ ਵਿੱਚ ਫ਼ਸਲ ਲਿਆਉਣ ਵਾਲੇ ਵਾਹਨਾਂ ਵਿੱਚ ਇੱਕ ਟਰੈਕਿੰਗ ਸਿਸਟਮ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਕੋਈ ਬਾਹਰਲੀਆਂ ਮੰਡੀਆਂ ਤੋਂ ਆ ਕੇ ਸੂਬੇ ਵਿੱਚ ਆਪਣੀ ਫ਼ਸਲ ਨਾ ਵੇਚ ਸਕੇ। ਸ੍ਰੀ ਕਟਾਰੂਚੱਕ ਨੇ ਆੜਤੀਆ ਐਸੋਸੀਏਸ਼ਨ ਵੱਲੋਂ ਖੁਦ ਨੂੰ ਈ.ਪੀ.ਐਫ. ਦੇ ਦਾਇਰੇ ਤੋਂ ਬਾਹਰ ਰੱਖੇ ਜਾਣ, ਐਫ.ਸੀ.ਆਈ. ਕੋਲ ਖੜੇ 28 ਕਰੋੜ ਰੁਪਏ ਦੇ ਬਕਾਏ ਅਦਾ ਕਰਨ ਅਤੇ ਰਿਲੀਜ਼ ਆਰਡਰ (ਆਰ.ਓ.) ਪ੍ਰਣਾਲੀ ਵਿੱਚ ਸੁਧਾਰ ਕੀਤੇ ਜਾਣ ਸਬੰਧੀ ਮੰਗਾਂ ਉੱਤੇ ਪੂਰਨ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਣਸ਼ਿਆਮ ਥੋਰੀ, ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ, ਐਫ.ਸੀ.ਆਈ. ਦੇ ਜੀ.ਐਮ. ਹੇਮੰਤ ਕੁਮਾਰ ਜੈਨ ਅਤੇ ਐਸੋਸੀਏਸ਼ਨ ਪ੍ਰਧਾਨ ਵਿਜੈ ਕਾਲੜਾ ਵੀ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ